ਗੋਲੀਬਾਰੀ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ
ਪੱਤਰ ਪ੍ਰੇਰਕ
ਜਲੰਧਰ, 27 ਅਗਸਤ
ਸ਼ੁੱਕਰਵਾਰ ਦੇਰ ਰਾਤ ਸਤਵਾ ਬਾਰ ਅਤੇ ਲੌਂਜ ਵਿੱਚ ਗੋਲੀਬਾਰੀ ਦੀ ਘਟਨਾ ਵਾਪਰਨ ਦੀਆਂ ਰਿਪੋਰਟਾਂ ਦਾ ਨੋਟਿਸ ਲੈਂਦਿਆਂ ਪੁਲੀਸ ਨੇ ਇਸ ਮਾਮਲੇ ਵਿੱਚ ਸ਼ਾਮਲ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਪਾਰਸ ਮਲਹੋਤਰਾ ਵਜੋਂ ਹੋਈ ਹੈ। ਵਾਰਦਾਤ ਵਿਚ ਵਰਤੀ ਗਈ ਲਾਇਸੈਂਸੀ ਪਿਸਤੌਲ ਵੀ ਬਰਾਮਦ ਕਰ ਲਈ ਗਈ ਹੈ, ਇਸ ਤੋਂ ਇਲਾਵਾ ਪੁਲੀਸ ਨੇ ਤਿੰਨ ਖਾਲੀ ਅਤੇ 22 ਜਿ਼ੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਏਡੀਸੀਪੀ 2 ਆਦਿਤਿਆ ਨੇ ਦੱਸਿਆ ਕਿ ਕੰਟਰੋਲ ਰੂਮ ਨੂੰ ਸ਼ਹਿਰ ਦੇ ਇੱਕ ਹਸਪਤਾਲ ਤੋਂ ਗੋਲੀ ਲੱਗਣ ਨਾਲ ਜ਼ਖਮੀ ਹੋਏ ਇੱਕ ਮਰੀਜ਼ ਨੂੰ ਦਾਖਲ ਕਰਨ ਦੀ ਸੂਚਨਾ ਮਿਲੀ ਸੀ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਪੁਲੀਸ ਪਾਰਟੀ ਨੇ ਹਸਪਤਾਲ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਜਾਂਚ ਦੌਰਾਨ ਪਤਾ ਲੱਗਾ ਕਿ ਪਾਰਸ ਅਤੇ ਉਸ ਦੇ ਦੋਸਤ ਅਰਸ਼ਦੀਪ ਵਿਚਕਾਰ ਸਤਵਾ ਕਲੱਬ ਵਿੱਚ ਮਾਮੂਲੀ ਝਗੜਾ ਹੋਇਆ ਸੀ। ਇਸ ਝਗੜੇ ਕਾਰਨ ਗੋਲੀ ਚੱਲੀ, ਜਿਸ ਵਿੱਚ ਅਰਸ਼ਦੀਪ ਜ਼ਖ਼ਮੀ ਹੋ ਗਿਆ। ਹਾਲਾਂਕਿ, ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਝਗੜੇ ਦੇ ਪਿੱਛੇ ਕੀ ਕਾਰਨ ਸੀ। ਏਡੀਸੀਪੀ ਨੇ ਕਿਹਾ ਕਿ ਹੰਗਾਮਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਲਾਇਸੈਂਸਸ਼ੁਦਾ ਪਿਸਤੌਲ ਬਰਾਮਦ ਕਰ ਲਿਆ ਗਿਆ ਹੈ, ਅਤੇ ੋਸ਼ੀ ਦਾ ਲਾਇਸੈਂਸ ਵੀ ਰੱਦ ਕਰ ਦਿੱਤਾ ਜਾਵੇਗਾ। ਪੁਲੀਸ ਨੂੰ ਇਸ ਮਾਮਲੇ ’ਚ ਪੀੜਤ ਦੀ ਸ਼ਿਕਾਇਤ ਨਹੀਂ ਮਿਲੀ ਹੈ, ਪਰ ਇਸ ਘਟਨਾ ਦਾ ਖੁਦ ਨੋਟਿਸ ਲੈਂਦਿਆਂ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।