For the best experience, open
https://m.punjabitribuneonline.com
on your mobile browser.
Advertisement

ਸਿੱਖ ਕੌਮ ਅਕਾਲ ਤਖ਼ਤ ਦੀ ਅਗਵਾਈ ਹੇਠ ਮਜ਼ਬੂਤ ਹੋਵੇ: ਗਿਆਨੀ ਰਘਬੀਰ ਸਿੰਘ

07:42 AM Jun 01, 2024 IST
ਸਿੱਖ ਕੌਮ ਅਕਾਲ ਤਖ਼ਤ ਦੀ ਅਗਵਾਈ ਹੇਠ ਮਜ਼ਬੂਤ ਹੋਵੇ  ਗਿਆਨੀ ਰਘਬੀਰ ਸਿੰਘ
ਸ੍ਰੀ ਅਕਾਲ ਤਖ਼ਤ ਵਿਖੇ ਸੰਗਤ ਨੂੰ ਸੰਬੋਧਨ ਕਰਦੇ ਹੋਏ ਜਥੇਦਾਰ ਗਿਆਨੀ ਰਘਬੀਰ ਸਿੰਘ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 31 ਮਈ
ਛੇਵੇਂ ਪਾਤਸ਼ਾਹ ਗੁਰੂ ਹਰਿਗੋਬਿੰਦ ਸਾਹਿਬ ਦਾ ਗੁਰਤਾਗੱਦੀ ਦਿਵਸ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌਅ ਸਜਾਏ ਗਏ। ਇਸ ਮੌਕੇ ਸਿੱਖ ਕੌਮ ਨੂੰ ਸ੍ਰੀ ਅਕਾਲ ਤਖ਼ਤ ਦੀ ਅਗਵਾਈ ਹੇਠ ਮਜ਼ਬੂਤ ਹੋਣ ਦਾ ਸੱਦਾ ਦਿੱਤਾ ਗਿਆ। ਸਖ਼ਤ ਗਰਮੀ ਦੇ ਬਾਵਜੂਦ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸੰਗਤ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਵਿਖੇ ਨਤਮਸਤਕ ਹੋਈ। ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਤਾਗੱਦੀ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਸ੍ਰੀ ਅਕਾਲ ਤਖ਼ਤ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੇ ਹੁਕਮਨਾਮਾ ਸਰਵਣ ਕਰਵਾਇਆ। ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਗਤ ਨੂੰ ਮੀਰੀ ਪੀਰੀ ਦੇ ਮਾਲਕ ਛੇਵੇਂ ਗੁਰੂ ਦੇ ਗੁਰਤਾਗੱਦੀ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਿੱਖਾਂ ਦਾ ਸ਼ਕਤੀ ਸੋਮਾ ਹੈ ਤੇ ਇਸ ਦੀ ਅਗਵਾਈ ਵਿੱਚ ਸਿੱਖ ਪੰਥ ਨੇ ਵੱਡੀਆਂ-ਵੱਡੀਆਂ ਸ਼ਕਤੀਆਂ ਦਾ ਮੁਕਾਬਲਾ ਕੀਤਾ ਹੈ। ਉਨ੍ਹਾਂ ਕਿਹਾ, ‘‘ਅੱਜ ਹਰ ਸਿੱਖ ਦਾ ਫ਼ਰਜ਼ ਹੈ ਕਿ ਕੌਮੀ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ-ਛਾਇਆ ਹੇਠ ਕੌਮੀ ਸ਼ਕਤੀ ਨੂੰ ਮਜ਼ਬੂਤ ਕਰੇ। ਗੁਰੂ ਸਾਹਿਬ ਨੇ ‘ਮੀਰੀ’ ਦੀ ਤਾਕਤ ਦੇ ਨਾਲ ਦੁਨਿਆਵੀ ਹੁਕਮਰਾਨਾਂ ਵੱਲੋਂ ਹੁੰਦੇ ਜ਼ੁਲਮਾਂ ਨੂੰ ਠੱਲ੍ਹਿਆ ਅਤੇ ਸ਼ਬਦ ਦੀ ਤਾਕਤ ਨਾਲ ਮਾਨੁੱਖਤਾ ਨੂੰ ਪਰਮਾਤਮਾ ਨਾਲ ਜੋੜਿਆ।’’ ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਗੱਦੀ ਦਿਵਸ ਮੌਕੇ ਸੰਗਤ ਨੂੰ ਵਧਾਈ ਦਿੱਤੀ ਤੇ ਸਮੁੱਚੀ ਕੌਮ ਨੂੰ ਬਾਣੀ ਬਾਣੇ ਦੇ ਧਾਰਨੀ ਹੋਣ ਲਈ ਪ੍ਰੇਰਿਤ ਵੀ ਕੀਤਾ।

Advertisement

ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਮੰਗੀ

ਅੰਮ੍ਰਿਤਸਰ (ਟਨਸ): ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਬੰਬਾਂ ਵਿੱਚ ਗੁਟਕਾ ਸਾਹਿਬ ਤੇ ਸਮਰਾਲਾ ਨੇੜਲੇ ਪਿੰਡ ਢਿੱਲਵਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੀ ਬੇਅਦਬੀ ਦੀਆਂ ਘਟਨਾਵਾਂ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਲੁਧਿਆਣਾ ਜ਼ਿਲ੍ਹੇ ਵਿੱਚ ਬੇਅਦਬੀ ਦੀਆਂ ਦੋਵੇਂ ਘਟਨਾਵਾਂ ਦੇ ਮੁਲਜ਼ਮ ਫੜੇ ਗਏ ਹਨ ਤੇ ਹੁਣ ਪੁਲੀਸ ਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਮੁਲਜ਼ਮਾਂ ਤੋਂ ਪੁੱਛ-ਪੜਤਾਲ ਕਰਕੇ ਸਾਜ਼ਿਸ਼ਘਾੜਿਆਂ ਨੂੰ ਵੀ ਸਾਹਮਣੇ ਲਿਆਵੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਿੰਡ ਢਿੱਲਵਾਂ ’ਚ ਪਾਵਨ ਸਰੂਪ ਦੀ ਬੇਅਦਬੀ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤੇ ਘਟਨਾ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।

Advertisement
Author Image

joginder kumar

View all posts

Advertisement
Advertisement
×