ਸੁਪਰੀਮ ਕੋਰਟ ਅੱਜ ਤੀਸਤਾ ਦੀ ਅਰਜ਼ੀ ’ਤੇ ਸੁਣਵਾਈ ਕਰੇਗਾ
ਨਵੀਂ ਦਿੱਲੀ, 4 ਜੁਲਾਈ
ਸੁਪਰੀਮ ਕੋਰਟ ਵੱਲੋਂ ਸਮਾਜਿਕ ਕਾਰਕੁਨ ਤੀਸਤਾ ਸੀਤਲਵਾੜ ਦੀ ਗੁਜਰਾਤ ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਦਾਇਰ ਪਟੀਸ਼ਨ ’ਤੇ ਸੁਣਵਾਈ ਭਲਕੇ ਬੁੱਧਵਾਰ ਨੂੰ ਕੀਤੀ ਜਾਵੇਗੀ। ਹਾਈ ਕੋਰਟ ਨੇ ਸੀਤਲਵਾੜ ਦੀ ਪੱਕੀ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਸੀ ਅਤੇ ਉਸ ਨੂੰ 2002 ਦੇ ਗੋਧਰਾ ਕਾਂਡ ਮਗਰੋਂ ਭੜਕੇ ਦੰਗਿਆਂ ਦੇ ਮਾਮਲਿਆਂ ’ਚ ਬੇਕਸੂਰ ਲੋਕਾਂ ਨੂੰ ਫਸਾਉਣ ਲਈ ਕਥਿਤ ਸਬੂਤ ਘੜਨ ਦੇ ਕੇਸ ’ਚ ਤੁਰੰਤ ਆਤਮ ਸਮਰਪਣ ਕਰਨ ਦਾ ਨਿਰਦੇਸ਼ ਦਿੱਤਾ ਸੀ। ਵਿਸ਼ੇਸ਼ ਸੁਣਵਾਈ ਦੌਰਾਨ ਬੀਤੇ ਸ਼ਨਿਚਰਵਾਰ ਨੂੰ ਸਿਖਰਲੀ ਅਦਾਲਤ ਨੇ ਸੀਤਲਵਾੜ ਨੂੰ ਗ੍ਰਿਫ਼ਤਾਰੀ ਤੋਂ ਅੰਤਰਿਮ ਰਾਹਤ ਦਿੰਦਿਆਂ ਹਾਈ ਕੋਰਟ ਦੇ ਹੁਕਮਾਂ ’ਤੇ ਇੱਕ ਹਫ਼ਤੇ ਲਈ ਰੋਕ ਲਗਾ ਦਿੱਤੀ ਸੀ। ਸਿਖਰਲੀ ਅਦਾਲਤ ਦੀ ਵੈੱਬਸਾਈਟ ’ਤੇ ਜਾਰੀ ਕੀਤੀ ਗਈ ਸੂਚੀ ਮੁਤਾਬਕ ਜਸਟਿਸ ਬੀਆਰ ਗਵਈ, ਜਸਟਿਸ ਏਐੱਸ ਬੋਪੰਨਾ ਤੇ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਵੱਲੋਂ ਬੁੱਧਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਕੀਤੀ ਜਾਵੇਗੀ। ਇਨ੍ਹਾਂ ਤਿੰਨਾਂ ਜੱਜਾਂ ’ਤੇ ਆਧਾਰਿਤ ਵਿਸ਼ੇਸ਼ ਬੈਂਚ ਨੇ ਪਹਿਲੀ ਜੁਲਾਈ ਨੂੰ ਹਾਈ ਕੋਰਟ ਦੇ ਹੁਕਮਾਂ ’ਤੇ ਹੈਰਾਨੀ ਜ਼ਾਹਿਰ ਕਰਦਿਆਂ ਕਿਹਾ ਸੀ ਕਿ ਆਮ ਅਪਰਾਧੀ ਵੀ ਕੁਝ ਅੰਤਰਿਮ ਰਾਹਤ ਦਾ ਹੱਕਦਾਰ ਹੁੰਦਾ ਹੈ। ਉਧਰ, ਗੁਜਰਾਤ ਸਰਕਾਰ ਨੇ ਅਹਿਮਦਾਬਾਦ ਦੀ ਸੈਸ਼ਨ ਕੋਰਟ ਵਿੱਚ ਹਲਫ਼ਨਾਮਾ ਦਾਇਰ ਕਰ ਕੇ ਤੀਸਤਾ ਸੀਤਲਵਾੜ ਨੂੰ ਜ਼ਮਾਨਤ ਦੇਣ ਦਾ ਵਿਰੋਧ ਕੀਤਾ ਹੈ। -ਪੀਟੀਆਈ