ਪੰਜਾਬ ਦੇ ਹਾਲਾਤ ਵਿਗੜ ਰਹੇ ਨੇ ਪਰ ਮੁੱਖ ਮੰਤਰੀ ਬੇਖਬਰ: ਰਾਜਾ ਵੜਿੰਗ
ਸ਼ਗਨ ਕਟਾਰੀਆ
ਬਠਿੰਡਾ, 4 ਨਵੰਬਰ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਬਠਿੰਡਾ ਪਹੁੰਚੇ। ਇੱਥੇ ਉਨ੍ਹਾਂ 28 ਅਕਤੂਬਰ ਨੂੰ ਕਤਲ ਕੀਤੇ ਮਾਲ ਰੋਡ ’ਤੇ ਸਥਤਿ ਅੰਮ੍ਰਤਿਸਰੀ ਕੁਲਚਾ ਦੁਕਾਨ ਦੇ ਮਾਲਕ ਹਰਜਿੰਦਰ ਸਿੰਘ ਜੌਹਲ ਉਰਫ਼ ਮੇਲਾ ਦੇ ਪਰਿਵਾਰ ਨਾਲ ਮੁਲਾਕਾਤ ਦੌਰਾਨ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਘਟਨਾ ਦੀ ਨਿਖੇਧੀ ਕਰਦਿਆਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇ ਕੇ ਪੀੜਤ ਪਰਿਵਾਰ ਨੂੰ ਇਨਸਾਫ਼ ਅਤੇ ਆਰਥਿਕ ਮਦਦ ਦੇਣ ਦੀ ਮੰਗ ਕੀਤੀ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਸ੍ਰੀ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਦੇ ਹਾਲਾਤ ਦਿਨੋ-ਦਿਨ ਵਿਗੜਦੇ ਜਾ ਰਹੇ ਹਨ ਪਰ ਸਰਕਾਰ ਦਾ ਇਸ ਪਾਸੇ ਕੋਈ ਧਿਆਨ ਨਹੀਂ ਹੈ। ਉਨ੍ਹਾਂ ਕਿਹਾ ਕਿ ਹੈਰਾਨੀ ਇਸ ਗੱਲ ਦੀ ਹੈ ਕਿ ਮੁੱਖ ਮੰਤਰੀ ਕਿੱਥੇ ਹਨ ਜਿਨ੍ਹਾਂ ਨੂੰ ਪੰਜਾਬ ਵਿੱਚ ਅਮਨ-ਕਾਨੂੰਨ ਦੀ ਵਿਗੜ ਰਹੀ ਸਥਤਿੀ ਬਾਰੇ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਦੋਸ਼ ਲਾਇਆ ਕਿ ਲਗਾਤਾਰ ਹੋ ਰਹੇ ਕਤਲ ਵੱਡੀ ਸਾਜ਼ਿਸ਼ ਦਾ ਹਿੱਸਾ ਹਨ ਕਿਉਂਕਿ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਮਾਹੌਲ ਦਿਨੋ-ਦਿਨ ਵਿਗੜਦਾ ਜਾ ਰਿਹਾ ਹੈ। ਇਸ ਤੋਂ ਨਜ਼ਰ ਆ ਰਿਹਾ ਹੈ ਕਿ ਪੰਜਾਬ ਨੂੰ ਦੁਬਾਰਾ ਕਾਲੇ ਦੌਰ ਵੱਲ ਧੱਕਿਆ ਜਾ ਰਿਹਾ ਹੈ ਅਤੇ ਸਰਕਾਰਾਂ ਨੂੰ ਇਸ ਪਾਸੇ ਧਿਆਨ ਦੇਣ ਦੀ ਲੋੜ ਹੈ। ਸ੍ਰੀ ਰਾਜਾ ਵੜਿੰਗ ਨੇ ਦੱਸਿਆ ਕਿ ਮ੍ਰਤਿਕ ਦੀ ਪਤਨੀ ਦਾ ਕਹਿਣਾ ਹੈ ਕਿ ਅੱਜ ਤੱਕ ਪੁਲੀਸ ਨੇ ਇਹ ਜਾਣਕਾਰੀ ਨਹੀਂ ਦਿੱਤੀ ਕਿ ਉਸ ਦੇ ਪਤੀ ਦਾ ਕਤਲ ਕਿਸ ਨੇ ਅਤੇ ਕਿਉਂ ਕਰਵਾਇਆ ਹੈ। ਪੁਲੀਸ ਕਾਤਲਾਂ ਨੂੰ ਫੜਨ ਦੀ ਗੱਲ ਤਾਂ ਕਹਿ ਰਹੀ ਹੈ ਪਰ ਉਨ੍ਹਾਂ ਦੇ ਪਰਿਵਾਰ ਨੂੰ ਡਰ ਹੈ ਕਿ ਜਿਸ ਵਿਅਕਤੀ ਨੇ ਉਸ ਦੇ ਪਤੀ ਦਾ ਕਤਲ ਕਰਵਾਇਆ ਹੈ ਉਹ ਉਨ੍ਹਾਂ ਦੇ ਪਰਿਵਾਰ ਦਾ ਹੋਰ ਨੁਕਸਾਨ ਕਰ ਸਕਦਾ ਹੈ ਪਰ ਪੁਲੀਸ ਦਾ ਇਸ ਪਾਸੇ ਕੋਈ ਧਿਆਨ ਨਹੀਂ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਐਡਵੋਕੇਟ ਰਾਜਨ ਗਰਗ, ਜ਼ਿਲ੍ਹਾ ਮੀਤ ਪ੍ਰਧਾਨ ਰੁਪਿੰਦਰ ਬਿੰਦਰਾ, ਬਲਾਕ ਪ੍ਰਧਾਨ ਬਲਰਾਜ ਸਿੰਘ ਪੱਕਾ, ਪੀਪੀਸੀਸੀ ਡੈਲੀਗੇਟ ਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਕੇ.ਕੇ ਅਗਰਵਾਲ ਵੀ ਹਾਜ਼ਰ ਸਨ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਸਾਨਾਂ ਵੱਲੋਂ ਜ਼ਿਲ੍ਹਾ ਬਠਿੰਡਾ ਦੇ ਪਿੰਡ ਬੁਰਜ ਮਹਿਮਾ ਵਿੱਚ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਪਹੁੰਚੇ ਮੁਲਾਜ਼ਮਾਂ ਕੋਲੋਂ ਪਰਾਲੀ ਨੂੰ ਅੱਗ ਲੁਆਏ ਜਾਣ ਦੀ ਘਟਨਾ ਦੀ ਨਿਖੇਧੀ ਕੀਤੀ ਅਤੇ ਇਸ ਨੂੰ ‘ਗੁੰਡਾਗਰਦੀ’ ਕਰਾਰ ਦਿੱਤਾ। ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਪਰਾਲੀ ਦੀ ਸਾਂਭ-ਸੰਭਾਲ ਵਿੱਚ ਕਿਸਾਨਾਂ ਦੀ ਮਦਦ ਕੀਤੀ ਜਾਵੇ।