ਹਥਿਆਰਬੰਦ ਸੈਨਾ ਝੰਡਾ ਦਿਵਸ ਨੂੰ ਸਮਰਪਿਤ ਸੂਬਾਈ ਰੈਲੀ ਮੁਕਤਸਰ ਪੁੱਜੀ
ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 24 ਨਵੰਬਰ
ਹਥਿਆਰਬੰਦ ਸੈਨਾ ਝੰਡਾ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਾਈਕਲ ਰੈਲੀ ਦਾ ਮੁਕਤਸਰ ਪੁੱਜਣ ’ਤੇ ਜ਼ਿਲ੍ਹਾ ਪ੍ਰਸ਼ਾਸਨ, ਸੈਨਿਕ ਭਲਾਈ ਵਿਭਾਗ ਤੇ ਸਾਬਕਾ ਫੌਜੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਹੋਏ ਸਨਮਾਨ ਸਮਾਗਮ ਦੌਰਾਨ ਸ਼ਹੀਦ ਦਰਸ਼ਨ ਸਿੰਘ ਦੀ ਪਤਨੀ ਜਸਮੇਲ ਕੌਰ, ਸ਼ਹੀਦ ਗੁਰਜੀਤ ਸਿੰਘ (ਸ਼ੌਰਿਆ ਚੱਕਰ) ਦੀ ਪਤਨੀ ਗੁਰਦੇਵ ਕੌਰ, ਸ਼ਹੀਦ ਸਿਪਾਹੀ ਪ੍ਰਭਜੋਤ ਸਿੰਘ ਦੀ ਮਾਤਾ ਸਰਬਜੀਤ ਕੌਰ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਤਹਿਸੀਲਦਾਰ ਸੁਖਬੀਰ ਸਿੰਘ ਬਰਾੜ ਨੇ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਕਿਹਾ ਕਿ ਦੇਸ਼ ਹਮੇਸ਼ਾ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਰੱਖੇਗਾ। ਉਨ੍ਹਾਂ ਦੱਸਿਆ ਕਿ ਇਹ ਸਾਈਕਲ ਰੈਲੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਦੀ ਹੁੰਦੀ ਹੋਈ 7 ਦਸੰਬਰ ਨੂੰ ਚੰਡੀਗੜ੍ਹ ਵਿਖੇ ਪੁੱਜੇਗੀ। ਕਮਾਂਡਰ ਬਲਜਿੰਦਰ ਸਿੰਘ ਵਿਰਕ ਜ਼ਿਲ੍ਹਾ ਸੈਨਿਕ ਭਲਾਈ ਅਫਸਰ ਅਨੁਸਾਰ ਇਹ ਰੈਲੀ 28 ਨਵੰਬਰ ਨੂੰ ਸਵੇਰੇ 7 ਵਜੇ ਫਰੀਦਕੋਟ ਜ਼ਿਲ੍ਹੇ ਲਈ ਰਵਾਨਾ ਕੀਤੀ ਜਾਵੇਗੀ। ਇਸ ਮੌਕੇ ਵੱਡੀ ਗਿਣਤੀ ’ਚ ਸੈਨਿਕ, ਸਾਬਕਾ ਸੈਨਿਕ ਤੇ ਹੋਰ ਲੋਕ ਮੌਜੂਦ ਸਨ।