ਸਬ-ਜੇਲ੍ਹ ਕਰੋਨਾ ਪਾਜ਼ੇਟਿਵ ਕੈਦੀਆਂ ਲਈ ਬਣੀ ਇਕਾਂਤਵਾਸ ਕੇਂਦਰ
ਹੁਸ਼ਿਆਰ ਸਿੰਘ ਰਾਣੂੰ
ਮਾਲੇਰਕੋਟਲਾ, 27 ਜੁਲਾਈ
ਡਿਪਟੀ ਕਮਿਸ਼ਨਰ, ਸੰਗਰੂਰ ਰਾਮਵੀਰ ਦੇ ਆਦੇਸ਼ਾਂ ਅਨੁਸਾਰ ਸਬ ਜੇਲ੍ਹ ਮਾਲੇਰਕੋਟਲਾ ਨੂੰ ਐਲ-1 ਆਈਸੋਲੇਸ਼ਨ ਸੈਂਟਰ ਵਜੋਂ ਸਥਾਪਿਤ ਕੀਤਾ ਗਿਆ ਹੈ। ਇਸ ਸਬੰਧੀ ਵਿਕਰਮਜੀਤ ਪਾਂਥੇ, ਐੱਸਡੀਐੱਮ ਮਾਲੇਰਕੋਟਲਾ ਦੀ ਅਗਵਾਈ ਹੇਠ ਡਾ. ਜਸਵਿੰਦਰ ਸਿੰਘ, ਐੱਸਐੱਮਓ ਸਿਵਲ ਹਸਪਤਾਲ, ਮਾਲੇਰਕੋਟਲਾ ਅਤੇ ਐੱਸਐੱਚਓ ਸਿਟੀ-1 ਸ੍ਰੀ ਹਰਜਿੰਦਰ ਸਿੰਘ ਨੇ ਸਬ-ਜੇਲ੍ਹ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸ੍ਰੀ ਪਾਂਥੇ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ, ਸੰਗਰੂਰ ਰਾਮਵੀਰ ਨੇ ਸੰਗਰੂਰ ਜ਼ਿਲ੍ਹੇ ਦੀਆਂ ਜੇਲ੍ਹਾਂ ਵਿੱਚ ਬੰਦੀਆਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਅਤੇ ਜੇਲ੍ਹ ਅੰਦਰ ਕਰੋਨਾਵਾਇਰਸ ਦੀ ਰੋਕਥਾਮ ਲਈ ਸਬ-ਜੇਲ੍ਹ, ਮਾਲੇਰਕੋਟਲਾ ਨੂੰ ਐਲ-1 ਆਈਸੋਲੇਸ਼ਨ ਸੈਂਟਰ ਵਜੋਂ ਸਥਾਪਿਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸਬ ਜੇਲ੍ਹ ਮਾਲੇਰਕੋਟਲਾ ਵਿੱਚ ਕੁੱਲ 26 ਕਰੋਨਾ ਪਾਜ਼ੇਟਿਵ ਬੰਦੀ ਜ਼ਿਲ੍ਹਾ ਜੇਲ੍ਹ ਸੰਗਰੂਰ ਤੋਂ ਤਬਦੀਲ ਕੀਤੇ ਗਏ ਹਨ ਜਦੋਂਕਿ ਜੇਲ੍ਹ ਵਿੱਚ ਨਜ਼ਰਬੰਦ ਬਾਕੀ 111 ਬੰਦੀਆਂ ਨੂੰ ਨਾਭਾ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਸ੍ਰੀ ਪਾਂਥੇ ਨੇ ਦੱਸਿਆ ਕਿ ਇਨ੍ਹਾਂ ਕੈਦੀਆਂ ਨੂੰ ਤਬਦੀਲ ਕਰਨ ਤੋਂ ਪਹਿਲਾਂ ਸਬ ਜੇਲ੍ਹ ਨੂੰ ਨਗਰ ਕੌਂਸਲ, ਮਾਲੇਰਕੋਟਲਾ ਦੇ ਇੰਸਪੈਕਟਰ ਪਰਮਜੀਤ ਸਿੰਘ ਦੀ ਅਗਵਾਈ ਹੇਠ ਕਰਮਚਾਰੀਆਂ ਵੱਲੋਂ ਪੂਰੀ ਤਰ੍ਹਾਂ ਸੈਨੇਟਾਈਜ਼ ਕੀਤਾ ਗਿਆ ਸੀ। ਸ੍ਰੀ ਪਾਂਥੇ ਨੇ ਜੇਲ੍ਹ ਅੰਦਰ ਬੰਦੀਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਮੋਹਨ ਲਾਲ, ਜੇਲ੍ਹ ਸੁਪਰਡੈਂਟ ਵੀ ਹਾਜ਼ਰ ਸਨ।