ਮੰਡੀਆਂ ’ਚ ਝੋਨੇ ਦੀ ਖਰੀਦ ਤੇ ਆੜ੍ਹਤੀਆਂ ਦੀ ਹੜਤਾਲ ਸ਼ੁਰੂ
ਜੋਗਿੰਦਰ ਸਿੰਘ ਮਾਨ
ਮਾਨਸਾ, 1 ਅਕਤੂਬਰ
ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖਰੀਦ ਅੱਜ ਪਹਿਲੀ ਅਕਤੂਬਰ ਤੋਂ ਸ਼ੁਰੂ ਹੋ ਗਈ ਹੈ ਪਰ ਰਾਜ ਭਰ ਵਿੱਚ ਆੜ੍ਹਤੀਆਂ, ਸ਼ੈੱਲਰ ਮਾਲਕਾਂ ਅਤੇ ਮਜ਼ਦੂਰਾਂ ਦੀ ਹੜਤਾਲ ਕਾਰਨ ਮੰਡੀਆਂ ਵਿੱਚ ਝੋਨੇ ਦੀ ਖਰੀਦ ਸ਼ੁਰੂ ਨਾ ਹੋ ਸਕੀ। ਮੰਡੀਆਂ ਵਿੱਚ ਆੜ੍ਹਤੀਆਂ ਨੇ ਝੋਨਾ ਨਾ ਖਰੀਦਣ ਦਾ ਐਲਾਨ ਕੀਤਾ ਹੋਇਆ ਹੈ ਅਤੇ ਮਜ਼ਦੂਰ ਜਥੇਬੰਦੀਆਂ ਨੇ ਜਿਣਸ ਨੂੰ ਟਰਾਲੀਆਂ ’ਚੋਂ ਨਾ ਉਤਾਰਨ ਦਾ ਬਾਈਕਟ ਕੀਤਾ ਹੋਇਆ ਹੈ। ਭਾਵੇਂ ਪੰਜਾਬ ਸਰਕਾਰ ਵੱਲੋਂ ਆੜ੍ਹਤੀਆਂ ਸਮੇਤ ਮਜ਼ਦੂਰਾਂ ਨੂੰ ਝੋਨੇ ਦੀ ਖਰੀਦ ਵਿੱਚ ਸਾਥ ਦੇਣ ਲਈ ਕਿਹਾ ਗਿਆ ਹੈ, ਪਰ ਇਸਦੇ ਬਾਵਜੂਦ ਆੜ੍ਹਤੀਆਂ ਨੇ ਅਨਾਜ ਮੰਡੀਆਂ ਵਿੱਚ ਧਰਨੇ-ਮੁਜ਼ਾਹਰੇ ਕਰਕੇ ਫ਼ਸਲ ਖਰੀਦਣ ਤੋਂ ਕੋਰੀ ਨਾਂਹ ਕਰ ਦਿੱਤੀ ਹੈ। ਸਰਕਾਰ ਨੇ ਡਿਪਟੀ ਕਮਿਸ਼ਨਰਾਂ ਨੂੰ ਹੜਤਾਲੀ ਧਿਰਾਂ ਨਾਲ ਗੱਲਬਾਤ ਕਰਨ ਲਈ ਬੇਸ਼ੱਕ ਪ੍ਰੇਰਿਆ ਗਿਆ ਹੈ ਪਰ ਸ਼ਾਮ ਤੱਕ ਮਾਲਵਾ ਖੇਤਰ ਦੀਆਂ ਅਨਾਜ ਮੰਡੀਆਂ ਸਮੇਤ ਖਰੀਦ ਕੇਂਦਰਾਂ ਵਿੱਚ ਕੋਈ ਦਾਣਾ ਝੋਨੇ ਦਾ ਵਿਕਣ ਲਈ ਨਹੀਂ ਆਇਆ ਹੈ। ਆੜ੍ਹਤੀਆ ਐਸੋਸੀਏਸ਼ਨ ਮਾਨਸਾ ਵੱਲੋਂ ਫੈਡਰੇਸ਼ਨ ਆਫ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦੇ ਸੱਦੇ ’ਤੇ 1 ਅਕਤੂਬਰ ਤੋਂ ਅਣਮਿੱਥੇ ਲਈ ਪੰਜਾਬ ਵਿੱਚ ਅਣਮਿੱਥੇ ਸਮੇਂ ਲਈ ਹੜਤਾਲ ਕਰਕੇ ਮਾਰਕੀਟ ਕਮੇਟੀ ਦਫ਼ਤਰ ਮਾਨਸਾ ਦੇ ਅੱਗੇ ਧਰਨਾ ਦੇ ਕੇ ਰੋਸ ਮੁਜ਼ਾਹਰਾ ਕੀਤਾ, ਜਿਸ ਵਿੱਚ ਗੱਲਾ ਮਜ਼ਦੂਰ ਯੂਨੀਅਨ ਨੇ ਵੀ ਪ੍ਰਧਾਨ ਲੱਖਾ ਸਿੰਘ ਅਤੇ ਬਚਿੱਤਰ ਸਿੰਘ ਦੀ ਅਗਵਾਈ ਹੇਠ ਸ਼ਮੂਲੀਅਤ ਕੀਤੀ। ਜ਼ਿਲ੍ਹਾ ਆੜ੍ਹਤੀਆ ਐਸੋਸੀਏਸ਼ਨ ਦੇ ਸੀਨੀਅਰ ਵਾਈਸ ਪ੍ਰਧਾਨ ਰਾਕੇਸ਼ ਕਾਕੂ ਅਤੇ ਚੰਦਰ ਕਾਂਤ ਕੂਕੀ ਨੇ ਕਿਹਾ ਕਿ ਮੰਗਾਂ ਮੰਨੇ ਜਾਣ ਤੱਕ ਸੰਘਰਸ਼ ਜਾਰੀ ਰਹੇਗਾ। ਇਸੇ ਦੌਰਾਨ ਗੱਲਾ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਲੱਖਾ ਸਿੰਘ ਨੇ ਕਿਹਾ ਕਿ ਰਾਜ ਭਰ ਵਿੱਚ ਚੱਲ ਰਹੀ ਹੜਤਾਲ ਕਾਰਨ ਉਹ ਮੰਡੀਆਂ ਵਿੱਚ ਵਿਕਣ ਆ ਰਹੇ ਝੋਨੇ ਨੂੰ ਟਰਾਲੀਆਂ ’ਚੋਂ ਨਾ ਹੀ ਉਤਾਰਨਗੇ ਅਤੇ ਨਾ ਹੀ ਉਸਦੀ ਸਫ਼ਾਈ ਅਤੇ ਹੋਰ ਕਾਰਜ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰਿਆਣਾ ਦੀ ਤਰਜ਼ ’ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਸਵੀਕਾਰ ਕਰਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਤਿੰਨ ਦਿਨਾਂ ਦੇ ਅੰਦਰ-ਅੰਦਰ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਮੁੱਖ ਮਾਰਗ ਅਤੇ ਰੇਲਾਂ ਦੇ ਚੱਕੇ ਜਾਮ ਕੀਤੇ ਜਾਣਗੇ।
ਭੁੱਚੋ ਮੰਡੀ (ਪੱਤਰ ਪ੍ਰੇਰਕ): ਝੋਨੇ ਦੇ ਸੀਜ਼ਨ ਮੌਕੇ ਅਨਾਜ ਮੰਡੀ ਮਜ਼ਦੂਰ ਯੂਨੀਅਨ ਭੁੱਚੋ ਮੰਡੀ ਨੇ ਆਪਣੀਆਂ ਮੰਗਾਂ ਮੰਨਵਾਉਣ ਲਈ ਪ੍ਰਧਾਨ ਵੀਰ ਸਿੰਘ ਅਤੇ ਸਕੱਤਰ ਪ੍ਰੇਮ ਕੁਮਾਰ ਦੀ ਅਗਵਾਈ ਹੇਠ ਅਣਮਿਥੇ ਸਮੇਂ ਲਈ ਮੁਕੰਮਲ ਹੜਤਾਲ ਸ਼ੁਰੂ ਕਰਦਿਆਂ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਅਤੇ ਮਾਰਕੀਟ ਕਮੇਟੀ ਦੇ ਦਫ਼ਤਰ ਅੱਗੇ ਧਰਨਾ ਦਿੱਤਾ। ਉਨ੍ਹਾਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਨੇ ਮਜ਼ਦੂਰਾਂ ਦੇ ਸੰਘਰਸ਼ ਨੂੰ ਸਮਰਥਨ ਦਿੱਤਾ ਅਤੇ ਧਰਨੇ ਵਿੱਚ ਸ਼ਾਮਲ ਹੋਏ। ਕਾਂਗਰਸੀਆਂ ਅਤੇ ਮਜ਼ਦੂਰਾਂ ਨੇ ਮਾਰਕੀਟ ਕਮੇਟੀ ਦੇ ਸਕੱਤਰ ਰਜਿੰਦਰ ਸਿੰਘ ਨੂੰ ਮੰਗ ਪੱਤਰ ਸੌਂਪਿਆ।
ਬਠਿੰਡਾ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਪ੍ਰਬੰਧ ਅਧੂਰੇ
ਬਠਿੰਡਾ (ਮਨੋਜ ਸ਼ਰਮਾ): ਪੰਜਾਬ ਵਿੱਚ ਝੋਨੇ ਦੀ ਖ਼ਰੀਦ ਅੱਜ ਸ਼ੁਰੂ ਚੁੱਕੀ ਹੈ ਪਰ ਬਠਿੰਡੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਸਫਾਈ ਪ੍ਰਬੰਧ ਹਾਲੇ ਵੀ ਅਧੂਰੇ ਪਏ ਹਨ। ਜ਼ਿਲ੍ਹੇ ਦੀਆਂ ਬਹੁਤ ਸਾਰੀਆਂ ਮੰਡੀਆਂ ਵਿੱਚ ਪਾਥੀਆਂ ਦੇ ਢੇਰ ਲੱਗੇ ਹੋਏ ਹਨ। ਵੇਰਵਿਆਂ ਮੁਤਾਬਕ ਬਠਿੰਡਾ ਖੇਤਰ ਵਿੱਚ ਭਾਵੇਂ ਝੋਨੇ ਦੀ ਫ਼ਸਲ ਹਾਲੇ ਤਕ ਮੰਡੀਆਂ ਵਿੱਚ ਨਹੀਂ ਆਈ ਪਰ ਸਫਾਈ ਦਾ ਪ੍ਰਬੰਧ ਖ਼ਰੀਦ ਸ਼ੁਰੂ ਹੋਣ ਤੋਂ ਇੱਕ ਹਫ਼ਤਾ ਪਹਿਲਾਂ ਕਰਨਾ ਬਣਦਾ ਹੈ। ਬਠਿੰਡਾ ਦੀਆਂ ਅੱਧੀ ਦਰਜਨ ਮਾਰਕੀਟ ਕਮੇਟੀਆਂ ਵੱਲੋਂ ਮੰਡੀਆਂ ਵਿੱਚ ਬਿਜਲਈ ਰੋਸ਼ਨੀ ਵਾਲੇ ਟਾਵਰਾਂ ਦਾ ਕੰਮ ਬਹੁਤ ਹੌਲੀ ਚੱਲ ਰਿਹਾ ਹੈ ਜਦੋਂ ਕਿ ਠੇਕੇਦਾਰ ਵੱਲੋਂ ਝੋਨੇ ਦੇ ਸੀਜਨ ਤੋਂ ਪਹਿਲਾਂ ਪ੍ਰਬੰਧ ਮੁਕੰਮਲ ਕਰਨੇ ਸਨ। ਜ਼ਿਲ੍ਹੇ ਵਿੱਚ 182 ਜਿਣਸ ਕੇਂਦਰ ਬਣਾਏ ਗਏ ਹਨ। ਬੀਕੇਯੂ ਉਗਰਾਹਾਂ ਦੇ ਸੂਬਾ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਦਾ ਕਹਿਣਾ ਪੰਜਾਬ ਸਰਕਾਰ ਪੰਚਾਇਤ ਚੋਣਾਂ ਦੇ ਪ੍ਰਬੰਧਾਂ ਵਿੱਚ ਰੁੱਝੀ ਹੋਈ। ਉਨ੍ਹਾਂ ਕਿਹਾ ਕਿਹਾ ਕਿ ਕਿਸਾਨਾਂ ਦੀ ਮੁੱਖ ਫ਼ਸਲ ਝੋਨੇ ਲਈ ਮੰਡੀਆਂ ਵਿਚਲੇ ਪ੍ਰਬੰਧ ਇੱਕ ਹਫਤਾ ਪਹਿਲਾਂ ਕਰਨੇ ਚਾਹੀਦੇ ਸਨ। ਇਸ ਸਬੰਧੀ ਜ਼ਿਲ੍ਹਾ ਮੰਡੀ ਅਫਸਰ ਗੌਰਵ ਗਰਗ ਨੂੰ ਪੱਖ ਜਾਨਣ ਲਈ ਮੈਸਿਜ ਤੋਂ ਇਲਵਾ ਵਾਰ-ਵਾਰ ਫੋਨ ਰਾਹੀਂ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਫੋਨ ਨਹੀਂ ਚੁੱਕਿਆ। ਇਸ ਸਬੰਧੀ ਮੰਡੀਕਰਨ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਿਹਾ ਉਹ ਜ਼ਿਲ੍ਹਾ ਮੰਡੀ ਅਫਸਰ ਨਾਲ ਗੱਲ ਕਰਕੇ ਪ੍ਰਬੰਧ ਚੈੱਕ ਕਰਵਾਉਗੇ।