For the best experience, open
https://m.punjabitribuneonline.com
on your mobile browser.
Advertisement

ਸੁਪਰੀਮ ਕੋਰਟ ਵੱਲੋਂ ਪੰਜਾਬ-ਹਰਿਆਣਾ ਤੋਂ ਜਵਾਬ ਤਲਬ

07:53 AM Nov 05, 2024 IST
ਸੁਪਰੀਮ ਕੋਰਟ ਵੱਲੋਂ ਪੰਜਾਬ ਹਰਿਆਣਾ ਤੋਂ ਜਵਾਬ ਤਲਬ
Advertisement

Advertisement

ਨਵੀਂ ਦਿੱਲੀ, 4 ਨਵੰਬਰ
ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਵਿੱਚ ਅਕਤੂਬਰ ਦੇ ਆਖ਼ਰੀ 10 ਦਿਨਾਂ ਦੌਰਾਨ ਖੇਤਾਂ ਵਿੱਚ ਪਰਾਲੀ ਸਾੜੇ ਜਾਣ ਦੀਆਂ ਘਟਨਾਵਾਂ ਵਿੱਚ ਵਾਧੇ ’ਤੇ ਦੋਵੇਂ ਸੂਬਿਆਂ ਦੀਆਂ ਸਰਕਾਰਾਂ ਤੋਂ 14 ਨਵੰਬਰ ਤੱਕ ਜਵਾਬ ਮੰਗਿਆ ਹੈ। ਦਿੱਲੀ-ਐੱਨਸੀਆਰ ’ਚ ਹਵਾ ਪ੍ਰਦੂਸ਼ਣ ਦੇ ਮੁੱਦੇ ’ਤੇ ਸੁਣਵਾਈ ਦੌਰਾਨ ਜਸਟਿਸ ਅਭੈ ਐੱਸ. ਓਕਾ ਅਤੇ ਜਸਟਿਸ ਆਗਸਟੀਨ ਜੌਰਜ ਮਸੀਹ ਦੇ ਬੈਂਚ ਨੇ ਸੈਂਟਰ ਫਾਰ ਸਾਇੰਸ ਐਂਡ ਐਨਵਾਇਰਨਮੈਂਟ (ਸੀਐੱਸਈ) ਦੀ ਇਕ ਰਿਪੋਰਟ ਦਾ ਹਵਾਲਾ ਦਿੰਦਿਆਂ ਕਿਹਾ ਕਿ ਦੀਵਾਲੀ ਤੋਂ ਇਕ ਦਿਨ ਪਹਿਲਾਂ ਖੇਤਾਂ ’ਚ ਅੱਗ ਲਾਉਣ ਦੀਆਂ 160 ਘਟਨਾਵਾਂ ਵਾਪਰੀਆਂ ਸਨ ਜੋ ਦੀਵਾਲੀ ਵਾਲੇ ਦਿਨ ਵੱਧ ਕੇ 605 ਹੋ ਗਈਆਂ। ਉਨ੍ਹਾਂ ਸੀਐੱਸਈ ਦੀ ਰਿਪੋਰਟ ਦਾ ਵੀ ਨੋਟਿਸ ਲਿਆ ਜਿਸ ’ਚ ਕਿਹਾ ਗਿਆ ਕਿ 2022 ਅਤੇ 2023 ਦੇ ਮੁਕਾਬਲੇ ’ਚ ਐਤਕੀਂ ਦੀਵਾਲੀ ਵਧੇਰੇ ਪ੍ਰਦੂਸ਼ਿਤ ਅਤੇ ਗਰਮ ਸੀ। ਦੀਵਾਲੀ ਦੌਰਾਨ ਦਿੱਲੀ ਵਿਚ ਪ੍ਰਦੂਸ਼ਣ ਬਹੁਤ ਜ਼ਿਆਦਾ ਵਧਣ ਦਾ ਸਖ਼ਤ ਨੋਟਿਸ ਲੈਂਦਿਆਂ ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਅਤੇ ਦਿੱਲੀ ਪੁਲੀਸ ਕਮਿਸ਼ਨਰ ਤੋਂ ਇਕ ਹਫ਼ਤੇ ਅੰਦਰ ਦੀਵਾਲੀ ਮੌਕੇ ਆਤਿਸ਼ਬਾਜ਼ੀ ’ਤੇ ਪਾਬੰਦੀ ਦੇ ਹੁਕਮਾਂ ਦੀ ਉਲੰਘਣਾ ਹੋਣ ਬਾਰੇ ਵੀ ਜਵਾਬ ਮੰਗਿਆ ਹੈ। ਬੈਂਚ ਨੇ ਅਖ਼ਬਾਰਾਂ ਦੀਆਂ ਉਨ੍ਹਾਂ ਰਿਪੋਰਟਾਂ ਦਾ ਹਵਾਲਾ ਦਿੱਤਾ ਜਿਨ੍ਹਾਂ ਵਿੱਚ ਅਦਾਲਤੀ ਆਦੇਸ਼ਾਂ ਦੀ ਵੱਡੇ ਪੱਧਰ ’ਤੇ ਉਲੰਘਣਾ ਹੋਣ ਦਾ ਜ਼ਿਕਰ ਕੀਤਾ ਗਿਆ ਸੀ। ਸੁਪਰੀਮ ਕੋਰਟ ਨੇ ਕੌਮੀ ਰਾਜਧਾਨੀ ’ਚ ਆਤਿਸ਼ਬਾਜ਼ੀ ’ਤੇ ਪਾਬੰਦੀ ਲਾਗੂ ਕਰਨ ਲਈ ਚੁੱਕੇ ਗਏ ਕਦਮਾਂ ਬਾਰੇ ਵੀ ਜਾਣਕਾਰੀ ਮੰਗੀ ਹੈ। ਬੈਂਚ ਨੇ ਕਿਹਾ, ‘‘ਅਸੀਂ ਚਾਹੁੰਦੇ ਹਾਂ ਕਿ ਦਿੱਲੀ ਵਿਚ ਪਟਾਕਿਆਂ ਦੀ ਵਿਕਰੀ, ਆਤਿਸ਼ਬਾਜ਼ੀ ਬਣਾਉਣ ਅਤੇ ਇਨ੍ਹਾਂ ਨੂੰ ਚਲਾਉਣ ’ਤੇ ਪਾਬੰਦੀ ਦੇ ਸਾਰੇ ਆਦੇਸ਼ ਰਿਕਾਰਡ ’ਤੇ ਰੱਖੇ ਜਾਣ। ਅਸੀਂ ਦਿੱਲੀ ਪੁਲੀਸ ਕਮਿਸ਼ਨਰ ਨੂੰ ਵੀ ਨੋਟਿਸ ਜਾਰੀ ਕਰ ਰਹੇ ਹਾਂ ਕਿ ਉਸ ਨੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਕੀ ਕਾਰਵਾਈ ਕੀਤੀ ਅਤੇ ਅਦਾਲਤ ਦੇ ਹੁਕਮਾਂ ਨੂੰ ਲਾਗੂ ਕਰਨ ਲਈ ਕਿਹੜੇ ਕਦਮ ਚੁੱਕੇ ਗਏ।” ਉਨ੍ਹਾਂ ਦਿੱਲੀ ਸਰਕਾਰ ਅਤੇ ਪੁਲੀਸ ਕਮਿਸ਼ਨਰ ਨੂੰ ਇਕ ਹਫ਼ਤੇ ਦੇ ਅੰਦਰ ਜਵਾਬ ਦਾਖ਼ਲ ਕਰਨ ਲਈ ਆਖਿਆ। ਬੈਂਚ ਨੇ ਆਪਣੇ ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਸੁਣਵਾਈ 14 ਨਵੰਬਰ ਤੱਕ ਮੁਲਤਵੀ ਕਰ ਦਿੱਤੀ। ਇਸ ਮਾਮਲੇ ’ਚ ਸਹਿਯੋਗ ਲਈ ਅਦਾਲਤੀ ਮਿੱਤਰ ਵਜੋਂ ਨਿਯੁਕਤ ਸੀਨੀਅਰ ਵਕੀਲ ਅਪਰਾਜਿਤਾ ਸਿੰਘ ਨੇ ਕਿਹਾ ਕਿ ਅਦਾਲਤੀ ਹੁਕਮਾਂ ਦੀ ਉਲੰਘਣਾ ਹੋਈ ਹੈ। ਉਨ੍ਹਾਂ ਸੀਐੱਸਈ ਦੀ ਰਿਪੋਰਟ ਪੇਸ਼ ਕੀਤੀ ਜਿਸ ’ਚ ਦੱਸਿਆ ਗਿਆ ਹੈ ਕਿ ਦੀਵਾਲੀ ਵਾਲੇ ਦਿਨ ਪ੍ਰਦੂਸ਼ਣ ਦਾ ਪੱਧਰ ਕਰੀਬ 30 ਫ਼ੀਸਦੀ ਤੱਕ ਵੱਧ ਗਿਆ ਸੀ। -ਪੀਟੀਆਈ

Advertisement

ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਦਮ ਚੁੱਕਣ ਦੇ ਹੁਕਮ

ਦੀਵਾਲੀ ਤੋਂ ਪਹਿਲਾਂ ਲੋਕਾਂ ’ਚ ਜਾਗਰੂਕਤਾ ਫੈਲਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਸੁਪਰੀਮ ਕੋਰਟ ਦੇ ਬੈਂਚ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਜਦੋਂ ਆਤਿਸ਼ਬਾਜ਼ੀ ਦੀ ਵਿਕਰੀ ’ਤੇ ਪਾਬੰਦੀ ਹੋਵੇਗੀ ਤਾਂ ਲੋਕ ਦੂਜੇ ਸੂਬਿਆਂ ਤੋਂ ਖ਼ਰੀਦ ਕੇ ਲਿਆਉਣ ਦੀ ਕੋਸ਼ਿਸ਼ ਕਰਨਗੇ। ਬੈਂਚ ਨੇ ਕਿਹਾ ਕਿ ਅਗਲੇ ਸਾਲ ਦੀ ਦੀਵਾਲੀ ਦੌਰਾਨ ਉਸ ਦੇ ਆਤਿਸ਼ਬਾਜ਼ੀ ’ਤੇ ਪਾਬੰਦੀ ਦੇ ਹੁਕਮਾਂ ਦੀ ਉਲੰਘਣਾ ਨਾ ਹੋਵੇ ਤਾਂ ਕੁਝ ਸਖ਼ਤ ਕਾਰਵਾਈ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਆਤਿਸ਼ਬਾਜ਼ੀ ’ਤੇ ਪਾਬੰਦੀ ਦੀ ਉਲੰਘਣਾ ਕਰਨ ਵਾਲੇ ਦੇ ਅਹਾਤੇ ਸੀਲ ਕਰਨ ਜਿਹੇ ਸਖ਼ਤ ਕਦਮ ਚੁੱਕਣ ਦੀ ਲੋੜ ਹੈ। ਇਕ ਅਰਜ਼ੀਕਾਰ ਵੱਲੋਂ ਪੇਸ਼ ਵਕੀਲ ਨੇ ਕਿਹਾ ਕਿ ਆਤਿਸ਼ਬਾਜ਼ੀ ’ਤੇ ਪਾਬੰਦੀ ਸਿਰਫ਼ ਦੀਵਾਲੀ ਤੱਕ ਨਹੀਂ ਸਗੋਂ ਪੂਰੇ ਸਾਲ ਲਈ ਲਾਗੂ ਹੋਣੀ ਚਾਹੀਦੀ ਹੈ। -ਪੀਟੀਆਈ

Advertisement
Author Image

Advertisement