ਕਿਰਤ ਕਮਿਸ਼ਨ ਦੇੇ ਦਫ਼ਤਰ ਅੱਗੇ ਗੂੰਜੇ ਮੁਲਾਜ਼ਮਾਂ ਦੇ ਨਾਅਰੇ
ਪੱਤਰ ਪ੍ਰੇਰਕ
ਨਵੀਂ ਦਿੱਲੀ, 23 ਅਕਤੂਬਰ
ਦਿੱਲੀ ਦੇ ਵੱਖ-ਵੱਖ ਅਦਾਰਿਆਂ ਵਿੱਚ ਕੰਮ ਕਰਦੇ ਠੇਕਾ ਮੁਲਾਜ਼ਮਾਂ ਵੱਲੋਂ ਬੋਨਸ ਦੀ ਮੰਗ ਨੂੰ ਲੈ ਕੇ ਕੇਂਦਰੀ ਕਿਰਤ ਕਮਿਸ਼ਨ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਤੋਂ ਲੈ ਕੇ ਲੇਡੀ ਹਾਰਡਿੰਗ ਮੈਡੀਕਲ ਕਾਲਜ ਤੱਕ ਅਤੇ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਕੇਂਦਰ ਸਰਕਾਰ ਦੇ ਅਧੀਨ ਕਈ ਅਦਾਰਿਆਂ ਵਿੱਚ ਹਜ਼ਾਰਾਂ ਠੇਕਾ ਮੁਲਾਜ਼ਮ ਕੰਮ ਕਰਦੇ ਹਨ। ਧਰਨਾਕਾਰੀਆਂ ਵੱਲੋਂ ਦੱਸਿਆ ਗਿਆ ਕਿ ਕੇਂਦਰ ਸਰਕਾਰ ਵੱਲੋਂ ਚਲਾਏ ਜਾ ਰਹੇ ਇਨ੍ਹਾਂ ਸਾਰੇ ਅਦਾਰਿਆਂ ਵਿੱਚ ਬਹੁਤ ਸਾਰੇ ਕਿਰਤ ਕਾਨੂੰਨਾਂ ਦੀ ਉਲੰਘਣਾ ਵੱਡੇ ਪੱਧਰ ’ਤੇ ਹੁੰਦੀ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਦੀਆਂ ਇਨ੍ਹਾਂ ਮਜ਼ਦੂਰ ਵਿਰੋਧੀ ਨੀਤੀਆਂ ਵਿਰੁੱਧ ਅੱਜ ਆਲ ਇੰਡੀਆ ਜਨਰਲ ਵਰਕਰਜ਼ ਯੂਨੀਅਨ (ਏਆਈਸੀਸੀਟੀਯੂ) ਅਤੇ ਕਲਾਵਤੀ ਸਰਾਂ ਕੰਟਰੈਕਟ ਐਂਪਲਾਈਜ਼ ਯੂਨੀਅਨ (ਏਆਈਸੀਸੀਟੀਯੂ) ਨੇ ਇਕੱਠੇ ਹੋ ਕੇ ਕੇਂਦਰੀ ਲੇਬਰ ਕਮਿਸ਼ਨ ਕੋਲ ਪੇਮੈਂਟ ਆਫ ਬੋਨਸ ਐਕਟ ਦੀ ਉਲੰਘਣਾ ਕਰਨ ਵਿਰੁੱਧ ਸ਼ਿਕਾਇਤ ਦਰਜ ਕਰਵਾਈ। ਠੇਕਾ ਮੁਲਾਜ਼ਮਾਂ ਦੇ ਸ਼ੋਸ਼ਣ ਨੂੰ ਲੈ ਕੇ ਦਵਾਰਕਾ ਦੇ ਸ੍ਰੀਮੇਵ ਜੈਯਤੇ ਭਵਨ ਦੇ ਸਾਹਮਣੇ ਧਰਨਾ ਦਿੱਤਾ ਗਿਆ।
ਪਿਛਲੇ ਮਹੀਨੇ ਕਲਾਵਤੀ ਸਰਾਂ ਹਸਪਤਾਲ ਕੰਟਰੈਕਟ ਐਂਪਲਾਈਜ਼ ਯੂਨੀਅਨ (ਏਕਟੂ) ਅਤੇ ਆਲ ਇੰਡੀਆ ਜਨਰਲ ਕਾਮਗਾਰ ਯੂਨੀਅਨ (ਏਕਟੂ) ਵੱਲੋਂ ਡਿਪਟੀ ਚੀਫ਼ ਲੇਬਰ ਕਮਿਸ਼ਨਰ ਦੇ ਦਫ਼ਤਰ ਨੂੰ ਲਿਖਤੀ ਨੋਟਿਸ ਦਿੱਤਾ ਗਿਆ ਸੀ ਕਿ ਦੋਵਾਂ ਅਦਾਰਿਆਂ ਵਿੱਚ ਕੰਮ ਕਰਦੇ ਠੇਕਾ ਕਾਮਿਆਂ ਨੂੰ ਬੋਨਸ ਦੇ ਹੱਕ ਤੋਂ ਵਾਂਝਾ ਰੱਖਿਆ ਗਿਆ ਹੈ। ਇਸ ਦੇ ਬਾਵਜੂਦ ਡਿਪਟੀ ਚੀਫ਼ ਲੇਬਰ ਕਮਿਸ਼ਨਰ ਦਫ਼ਤਰ ਅਤੇ ਪ੍ਰਸ਼ਾਸਨ ਵੱਲੋਂ ਇਸ ਗੰਭੀਰ ਉਲੰਘਣਾ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਗਈ।
ਏਸੀਟੀਯੂ ਦਿੱਲੀ ਦੇ ਸਕੱਤਰ ਕਾਮਰੇਡ ਸੂਰਿਆ ਪ੍ਰਕਾਸ਼ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਚਲਾਏ ਜਾ ਰਹੇ ਹਸਪਤਾਲ ਪ੍ਰਸ਼ਾਸਨ ਨੂੰ ਸਿੱਧਾ ਸੁਨੇਹਾ ਦਿੱਤਾ ਜਾ ਰਿਹਾ ਹੈ ਕਿ ਜੇ ਤੁਸੀਂ ਸੰਵਿਧਾਨ ਨੂੰ ਧਿਆਨ ਵਿੱਚ ਰੱਖਦੇ ਹੋਏ ਆਪਣੇ ਕਾਨੂੰਨੀ ਹੱਕਾਂ ਦੀ ਮੰਗ ਕਰੋਗੇ ਤਾਂ ਅਸੀਂ ਤੁਹਾਡੀ ਰੋਜ਼ੀ-ਰੋਟੀ ਅਤੇ ਜਾਨ ਨੂੰ ਖਤਰੇ ਵਿੱਚ ਪਾ ਦੇਵਾਂਗੇ। ਪਰ ਯੂਨੀਅਨ ਵੱਲੋਂ ਨਿਡਰ ਹੋ ਕੇ ਠੇਕਾ ਮੁਲਾਜ਼ਮਾਂ ਦੇ ਹੱਕਾਂ ਲਈ ਸੰਘਰਸ਼ ਜਾਰੀ ਰੱਖਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਜੇਐੱਨਯੂ ਵਰਗੀ ਵੱਕਾਰੀ ਯੂਨੀਵਰਸਿਟੀ ਵਿੱਚ ਠੇਕਾ ਮੁਲਾਜ਼ਮਾਂ ਨੂੰ ਘੱਟੋ-ਘੱਟ ਉਜਰਤ ਵੀ ਨਹੀਂ ਦਿੱਤੀ ਜਾ ਰਹੀ।
ਮਜ਼ਦੂਰ ਨੌਕਰੀ ਬਚਾਉਣ ਲਈ ਰਿਸ਼ਵਤ ਦੇਣ ਲਈ ਮਜਬੂਰ
ਕਾਮਰੇਡ ਸੁਚੇਤਾ ਡੇ, ਏਆਈਸੀਸੀਟੀਯੂ ਦੇ ਕੌਮੀ ਮੀਤ ਪ੍ਰਧਾਨ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਠੇਕਾ ਮੁਲਾਜ਼ਮ ਲਾਲਚੀ ਠੇਕੇਦਾਰਾਂ ਅਤੇ ਪ੍ਰਸ਼ਾਸਨ ਦੇ ਢਿੱਲਪੁਣੇ ਕਾਰਨ ਭਾਰੀ ਸ਼ੋਸ਼ਣ ਦਾ ਸ਼ਿਕਾਰ ਹਨ। ਮਜ਼ਦੂਰ ਆਪਣੀ ਨੌਕਰੀ ਬਚਾਉਣ ਲਈ ਰਿਸ਼ਵਤ ਦੇਣ ਲਈ ਮਜਬੂਰ ਹਨ।