ਪੰਜਾਬ ਦੇ ਸਿਹਤ ਮੰਤਰੀ ਵੱਲੋਂ ਕੋਲਕਾਤਾ ਪੀੜਤ ਦੇ ਮਾਪਿਆਂ ਦੇ ਹੱਕ ’ਚ ਹਾਅ ਦਾ ਨਾਅਰਾ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 19 ਅਗਸਤ
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕੋਲਕਾਤਾ ਵਿੱਚ ਮਹਿਲਾ ਡਾਕਟਰ ਨਾਲ ਜਬਰ ਜਨਾਹ ਅਤੇ ਹੱਤਿਆ ਦੇ ਮਾਮਲੇ ਵਿਰੁੱਧ ਸੰਘਰਸ਼ ਕਰ ਰਹੇ ਡਾਕਟਰਾਂ ਦੇ ਹੱਕ ’ਚ ਆਵਾਜ਼ ਬੁਲੰਦ ਕੀਤੀ ਹੈ। ਡਾ. ਬਲਬੀਰ ਨੇ ਅੱਜ ਕੇਂਦਰ ਤੇ ਪੱਛਮੀ ਬੰਗਾਲ ਸਰਕਾਰ ਤੋਂ ਪੀੜਤ ਦੇ ਮਾਪਿਆਂ ਲਈ 10 ਕਰੋੜ ਰੁਪਏ ਦੇ ਐਕਸ-ਗ੍ਰੇਸ਼ੀਆ ਅਤੇ ਮੁਲਜ਼ਮਾਂ ਨੂੰ ਮਿਸਾਲੀ ਸਜ਼ਾ ਦੇਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਦੀ ਕੇਂਦਰ ਸਰਕਾਰ ਨੂੰ ਦੇਸ਼ ਭਰ ’ਚ ਮੈਡੀਕਲ ਪੇਸ਼ੇਵਰਾਂ ਵਿਰੁੱਧ ਹਿੰਸਾ ਰੋਕਣ ਲਈ ਸਖ਼ਤ ਕੇਂਦਰੀ ਕਾਨੂੰਨ ਲਿਆਉਣ ਦੀ ਵੀ ਅਪੀਲ ਕੀਤੀ ਹੈ।
ਕੋਲਕਾਤਾ ਵਿੱਚ ਵਾਪਰੀ ਘਟਨਾ ਤੋਂ ਬਾਅਦ ਅੱਜ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਬਾਬਾ ਫ਼ਰੀਦ ਯੂਨੀਵਰਸਿਟੀ ਦੇ ਉਪ ਕੁਲਪਤੀ ਰਾਜੀਵ ਸੂਦ, ਸਕੱਤਰ ਸਿਹਤ ਕੁਮਾਰ ਰਾਹੁਲ, ਐਮਡੀ (ਪੀਐਸਐਚਸੀ) ਵਰਿੰਦਰ ਕੁਮਾਰ ਸ਼ਰਮਾ, ਆਈਜੀਪੀ ਡਾ. ਸੁਖਚੈਨ ਸਿੰਘ ਗਿੱਲ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐੱਮਏ), ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ (ਪੀਸੀਐੱਮਐੱਸ) ਐਸੋਸੀਏਸ਼ਨ, ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ ਅਤੇ ਮੈਡੀਕਲ ਐਂਡ ਡੈਂਟਲ ਟੀਚਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਚੰਡੀਗੜ੍ਹ ਵਿਚ ਪੰਜਾਬ ਭਵਨ ਵਿੱਚ ਮੀਟਿੰਗ ਕੀਤੀ। ਇਸ ਮੌਕੇ ਡਾ. ਬਲਬੀਰ ਸਿੰਘ ਨੇ ਅੰਦੋਲਨਕਾਰੀ ਡਾਕਟਰਾਂ ਨੂੰ ਭਰੋਸਾ ਦਿੱਤਾ ਕਿ ਉਹ ਮੈਡੀਕਲ ਪੇਸ਼ੇਵਰਾਂ ਖਿਲਾਫ ਹਮਲੇ ਰੋਕਣ ਲਈ ਕੇਂਦਰੀ ਕਾਨੂੰਨ ਲਿਆਉਣ ਲਈ ਕੇਂਦਰੀ ਸਿਹਤ ਮੰਤਰੀ ਨੂੰ ਪੱਤਰ ਲਿਖਣਗੇ।
ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਮੈਡੀਕਲ ਪੇਸ਼ੇਵਰਾਂ ਖਾਸ ਕਰਕੇ ਮਹਿਲਾ ਸਟਾਫ਼ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੂਬੇ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਸੁਰੱਖਿਆ ਆਡਿਟ ਕਰਵਾਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਸਰਕਾਰੀ ਸਿਹਤ ਸੰਸਥਾਵਾਂ ਦੇ ਮੁਖੀਆਂ ਨੂੰ 48 ਘੰਟਿਆਂ ਦੇ ਅੰਦਰ-ਅੰਦਰ ਸੁਰੱਖਿਆ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਮਿਆਰੀ ਸੰਚਾਲਨ ਪ੍ਰਕਿਰਿਆਵਾਂ (ਐਸਓਪੀਜ਼) ਨੂੰ ਆਪਣੇ ਅਦਾਰਿਆਂ ਵਿੱਚ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਰਾਤ ਦੀ ਸ਼ਿਫਟ ਦੌਰਾਨ ਜਦੋਂ ਵੀ ਮਹਿਲਾ ਮੈਡੀਕਲ ਪੇਸ਼ੇਵਰ ਨੇ ਦੂਰ ਦੇ ਵਾਰਡਾਂ ਵਿੱਚ ਮਰੀਜ਼ਾਂ ਨੂੰ ਦੇਖਣ ਜਾਣਾ ਹੋਵੇ ਤਾਂ ਉਸ ਨਾਲ ਦੋ ਪੁਰਸ਼ ਸਟਾਫ ਮੈਂਬਰ ਜ਼ਰੂਰ ਹੋਣੇ ਚਾਹੀਦੇ ਹਨ।
ਡਾਕਟਰਾਂ ਨੂੰ ਹੜਤਾਲ ਖਤਮ ਕਰਨ ਦੀ ਅਪੀਲ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸੂਬਾ ਸਰਕਾਰ ਵੱਲੋਂ ਡਾਕਟਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦਾ ਭਰੋਸਾ ਦਿੱਤਾ। ਇਸ ਦੌਰਾਨ ਸਿਹਤ ਮੰਤਰੀ ਨੇ ਸਾਰੇ ਡਾਕਟਰਾਂ ਨੂੰ ਹੜਤਾਲ ਖਤਮ ਕਰਕੇ ਡਿਊਟੀ ਮੁੜ ਸ਼ੁਰੂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਡਾਕਟਰਾਂ ਦੀ ਹੜਤਾਲ ਨਾਲ ਮਰੀਜ਼ਾਂ ਖਾਸ ਕਰਕੇ ਆਰਥਿਕ ਤੌਰ ’ਤੇ ਕਮਜ਼ੋਰ ਲੋਕਾਂ ਦਾ ਨੁਕਸਾਨ ਹੋ ਰਿਹਾ ਹੈ ਜੋ ਚਿੰਤਾਜਨਕ ਹੈ।