ਸੁਪਰ ਫਾਸਟ ਰੇਲ ਗੱਡੀ ਦਾ ਨਾਂ ਸ਼ਹੀਦ ਊਧਮ ਸਿੰਘ ਦੇ ਨਾਂ ’ਤੇ ਰੱਖਿਆ ਜਾਵੇਗਾ: ਬਿੱਟੂ
ਸਤਨਾਮ ਸਿੰਘ ਸੱਤੀ
ਸੁਨਾਮ ਊਧਮ ਸਿੰਘ ਵਾਲਾ, 28 ਜੁਲਾਈ
ਕੇਂਦਰੀ ਰੇਲਵੇ ਰਾਜ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਸੁਨਾਮ ਪੁੱਜੇ ਰਵਨੀਤ ਸਿੰਘ ਬਿੱਟੂ ਨੇ ਸਥਾਨਕ ਸ਼ਹੀਦ ਊਧਮ ਸਿੰਘ ਸਮਾਰਕ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਹਨ। ਇਸ ਉਪਰੰਤ ਉਨ੍ਹਾਂ ਨੇ ਐਲਾਨ ਕੀਤਾ ਕਿ ਪੰਜਾਬ ’ਚ ਚੱਲਣ ਵਾਲੀ ਇਕ ਸੁਪਰ ਫਾਸਟ ਰੇਲ ਗੱਡੀ ਦਾ ਨਾਂਅ ਸ਼ਹੀਦ ਊਧਮ ਸਿੰਘ ਦੇ ਨਾਂਅ ’ਤੇ ਰੱਖਿਆ ਜਾਵੇਗਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰੀ ਰਾਜ ਮੰਤਰੀ ਸ੍ਰੀ ਬਿੱਟੂ ਨੇ ਸੁਨਾਮ ਵਿੱਚ ਰੇਲ ਵਿਭਾਗ ਨਾਲ ਸਬੰਧਤ ਚੱਲ ਰਹੇ ਅਤੇ ਸ਼ੁਰੂ ਹੋਣ ਵਾਲੇ ਕਾਰਜਾਂ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਨੁਮਾਇੰਦੇ ਇੱਥੋਂ ਦੇ ਲੋਕਾਂ ਨੂੰ ਗੁਮਰਾਹ ਕਰ ਕੇ ਪੰਜਾਬ ਸਰਕਾਰ ਦੀ ਮਸ਼ਹੂਰੀ ਕਰ ਰਹੇ ਹਨ, ਜੋ ਕਿ ਬਿਲਕੁਲ ਗਲਤ ਹੈ।
ਕੇਂਦਰੀ ਰਾਜ ਮੰਤਰੀ ਨੇ ਸ਼ਹਿਰ ਦੀ ਇੰਦਰਾ ਬਸਤੀ ਦੀ ਪਿੱਛੇ ਕੀਤੀ ਰੇਲਵੇ ਲਾਈਨ ਵਾਲੀ ਕੰਧ ਦੇ ਬਾਰੇ ਕਿਹਾ ਕਿ ਦਾਮਨ ਬਾਜਵਾ ਤੇ ਭਾਜਪਾ ਦੇ ਸੀਨੀਅਰ ਆਗੂ ਮੋਨਿਕਾ ਗੋਇਲ ਦੀ ਮਿਹਨਤ ਸਦਕਾ ਇਹ ਸਾਰਾ ਕੰਮ ਨੇਪਰੇ ਚੜ੍ਹਨ ਜਾ ਰਿਹਾ ਹੈ ਅਤੇ ਇਸ ਤੋਂ ਇਲਾਵਾ ਅੰਡਰਬ੍ਰਿਜ ਅਤੇ ਫੁੱਟ ਓਵਰਬ੍ਰਿਜ ਦਾ ਕੰਮ ਵੀ ਜਲਦੀ ਸ਼ੁਰੂ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਸ਼ਹੀਦ ਊਧਮ ਸਿੰਘ ਯਾਦਗਾਰੀ ਕਮੇਟੀ ਅਤੇ ਰਾਮ ਮੁਹੰਮਦ ਆਜ਼ਾਦ ਕਮੇਟੀ ਵੱਲੋਂ ਸੂਬਾ ਸਕੱਤਰ ਦਾਮਨ ਥਿੰਦ ਬਾਜਵਾ ਅਤੇ ਭਾਜਪਾ ਆਗੂ ਹਰਮਨ ਦੇਵ ਬਾਜਵਾ ਦੀ ਅਗਵਾਈ ਹੇਠ ਕੇਂਦਰੀ ਰਾਜ ਮੰਤਰੀ ਨੂੰ ਮੰਗ ਪੱਤਰ ਸੌਂਪੇ ਗਏ।
ਇਸ ਮੌਕੇ ਕੇਂਦਰੀ ਰਾਜ ਮੰਤਰੀ ਸ੍ਰੀ ਬਿੱਟੂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਰਵਿੰਦ ਖੰਨਾ, ਸੂਬਾ ਸਕੱਤਰ ਦਾਮਨ ਥਿੰਦ ਬਾਜਵਾ, ਭਾਜਪਾ ਆਗੂ ਹਰਮਨ ਦੇਵ ਸਿੰਘ ਬਾਜਵਾ, ਰਿਸ਼ੀਪਾਲ, ਨਿਰਪਾਲ ਸਿੰਘ, ਰਾਜੀਵ ਮੱਖਣ, ਸੰਜੈ ਗੋਇਲ, ਪ੍ਰੇਮ ਗੁਗਨਾਨੀ, ਮਾਲਵਿੰਦਰ ਸਿੰਘ ਗੋਲਡੀ, ਸ਼ੰਕਰ ਬਾਂਸਲ, ਜਰਨੈਲ ਸਿੰਘ ਢੋਟ ਅਤੇ ਮੋਨਿਕਾ ਗੋਇਲ ਸਣੇ ਹੋਰ ਭਾਜਪਾ ਆਗੂ ਮੌਜੂਦ ਸਨ।