ਬਠਿੰਡਾ ਵਿੱਚ ਤਕਨੀਕੀ ਯੂਨੀਵਰਸਿਟੀ ਦੇ ਅਧਿਆਪਕਾਂ ਦਾ ਸੰਘਰਸ਼
ਮਨੋਜ ਸ਼ਰਮਾ
ਬਠਿੰਡਾ, 24 ਸਤੰਬਰ
ਪੰਜਾਬ ਦੀਆਂ ਤਕਨੀਕੀ ਯੂਨੀਵਰਸਿਟੀਆਂ ਦੇ ਅਧਿਆਪਕਾਂ ਦਾ ਪ੍ਰਦਰਸ਼ਨ ਅੱਜ ਸੱਤਵੇਂ ਦਿਨ ਵੀ ਜਾਰੀ ਰਿਹਾ। ਯੂਨੀਵਰਸਿਟੀਆਂ ਦੇ ਫੈਕਲਟੀ ਮੈਂਬਰ ਨਵੇਂ ਤਨਖਾਹ ਸਕੇਲ ਲਾਗੂ ਕਰਵਾਉਣ ਲਈ ਡਟੇ ਹੋਏ ਹਨ। ਅਧਿਆਪਕਾਂ ਨੂੰ ਅੱਜ ਜਦੋਂ ਅਰਵਿੰਦ ਕੇਜਰੀਵਾਲ ਦੀ ਬਠਿੰਡਾ ਫੇਰੀ ਦੀ ਭਿਣਕ ਪਈ ਤਾਂ ਯੂਨੀਵਰਸਿਟੀ ਦੇ 4 ਫੈਕਲਟੀ ਮੈਂਬਰਾਂ ਨੇ ਆਪ ਸੁਪਰੀਮੋ ਨੂੰ ਮਿਲਣ ਦੀ ਕੋਸ਼ਿਸ਼ ਕੀਤੀ ਪਰ ਪੁਲੀਸ ਨੇ ਉਨ੍ਹਾਂ ਨੂੰ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਕੁਝ ਦਿਨਾਂ ਤੋਂ ਬਠਿੰਡਾ ਠਹਿਰੇ ਹੋਏ ਹਨ ਕਿਉਂਕਿ ਉਨ੍ਹਾਂ ਨੇ ਗੁਆਂਢੀ ਸੂਬੇ ਹਰਿਆਣਾ ਵਿੱਚ ਇੱਕ ਚੋਣ ਜਲਸੇ ਦੇ ਰੋਡ ਸ਼ੋਅ ਵਿਚ ਪੁੱਜਣਾ ਸੀ। ਅਧਿਆਪਕਾਂ ਨੇ ਦੋਸ਼ ਲਾਏ ਕਿ ਕਈ ਮੀਟਿੰਗਾਂ ਹੋਣ ਅਤੇ ਵਾਰ-ਵਾਰ ਦਿੱਤੇ ਗਏ ਭਰੋਸਿਆਂ ਦੇ ਬਾਵਜੂਦ ਤਕਨੀਕੀ ਯੂਨੀਵਰਸਿਟੀਆਂ ਦੇ ਅਧਿਆਪਕਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ। ਇਸ ਕਾਰਨ ਉਹ ਬਹੁਤ ਨਿਰਾਸ਼ ਹਨ। ਅਧਿਆਪਕਾਂ ਨੇ ਕਈ ਮੀਟਿੰਗਾਂ ਦੇ ਬਾਵਜੂਦ ਸਰਕਾਰ ਵੱਲੋਂ ਕੋਈ ਕਾਰਵਾਈ ਨਾ ਕਰਨ ’ਤੇ ਆਪਣੀ ਨਿਰਾਸ਼ਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਮੰਗਾਂ ਮੰਨੇ ਜਾਣ ਤੱਕ ਸੰਘਰਸ਼ ’ਤੇ ਡਟੇ ਰਹਿਣਗੇ।