For the best experience, open
https://m.punjabitribuneonline.com
on your mobile browser.
Advertisement

ਸੂਬਾ ਸਰਕਾਰ ਨੇ ਮਾਲਵੇ ਦੇ ਚਾਰ ਜ਼ਿਲ੍ਹਿਆਂ ਵਿੱਚ ਚੌਕਸੀ ਵਧਾਈ

07:40 AM Jul 01, 2024 IST
ਸੂਬਾ ਸਰਕਾਰ ਨੇ ਮਾਲਵੇ ਦੇ ਚਾਰ ਜ਼ਿਲ੍ਹਿਆਂ ਵਿੱਚ ਚੌਕਸੀ ਵਧਾਈ
ਮਾਨਸਾ ਦੇ ਡੀਸੀ ਪਰਮਵੀਰ ਸਿੰਘ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।
Advertisement

ਜੋਗਿੰਦਰ ਸਿੰਘ ਮਾਨ
ਮਾਨਸਾ, 30 ਜੂਨ
ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਮਾਨਸੂਨ ਵੱਲੋਂ ਪ੍ਰਵੇਸ਼ ਕਰਨ ਤੋਂ ਬਾਅਦ ਹੁਣ ਮਾਲਵਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚ ਲੰਘਦੇ ਘੱਗਰ ਦਰਿਆ ’ਚ ਆਉਂਦੇ ਪਾਣੀ ਤੋਂ ਸੁਚੇਤ ਰਹਿਣ ਲਈ ਡਿਪਟੀ ਕਮਿਸ਼ਨਰਾਂ ਨੂੰ ਸੂਬਾ ਸਰਕਾਰ ਵੱਲੋਂ ਅੱਜ ਸਖ਼ਤ ਹਦਾਇਤਾਂ ਕਰ ਦਿੱਤੀਆਂ ਗਈਆਂ ਹਨ। ਭਾਵੇਂ ਅਜੇ ਤੱਕ ਮਾਲਵਾ ਖੇਤਰ ਦੇ ਸਾਰੇ ਜ਼ਿਲ੍ਹੇ ਮੀਂਹ ਨੂੰ ਤਰਸ ਰਹੇ ਹਨ ਅਤੇ ਹੜ੍ਹਾਂ ਵਾਲੀ ਬਿਲਕੁਲ ਕੋਈ ਗੱਲ ਵਿਖਾਈ ਨਹੀਂ ਦਿੰਦੇ ਹੈ, ਪਰ ਹਿਮਾਚਲ ਪ੍ਰਦੇਸ਼ ਦੇ ਕੁੱਝ ਇਲਾਕਿਆਂ ਵਿੱਚ ਪਏ ਭਾਰੀ ਮੀਂਹਾਂ ਤੋਂ ਬਾਅਦ ਸਰਕਾਰ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹੜ੍ਹਾਂ ਸਬੰਧੀ ਅਗੇਤੇ ਪ੍ਰਬੰਧ ਕਰਨ ਲਈ ਸਖ਼ਤ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।
ਮਾਲਵਾ ਦੇ ਜਿਹੜੇ ਜ਼ਿਲ੍ਹਿਆਂ ’ਚੋਂ ਘੱਗਰ ਦਰਿਆ ਲੰਘਦਾ ਹੈ, ਅਕਸਰ ਬਰਸਾਤਾਂ ਵੇਲੇ ਬੰਨ੍ਹਾਂ ਦੇ ਟੁੱਟਣ ਕਾਰਨ ਲੋਕਾਂ ਦੀ ਜਾਨ-ਮਾਲ ਦਾ ਭਾਰੀ ਨੁਕਸਾਨ ਕਰਦਾ ਹੈ। ਇਹ ਘੱਗਰ ਦਰਿਆ ਮਾਨਸਾ ਸਮੇਤ ਸੰਗਰੂਰ,ਪਟਿਆਲਾ ਅਤੇ ਮੋਹਾਲੀ ਜ਼ਿਲ੍ਹੇ ਵਿੱਚੋਂ ਗੁਜ਼ਰਦਾ ਹੈ ਅਤੇ ਇਸ ਵੱਲੋਂ ਮਾਲਵਾ ਖੇਤਰ ਵਿੱਚ ਪਿਛਲੇ ਸਾਲ ਅਰਬਾਂ-ਖਰਬਾਂ ਰੁਪਏ ਦਾ ਨੁਕਸਾਨ ਕੀਤਾ ਸੀ। ਸੈਂਕੜੇ ਪਿੰਡਾਂ ਵਿੱਚ ਹਜ਼ਾਰਾਂ ਲੋਕਾਂ ਨੂੰ ਘਰ ਛੱਡਣ ਲਈ ਮਜ਼ਬੂਰ ਹੋਣਾ ਪਿਆ ਸੀ ਅਤੇ ਲੱਖਾਂ ਏਕੜ ਫ਼ਸਲ ਹੜ੍ਹਾਂ ਦਾ ਸ਼ਿਕਾਰ ਹੋ ਗਈ ਸੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਜ਼ਿਲ੍ਹੇ ਤੋਂ ਘੱਗਰ ਦਰਿਆ ਦੇ ਕਿਨਾਰਿਆਂ ਦੀ ਮਜ਼ਬੂਤੀ ਲਈ ਪਿਛਲੇ ਹਫ਼ਤੇ ਇੱਕ ਵਿਸ਼ੇਸ਼ ਮੁਹਿੰਮ ਆਰੰਭ ਕੀਤੀ ਹੈ। ਇਸ ਮੁਹਿੰਮ ਤਹਿਤ ਹੀ ਹੁਣ ਮਾਨਸਾ ਜ਼ਿਲ੍ਹੇ ਵਿੱਚ ਪ੍ਰਸ਼ਾਸਨ ਵੱਲੋਂ ਬੰਨ੍ਹਾਂ ਨੂੰ ਤਕੜੇ ਕਰਨ ਲਈ ਜਲ ਨਿਕਾਸੀ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤੀ ਨਾਲ ਹਰ ਤਰ੍ਹਾਂ ਦੀ ਨਜ਼ਰ ਰੱਖਣ ਲਈ ਆਦੇਸ਼ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਦੇ ਹੁਕਮਾਂ ਨੂੰ ਮੰਨਦਿਆਂ ਮਾਨਸਾ ਜ਼ਿਲ੍ਹੇ ਦੇ ਡੀਸੀ ਪਰਮਵੀਰ ਸਿੰਘ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਅੱਗੇ ਆਦੇਸ਼ ਕਰਦਿਆਂ ਕਿਹਾ ਕਿ ਹੜ੍ਹਾਂ ਵਰਗੇ ਹਾਲਾਤ ਨਾਲ ਨਜਿੱਠਣ ਲਈ ਹੁਣ ਤੋਂ ਹੀ ਚੌਕਸ ਰਹਿਣ ਦੀ ਲੋੜ ਹੈ।
ਉਨ੍ਹਾਂ ਸਮੂਹ ਐੱਸਡੀਐੱਮਜ਼ ਨੂੰ ਹਦਾਇਤ ਕੀਤੀ ਕਿ ਆਪੋ-ਆਪਣੇ ਸਬ-ਡਿਵੀਜ਼ਨ ਵਿੱਚ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੀਤੇ ਜਾਣ ਵਾਲੇ ਕੰਮਾਂ ਦੀ ਖੁਦ ਨਿਗਰਾਨੀ ਕਰਨ। ਉਨ੍ਹਾਂ ਕਾਰਜਸਾਧਕ ਅਫ਼ਸਰਾਂ ਨੂੰ ਕਿਹਾ ਕਿ ਡਰੇਨਾਂ ਦੀ ਤੁਰੰਤ ਸਫਾਈ ਕਰਵਾਈ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਹੜ੍ਹ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ ਅਤੇ ਟੈਲੀਫੋਨ ਨੰਬਰ 01652-229082 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿੱਚ ਅਕਸਰ ਹੜ੍ਹਾਂ ਦੀ ਮਾਰ ਹੇਠ 39 ਪਿੰਡ ਆਉਂਦੇ ਹਨ, ਇਨ੍ਹਾਂ ਵਿੱਚੋਂ 23 ਪਿੰਡ ਬੁਢਲਾਡਾ ਸਬ ਡਿਵੀਜ਼ਨ ਨਾਲ ਸਬੰਧਤ ਹਨ, ਜਦੋਂਕਿ 16 ਪਿੰਡਾਂ ਦਾ ਸਬੰਧ ਸਬ-ਡਿਵੀਜ਼ਨ ਸਰਦੂਲਗੜ੍ਹ ਨਾਲ ਹੈ।

Advertisement

Advertisement
Author Image

Advertisement
Advertisement
×