ਸਿੱਖਿਆ ਵਿਭਾਗ ਦੇ ਦਫ਼ਤਰੀ ਮੁਲਾਜ਼ਮਾਂ ਦੀ ਹੜਤਾਲ ਜਾਰੀ
ਨਿੱਜੀ ਪੱਤਰ ਪ੍ਰੇਰਕ
ਬਟਾਲਾ, 10 ਦਸੰਬਰ
ਸਿੱਖਿਆ ਵਿਭਾਗ ਦੇ ਦਫਤਰੀ ਕਾਮਿਆਂ ਦੀ ਸੂਬੇ ਭਰ ਦੇ ਦਫਤਰਾਂ ਵਿੱਚ ਕਲਮਛੋੜ ਹੜਤਾਲ ਸੱਤਵੇਂ ਦਿਨ ਵੀ ਜਾਰੀ ਰਹੀ। ਇਸ ਕਾਰਨ ਅਧਿਆਪਕ ਵਰਗ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸਰਵ ਸਿੱਖਿਆ ਅਭਿਆਨ ਮਿਡ-ਡੇਅ ਮੀਲ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂਆਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ 21 ਅਪਰੈਲ 2022 ਅਤੇ ਕੈਬਨਿਟ ਸਬ ਕਮੇਟੀ ਵੱਲੋਂ 14 ਮਾਰਚ ਨੂੰ ਮੰਗਾਂ ਮੰਨਣ ਦੇ ਬਾਵਜੂਦ ਵਿਭਾਗ ਵੱਲੋਂ ਮੰਗਾਂ ਨੂੰ ਅਮਲੀ ਜਾਮਾ ਨਹੀਂ ਪਹਿਨਾਇਆ ਗਿਆ ਜਦੋਂ ਕਿ 14 ਮਾਰਚ ਦੀ ਮੀਟਿੰਗ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਆਦੇਸ਼ਾਂ ਅਨੁਸਾਰ ਜਥੇਬੰਦੀ ਵੱਲੋਂ ਡੀ.ਜੀ.ਐਸ. ਈ ਨੂੰ ਹਲਫੀਆ ਬਿਆਨ ਵੀ ਦਿੱਤਾ ਗਿਆ ਸੀ। ਲੰਘੇ ਸੋਮਵਾਰ ਵਿੱਤ ਮੰਤਰੀ ਚੀਮਾ ਨਾਲ ਜਥੇਬੰਦੀ ਦੇ ਆਗੂਆਂ ਦੀ ਪੈਨਲ ਮੀਟਿੰਗ ਹੋਈ। ਮੀਟਿੰਗ ਦੌਰਾਨ ਵਿੱਤ ਮੰਤਰੀ ਵੱਲੋਂ ਸਾਰੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਦਫਤਰੀ ਕਰਮਚਾਰੀਆਂ ਨੂੰ ਰੈਗੂਲਰ ਕਰਨ ਅਤੇ ਤਨਖਾਹ ਦਾ ਮਸਲਾ 15 ਦਿਨ ਦੇ ਅੰਦਰ ਨਿਬੇੜਨ ਲਈ ਕਿਹਾ ਗਿਆ।
ਤਰਨ ਤਾਰਨ (ਪੱਤਰ ਪ੍ਰੇਰਕ): ਸਰਵ ਸਿੱਖਿਆ ਅਭਿਆਨ ਮਿਡ-ਡੇਅ ਮੀਲ ਦਫਤਰੀ ਕਰਮਚਾਰੀ ਯੂਨੀਅਨ ਪੰਜਾਬ ਦੀ ਅਗਵਾਈ ’ਚ ਸਿੱਖਿਆ ਵਿਭਾਗ ਦੇ ਦਫਤਰੀ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੀ ‘ਕਲਮ ਛੋੜ ਹੜਤਾਲ’ ਦੇ ਅੱਜ ਸੱਤਵੇਂ ਦਿਨ ਵੀ ਮੁਲਾਜਮਾਂ ਨੇ ਕੰਮ ਠੱਪ ਕਰ ਕੇ ਬਲਾਕ ਪੱਧਰ ਦੇ ਦਫਤਰਾਂ ਅੱਗੇ ਧਰਨੇ ਦਿੱਤੇ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਨੇ ਦੱਸਿਆ ਕਿ ਮੁਲਾਜ਼ਮਾਂ ਦੀ ਹੜਤਾਲ ਕਰਕੇ ਸਿੱਖਿਆ ਵਿਭਾਗ ਦਾ ਸਮੁੱਚਾ ਕੰਮ ਠੱਪ ਹੋ ਕੇ ਰਹਿ ਗਿਆ ਹੈ।
ਜਲੰਧਰ (ਪੱਤਰ ਪ੍ਰੇਰਕ): ਸਿੱਖਿਆ ਵਿਭਾਗ ਦੇ ਦਫਤਰੀ ਕਾਮਿਆਂ ਦੀ ਪੂਰੇ ਪੰਜਾਬ ਦੇ ਦਫ਼ਤਰਾਂ ਵਿੱਚ ਕਲਮ ਛੋੜ ਹੜਤਾਲ ਸੱਤਵੇਂ ਦਿਨ ਵੀ ਜਾਰੀ ਰਹੀ ਅਤੇ ਸਿੱਖਿਆ ਭਵਨ ਦੇ ਬਾਹਰ ਪੱਕਾ ਧਰਨਾ ਅੱਜ ਤੇਰ੍ਹਵੇਂ ਦਿਨ ਵਿੱਚ ਦਾਖਿਲ ਹੋ ਗਿਆ। ਆਗੂਆਂ ਕਿਹਾ ਕਿ ਮੁੱਖ ਮੰਤਰੀ ਵੱਲੋਂ 21 ਅਪਰੈਲ 2022 ਅਤੇ ਕੈਬਨਿਟ ਸਬ ਕਮੇਟੀ ਵੱਲੋਂ 14 ਮਾਰਚ 2024 ਨੂੰ ਮੰਗਾਂ ਮੰਨਣ ਦੇ ਬਾਵਜੂਦ ਵੀ ਵਿਭਾਗ ਵੱਲੋਂ ਮੰਗਾਂ ਨੂੰ ਅਮਲੀ ਜਾਮ ਨਹੀ ਪਹਿਨਾਇਆ ਗਿਆ।