ਸ਼ਹੀਦੀ ਪੰਦਰਵਾੜੇ ਦੌਰਾਨ ਘਰਾਂ ’ਚ ਖੁਸ਼ੀ ਦੇ ਸਮਾਗਮ ਨਾ ਕਰੇ ਸਿੱਖ ਕੌਮ: ਗਿਆਨੀ ਰਘਬੀਰ ਸਿੰਘ
ਡਾ.ਹਿਮਾਂਸ਼ੂ ਸੂਦ
ਫ਼ਤਹਿਗੜ੍ਹ ਸਾਹਿਬ, 10 ਦਸੰਬਰ
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਉਹ ਸ਼ਹੀਦੀ ਪੰਦਰਵਾੜੇ ਦੌਰਾਨ ਘਰਾਂ ਵਿਚ ਖੁਸ਼ੀ ਦੇ ਸਮਾਗਮ ਨਾ ਕਰਨ ਅਤੇ ਸ਼ਹੀਦੀ ਸਭਾ ਦੇ ਸਮਾਗਮਾਂ ਵਿਚ ਸਾਦੇ ਰੂਪ ਵਿਚ ਸ਼ਾਮਲ ਹੋਣ। ਉਨ੍ਹਾਂ ਅੱਜ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਗੁੰਬਦ ’ਤੇ ਸੋਨੇ ਦੀ ਪਰਤ ਚੜ੍ਹਾਉਣ ਦੀ ਸੇਵਾ ਮੌਕੇ ਅਰਦਾਸ ਸਮਾਗਮ ਵਿਚ ਸ਼ਾਮਲ ਹੋਣ ਉਪਰੰਤ ਕਿਹਾ ਕਿ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਦੇ ਪਰਿਵਾਰ ਦੀ ਲਾਸਾਨੀ ਕੁਰਬਾਨੀ ਦੀ ਦੁਨੀਆਂ ਦੇ ਕਿਸੇ ਵੀ ਧਰਮ ਵਿਚ ਕੋਈ ਮਿਸਾਲ ਨਹੀਂ ਮਿਲਦੀ ਅਤੇ ਨਾ ਹੀ ਅਜਿਹੀ ਕੁਰਬਾਨੀ ਕਿਸੇ ਨੇ ਦਿੱਤੀ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪਵਿਤਰ ਸਥਾਨਾਂ ’ਤੇ ਆਉਣ ਸਮੇਂ ਕਿਸੇ ਤਰ੍ਹਾਂ ਦੀ ਹੁੱਲੜਬਾਜ਼ੀ ਨਾ ਕਰਨ। ਉਨ੍ਹਾਂ ਸਮੂਹ ਲੰਗਰ ਕਮੇਟੀਆਂ ਅਤੇ ਸਭਾ ਸੁਸਾਇਟੀਆਂ ਨੂੰ ਵੀ ਕਿਹਾ ਕਿ ਲੰਗਰਾਂ ਵਿਚ ਮਿੱਠੇ ਪਕਵਾਨ ਨਾ ਪਕਾਏ ਜਾਣ।
ਇਹ ਸੇਵਾ 30 ਨਵੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਬਾਬਾ ਬਿਧੀ ਚੰਦ ਦਲ ਦੇ ਮੁਖੀ ਬਾਬਾ ਅਵਤਾਰ ਸਿੰਘ ਵੱਲੋਂ ਸ਼ੁਰੂ ਕਰਵਾਈ ਗਈ ਸੀ ਜਿਸ ’ਤੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸੋਨੇ ਦੇ ਪੱਤਰੇ ਦੀ ਸੇਵਾ ਸ਼ੁਰੂ ਕਰਵਾਈ ਗਈ। ਸੋਨੇ ਦੀ ਪਰਤ ਚੜ੍ਹਾਉਣ ਦੀ ਸੇਵਾ ਨਿਭਾਉਣ ਵਾਲੇ ਬਾਬਾ ਹਰਪ੍ਰੀਤ ਸਿੰਘ ਬੱਲ ਅਤੇ ਗੁਰਬਿੰਦਰ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਵਿਚ ਸਿੰਘ ਸਾਹਿਬਾਨ ਦਾ ਸਨਮਾਨ ਵੀ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਦੇ ਅਰਦਾਸੀਏ ਭਾਈ ਬਲਵਿੰਦਰ ਸਿੰਘ ਨੇ ਅਰਦਾਸ ਕੀਤੀ। ਸ
ਮਾਗਮ ਵਿਚ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਹਰਪਾਲ ਸਿੰਘ, ਬਾਬਾ ਬੇਅੰਤ ਦਾਸ ਡੇਰਾ ਬਾਬਾ ਬੀਰਮ ਦਾਸ, ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਅਤੇ ਹਲਕਾ ਇੰਚਾਰਜ ਜਗਦੀਪ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਸ਼ਹਿਰੀ ਪ੍ਰਧਾਨ ਮਨਮੋਹਨ ਸਿੰਘ ਮਕਾਰੋਂਪੁਰ, ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ, ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਦੇ ਮੈਨੇਜਰ ਕੁਲਵਿੰਦਰ ਸਿੰਘ ਚੀਮਾ, ਸਾਬਕਾ ਚੇਅਰਮੈਨ ਬਲਜਿੰਦਰ ਸਿੰਘ ਬੌੜ ਅਤੇ ਲੰਬਰਦਾਰ ਗੁਰਿੰਦਰਪਾਲ ਸਿੰਘ ਆਦਿ ਮੌਜੂਦ ਸਨ।