ਮਾਲ ਅਫ਼ਸਰਾਂ ਵੱਲੋਂ ਹੜਤਾਲ 5 ਤੱਕ ਮੁਲਤਵੀ
ਮਹਿੰਦਰ ਸਿੰਘ ਰੱਤੀਆਂ
ਮੋਗਾ, 30 ਨਵੰਬਰ
ਪੰਜਾਬ ਰੈਵੀਨਿਊ ਆਫ਼ੀਸਰਜ਼ ਐਸੋਸੀਏਸ਼ਨ ਨੇ ਗ੍ਰਿਫ਼ਤਾਰ ਕੀਤੇ ਸੂਬਾਈ ਪ੍ਰਧਾਨ ਦੇ ਮਾਮਲੇ ਵਿਚ ਸਰਕਾਰ ਵੱਲੋਂ ਨਿਰਪੱਖ ਜਾਂਚ ਦੇ ਭਰੋਸੇ ਤੋਂ ਬਾਅਦ ਆਪਣੀ ਹੜਤਾਲ 5 ਦਸੰਬਰ ਤਕ ਮੁਲਤਵੀ ਕਰ ਦਿੱਤੀ ਹੈ। ਉਨ੍ਹਾਂ ਦੇ ਸੂਬਾਈ ਪ੍ਰਧਾਨ ਸੁਖਚਰਨ ਸਿੰਘ ਚੰਨੀ ਨੂੰ ਵਿਜੀਲੈਂਸ ਵੱਲੋਂ ਰਿਸ਼ਵਤਖੋਰੀ ਦੇ ਕੇਸ ’ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਮਾਲ ਅਫ਼ਸਰਾਂ ਨੇ ਦੋਸ਼ ਲਾਇਆ ਸੀ ਕਿ ਸੂਬਾ ਪ੍ਰਧਾਨ ਨੂੰ ਰਿਸ਼ਵਤਖੋਰੀ ਦੇ ਝੂਠੇ ਮਾਮਲੇ ਵਿਚ ਫਸਾਇਆ ਗਿਆ ਹੈ ਤੇ ਉਨ੍ਹਾਂ ਨਾਲ ਧੱਕੇਸ਼ਾਹੀ ਕੀਤੀ ਗਈ ਹੈ। ਇਸ ਖ਼ਿਲਾਫ਼ ਮਾਲ ਅਫ਼ਸਰ ਸਮੂਹਿਕ ਛੁੱਟੀ ’ਤੇ ਚਲੇ ਗਏ ਸਨ। ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਵਰਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਇਸ ਮਾਮਲੇ ਦੀ ਜਾਂਚ ਐੱਸਐੱਸਪੀ ਵਿਜੀਲੈਂਸ ਪਟਿਆਲਾ ਜਗਤਪ੍ਰੀਤ ਸਿੰਘ ਨੂੰ ਸੌਂਪ ਦਿੱਤੀ ਹੈ। ਪੰਜਾਬ ਰੈਵੀਨਿਊ ਆਫ਼ੀਸਰਜ਼ ਐਸੋਸੀਏਸ਼ਨ ਦੇ ਸੂਬਾਈ ਜਨਰਲ ਸਕੱਤਰ ਮਨਿੰਦਰ ਸਿੰਘ ਨੇ ਦੱਸਿਆ ਕਿ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਵਿੱਤ ਕਮਿਸ਼ਨਰ (ਮਾਲ) ਅਨੁਰਾਗ ਵਰਮਾ ਦੇ ਨਿਰਪੱਖ ਜਾਂਚ ਦੇ ਭਰੋਸੇ ਮਗਰੋਂ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ।