ਟਰੇਡ ਯੂਨੀਅਨਾਂ ਦਾ ਹੈੱਡਕੁਆਰਟਰਾਂ ’ਤੇ ਧਰਨਾ ਸਮਾਪਤ
ਪੱਤਰ ਪ੍ਰੇਰਕ
ਯਮੁਨਾਨਗਰ, 10 ਅਗਸਤ
ਕੇਂਦਰ ਅਤੇ ਸੂਬਾ ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਕੇਂਦਰੀ ਟਰੇਡ ਯੂਨੀਅਨਾਂ ਅਤੇ ਕਰਮਚਾਰੀ ਸੰਗਠਨਾਂ ਦੇ ਸੱਦੇ ‘ਤੇ ਜ਼ਿਲ੍ਹਾ ਹੈੱਡਕੁਆਰਟਰਾਂ ਤੇ ਜਾਰੀ 24 ਘੰਟੇ ਦਾ ਧਰਨਾ ਅੱਜ ਰੋਸ ਪ੍ਰਦਰਸ਼ਨ ਤੋਂ ਬਾਅਦ ਸਮਾਪਤ ਹੋ ਗਿਆ । ਇਸ ਪ੍ਰੋਗਰਾਮ ਦੀ ਪ੍ਰਧਾਨਗੀ ਸਰਵ ਕਰਮਚਾਰੀ ਸੰਘ ਹਰਿਆਣਾ ਦੇ ਜ਼ਿਲ੍ਹਾ ਪ੍ਰਧਾਨ ਮਹੀਪਾਲ ਸੌਦੇ, ਸੀਟੂ ਦੇ ਜ਼ਿਲ੍ਹਾ ਪ੍ਰਧਾਨ ਰਾਮ ਕੁਮਾਰ ਕੰਬੋਜ ਨੇ ਸਾਂਝੇ ਤੌਰ ’ਤੇ ਕੀਤੀ । ਹਰਿਆਣਾ ਕਰਮਚਾਰੀ ਮਹਾਸੰਘ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸ਼ਰਮਾ, ਏਆਈਟੀਯੂਸੀ ਤੋਂ ਸੂਬਾ ਸਹਿ-ਸਕੱਤਰ ਹਰਭਜਨ ਸਿੰਘ ਸੰਧੂ, ਇੰਟਕ ਤੋਂ ਧਰਮਪਾਲ, ਐਸਕੇਐਮ ਤੋਂ ਜਰਨੈਲ ਸਿੰਘ ਸਾਂਗਵਾਨ ਨੇ ਸਰਕਾਰਾਂ ਦੀਆਂ ਕਰਮਚਾਰੀਆਂ ’ਤੇ ਕੀਤੀਆਂ ਜਾ ਰਹੀਆਂ ਵਧੀਕੀਆਂ ਸਬੰਧੀ ਵਿਚਾਰ ਪੇਸ਼ ਕੀਤੇ । ਮੰਚ ਸੰਚਾਲਨ ਜ਼ਿਲ੍ਹਾ ਸਕੱਤਰ ਸਰਵ ਕਰਮਚਾਰੀ ਸੰਘ ਹਰਿਆਣਾ ਦੇ ਗੁਲਸ਼ਨ ਭਾਰਦਵਾਜ ਅਤੇ ਸੰਘ ਦੇ ਸੇਵਾਮੁਕਤ ਵਰਿਆਮ ਸਿੰਘ ਨੇ ਕੀਤਾ । ਸਾਰੇ ਬੁਲਾਰਿਆਂ ਨੇ ਇੱਕ ਆਵਾਜ਼ ਵਿੱਚ ਕਿਹਾ ਕਿ ਕੇਂਦਰ ਸਰਕਾਰ ਅਤੇ ਸੂਬਾ ਸਰਕਾਰਾਂ ਲਗਾਤਾਰ ਲੋਕ ਵਿਰੋਧੀ ਨੀਤੀਆਂ ਲਾਗੂ ਕਰ ਰਹੀਆਂ ਹਨ । ਸਿੱਖਿਆ, ਸਿਹਤ, ਰਿਹਾਇਸ਼, ਰੁਜ਼ਗਾਰ, ਜਨਤਕ ਭੋਜਨ ਵੰਡ ਪ੍ਰਣਾਲੀ ਅਤੇ ਹੋਰ ਲੋਕ ਭਲਾਈ ਦੀਆਂ ਸਾਰੀਆਂ ਸਕੀਮਾਂ ਸੁੰਗੜਦੀਆਂ ਜਾ ਰਹੀਆਂ ਹਨ । ਸਰਮਾਏਦਾਰਾਂ ਦੇ ਹੱਕ ਵਿੱਚ ਅਤੇ ਕਿਰਤੀ ਵਰਗ ਦੇ ਵਿਰੋਧ ਵਿੱਚ ਕਿਰਤ ਕਾਨੂੰਨਾਂ ਵਿੱਚ ਬਦਲਾਅ ਕਰਕੇ ਲੋਕ ਵਿਰੋਧੀ ਨੀਤੀਆਂ ਨੂੰ ਤੇਜ਼ੀ ਨਾਲ ਲਾਗੂ ਕਰਨ ਦੀ ਸੋਚੀ ਸਮਝੀ ਸਾਜ਼ਿਸ਼ ਰਚੀ ਜਾ ਰਹੀ ਹੈ । ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਸਾਰੀਆਂ ਮੰਗਾਂ ਦਾ ਹੱਲ ਨਾ ਹੋਇਆ ਤਾਂ ਕੇਂਦਰੀ ਟਰੇਡ ਯੂਨੀਅਨਾਂ ਅਤੇ ਮੁਲਾਜ਼ਮ ਜਥੇਬੰਦੀਆਂ ਅੰਦੋਲਨ ਨੂੰ ਹੋਰ ਤੇਜ਼ ਕਰਨਗੀਆਂ ਅਤੇ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਆਪਣੀਆਂ ਲੋਕ ਵਿਰੋਧੀ ਨੀਤੀਆਂ ਵਾਪਸ ਲੈਣ ਲਈ ਮਜਬੂਰ ਕਰਨਗੀਆਂ।