ਸ਼੍ਰੋਮਣੀ ਕਮੇਟੀ ਪਿੰਡਾਂ ਵਿੱਚ ਲਾਵੇਗੀ ਗੁਰਮਤਿ ਕੈਂਪ
ਨਿੱਜੀ ਪੱਤਰ ਪ੍ਰੇਰਕ
ਬਟਾਲਾ, 9 ਜੂਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਬਟਾਲਾ ਦੇ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ ਨੇ ਦੱਸਿਆ ਕਿ ਹਲਕੇ ਦੇ ਵੱਖ ਵੱਖ ਪਿੰਡਾਂ ਵਿੱਚ ਬੱਚਿਆਂ ਦੇ ਗੁਰਮਤਿ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕੈਂਪਾਂ ਦੀ ਰੂਪ ਰੇਖਾ ਉਲੀਕਣ ਲਈ ਅੱਜ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ, ਢਾਡੀ ਅਤੇ ਕਵੀਸ਼ਰੀ ਜਥੇ ਸਮੇਤ ਵੱਖ ਵੱਖ ਨਗਰਾਂ ਦੇ ਗ੍ਰੰਥੀ ਸਿੰਘਾਂ ਅਤੇ ਮੋਹਤਬਰਾਂ ਨਾਲ ਮੀਟਿੰਗ ਕੀਤੀ। ਜਥੇਦਾਰ ਨੇ ਦੱਸਿਆ ਕਿ ਗੁਰਮਤਿ ਕੈਂਪ ਲਗਾਉਣੇ ਸਮੇਂ ਦੀ ਅਹਿਮ ਲੋੜ ਹੈ। ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਗੁਰਮਤਿ ਸਮਰ ਕੈਂਪ ਲਗਾਉਣ ਲਈ ਸਹਿਯੋਗ ਦੇਣ। ਇਸ ਗੁਰਮਤਿ ਸਮਰ ਕੈਂਪ ਵਿੱਚ ਬੱਚਿਆਂ ਨੂੰ ਸਿੱਖ ਇਤਿਹਾਸ ਦੀ ਮੁੱਢਲੀ ਸਿੱਖਿਆ, ਗੁਰਬਾਣੀ ਅਤੇ ਰਹਿਤ ਮਰਿਆਦਾ ਦੀ ਜਾਣਕਾਰੀ ਦਿੱਤੀ ਜਾਵੇਗੀ। ਕੈਂਪ ਵਿੱਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਕਮੇਟੀ ਵੱਲੋਂ ਧਾਰਮਿਕ ਪੁਸਤਕਾਂ, ਮੈਡਲ ਤੇ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ।