ਆੜ੍ਹਤੀਆਂ ਵੱਲੋਂ ਮੰਗਾਂ ਸਬੰਧੀ ਹੜਤਾਲ ਜਾਰੀ
ਜਸਬੀਰ ਚਾਨਾ
ਫਗਵਾੜਾ, 3 ਅਕਤੂਬਰ
ਫੈਡਰੇਸ਼ਨ ਆਫ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦੇ ਸੱਦੇ ’ਤੇ ਪੰਜਾਬ ਭਰ ਦੀਆਂ ਸਮੂਹ ਆੜ੍ਹਤੀਆ ਐਸੋਸੀਏਸ਼ਨਾਂ ਵੱਲੋਂ ਆਪਣੀਆਂ ਮੰਗਾਂ ਦੇ ਹੱਕ ’ਚ ਸ਼ੁਰੂ ਕੀਤੀ ਅਣਮਿੱਥੇ ਸਮੇਂ ਲਈ ਹੜਤਾਲ ਦੇ ਤੀਜੇ ਦਿਨ ਵੀ ਮੰਡੀਆਂ ਵਿੱਚ ਕੰਮਕਾਜ ਮੁਕੰਮਲ ਤੌਰ ’ਤੇ ਠੱਪ ਰਿਹਾ। ਆੜ੍ਹਤੀਆਂ ਵੱਲੋਂ ਧਰਨਾ ਦੇ ਕੇ ਪੰਜਾਬ ਤੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਧਰਨੇ ’ਚ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਹਮਾਇਤ ’ਤੇ ਪੁੱਜੇ ਤੇ ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਨਾਲ ਗੱਲਬਾਤ ਕਰਕੇ ਕਮਿਸ਼ਨ ਏਜੰਟਾਂ ਦੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਹਰ ਸੰਭਵ ਯਤਨ ਕਰਨਗੇ। ਇਸ ਦੌਰਾਨ ਆੜ੍ਹਤੀਆਂ ਵੱਲੋਂ ਵਿਧਾਇਕ ਧਾਲੀਵਾਲ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ। ਆੜ੍ਹਤੀਆ ਐਸੋਸੀਏਸ਼ਨ ਦੇ ਜਿਲ੍ਹਾ ਪ੍ਰਧਾਨ ਨਰੇਸ਼ ਭਾਰਦਵਾਜ ਨੇ ਕਿਹਾ ਕਿ ਸਰਕਾਰ ਨੂੰ ਅੱਜ ਨਹੀਂ ਤਾਂ ਕੱਲ੍ਹ ਕਮਿਸ਼ਨ ਏਜੰਟਾਂ ਦੀਆਂ ਮੰਗਾਂ ਮੰਨਣੀਆਂ ਪੈਣਗੀਆਂ। ਉਨ੍ਹਾਂ ਕਿਹਾ ਕਿ ਫੈਡਰੇਸ਼ਨ ਆਫ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਵਿਜੇ ਕਾਲੜਾ ਅਤੇ ਰਵਿੰਦਰ ਚੀਮਾ ਦੀ ਅਗਵਾਈ ਹੇਠ ਜਲਦੀ ਹੀ ਮੀਟਿੰਗ ਕੀਤੀ ਜਾਵੇਗੀ, ਜਿਸ ’ਚ ਅੰਦੋਲਨ ਨੂੰ ਹੋਰ ਤਿੱਖਾ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਸ਼ਾਹਕੋਟ, ਲੋਹੀਆਂ ਤੇ ਮਹਿਤਪੁਰ ’ਚ ਤੀਜੇ ਦਿਨ ਵੀ ਨਾ ਹੋਈ ਝੋਨੇ ਦੀ ਖਰੀਦ
ਸ਼ਾਹਕੋਟ (ਪੱਤਰ ਪ੍ਰੇਰਕ): ਸਰਕਾਰੀ ਤੌਰ ’ਤੇ ਝੋਨੇ ਦੀ ਖਰੀਦ ਕਰਨ ਲਈ ਕੀਤੇ ਐਲਾਨ ਦੇ ਅੱਜ ਤੀਜੇ ਦਿਨ ਵੀ ਪੱਲੇਦਾਰਾਂ, ਆੜ੍ਹਤੀਆਂ ਅਤੇ ਸ਼ੈੱਲਰਾਂ ਵਾਲਿਆਂ ਦੀ ਹੜਤਾਲ ਕਾਰਨ ਸ਼ਾਹਕੋਟ, ਲੋਹੀਆਂ ਖਾਸ ਤੇ ਮਹਿਤਪੁਰ ਅਧੀਨ ਆਉਂਦੀਆਂ ਦਾਣਾ ਮੰਡੀਆਂ ਵਿੱਚ ਝੋਨੇ ਦੀ ਖਰੀਦ ਸ਼ੁਰੂ ਨਹੀਂ ਹੋ ਸਕੀ। ਝੋਨੇ ਦੇ ਸੀਜ਼ਨ ਦੌਰਾਨ ਜਿਨ੍ਹਾਂ ਮੰਡੀਆਂ ਵਿੱਚ ਚਹਿਲ ਪਹਿਲ ਹੁੰਦੀ ਹੈ, ਉੱਥੇ ਇਸ ਸਮੇਂ ਸੁੰਨ ਪੱਸਰੀ ਹੋਈ ਹੈ। ਪੱਲੇਦਾਰ ਧਰਨੇ ਲਗਾ ਕੇ ਬੈਠੇ ਹਨ। ਸ਼ੈੱਲਰਾਂ ਵਾਲੇ ਅਤੇ ਆੜ੍ਹਤੀਏ ਆਪਣੀਅ ਮੰਗਾਂ ਨੂੰ ਲੈ ਕੇ ਹੜਤਾਲ ਕਰੀ ਬੈਠੇ ਹਨ। ਸ਼ਾਹਕੋਟ ’ਚ ਲੇਬਰ ਯੂਨੀਅਨ ਦੇ ਪ੍ਰਧਾਨ ਬਲਦੇਵ ਸਿੰਘ ਬਿੱਲੂ ਦੀ ਅਗਵਾਈ ਵਿੱਚ, ਲੋਹੀਅ ਖਾਸ ਤੇ ਮਹਿਤਪੁਰ ਦੇ ਪੱਲੇਦਾਰਾਂ ਨੇ ਅੱਜ ਤੀਜੇ ਦਿਨ ਵੀ ਧਰਨਾ ਦਿਤਾ।