ਆਰਡੀਐੱਫ ਬਾਰੇ ਪੰਜਾਬ ਦੀ ਪਟੀਸ਼ਨ ’ਤੇ ਸੁਣਵਾਈ ਕਰੇਗੀ ਸੁਪਰੀਮ ਕੋਰਟ
ਨਵੀਂ ਦਿੱਲੀ, 18 ਸਤੰਬਰ
ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਉਹ ਪੰਜਾਬ ਸਰਕਾਰ ਦੀ ਉਸ ਅੰਤਰਿਮ ਪਟੀਸ਼ਨ ਨੂੰ ਸੁਣਵਾਈ ਲਈ ਸੂਚੀਬੱਧ ਕਰੇਗਾ, ਜਿਸ ਵਿਚ ਪੇਂਡੂ ਵਿਕਾਸ ਫੰਡ (ਆਰਡੀਐੱਫ) ਦੇ ਬਕਾਏ ਦੇ ਰੂਪ ਵਿਚ ਕੇਂਦਰ ਤੋਂ 1000 ਕਰੋੜ ਰੁਪਏ ਜਾਰੀ ਕਰਨ ਦੀ ਮੰਗ ਕੀਤੀ ਗਈ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ’ਤੇ ਆਧਾਰਿਤ ਬੈਂਚ ਬਾਅਦ ਦੁਪਹਿਰ ਜਿਵੇਂ ਹੀ ਸੁਣਵਾਈ ਲਈ ਬੈਠਿਆ ਤਾਂ ਪੰਜਾਬ ਸਰਕਾਰ ਦੇ ਵਕੀਲ ਨੇ ਕਿਹਾ ਕਿ ਅੰਤਰਿਮ ਪਟੀਸ਼ਨ 2 ਸਤੰਬਰ ਨੂੰ ਸੁਣਵਾਈ ਲਈ ਸੂਚੀਬੱਧ ਸੀ ਪਰ ਇਸ ’ਤੇ ਸੁਣਵਾਈ ਨਹੀਂ ਹੋ ਸਕੀ। ਅਰਜ਼ੀ ’ਤੇ ਤੁਰੰਤ ਸੁਣਵਾਈ ਦੀ ਮੰਗ ਕਰਦਿਆਂ ਵਕੀਲ ਨੇ ਕਿਹਾ ਕਿ ਪਟੀਸ਼ਨ ’ਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਮਾਮਲੇ ਦੀ ਸੁਣਵਾਈ ਸ਼ੁਰੂ ਹੋਣ ਤੋਂ ਪਹਿਲਾਂ ਜਵਾਬ ਦਾਖ਼ਲ ਕੀਤਾ ਜਾ ਸਕੇ।
ਚੀਫ਼ ਜਸਟਿਸ ਨੇ ਕਿਹਾ ਕਿ ਪਟੀਸ਼ਨ ਨੂੰ ਸੁਣਵਾਈ ਲਈ ਸੂਚੀਬੱਧ ਕੀਤਾ ਜਾਵੇਗਾ ਪਰ ਕੇਂਦਰ ਸਰਕਾਰ ਨੂੰ ਕੋਈ ਨੋਟਿਸ ਜਾਰੀ ਨਹੀਂ ਕੀਤਾ ਗਿਆ। ਇਸ ਤੋਂ ਪਹਿਲਾਂ ‘ਆਪ’ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਨੇ ਵੀ ਅਰਜ਼ੀ ’ਤੇ ਫੌਰੀ ਸੁਣਵਾਈ ਦਾ ਜ਼ਿਕਰ ਕੀਤਾ ਸੀ। ਸਿਖ਼ਰਲੀ ਅਦਾਲਤ ਨੇ 30 ਅਗਸਤ ਨੂੰ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੂੰ ਭਰੋਸਾ ਦਿੱਤਾ ਸੀ ਕਿ ਪਟੀਸ਼ਨ ’ਤੇ 2 ਸਤੰਬਰ ਨੂੰ ਸੁਣਵਾਈ ਕੀਤੀ ਜਾਵੇਗੀ। ਸੂਬਾ ਸਰਕਾਰ ਨੇ ਕੇਂਦਰ ਖ਼ਿਲਾਫ਼ ਅੰਤਰਿਮ ਅਰਜ਼ੀ ਦਾਇਰ ਕੀਤੀ ਹੈ, ਜਿਸ ਵਿਚ ਅੰਤਰਿਮ ਉਪਾਅ ਵਜੋਂ 1,000 ਕਰੋੜ ਰੁਪਏ ਤੋਂ ਵੱਧ ਦੀ ਰਕਮ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਗਈ ਹੈ। ਪੰਜਾਬ ਸਰਕਾਰ ਨੇ 2023 ਵਿੱਚ ਕੇਂਦਰ ਉੱਤੇ ਪੇਂਡੂ ਵਿਕਾਸ ਫੰਡ (ਆਰਡੀਐੱਫ) ਜਾਰੀ ਨਾ ਕਰਨ ਅਤੇ ਮਾਰਕੀਟ ਫ਼ੀਸ ਦਾ ਇੱਕ ਹਿੱਸਾ ਰੋਕਣ ਦਾ ਦੋਸ਼ ਲਾਉਂਦਿਆਂ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ। ਉਸ ਨੇ ਦਾਅਵਾ ਕੀਤਾ ਸੀ ਕਿ ਕੇਂਦਰ ’ਤੇ ਪੰਜਾਬ ਦਾ 4,200 ਕਰੋੜ ਰੁਪਏ ਬਕਾਇਆ ਹੈ। ਅਰਜ਼ੀ ’ਚ ਕਿਹਾ ਗਿਆ ਹੈ ਕਿ ਆਰਡੀਐੱਫ ਅਤੇ ਮਾਰਕੀਟ ਫ਼ੀਸ ਦੀ ਅਦਾਇਗੀ ਨਾ ਹੋਣ ਕਾਰਨ ਖ਼ਰੀਦ ਪ੍ਰਕਿਰਿਆ ’ਚ ਅੜਿੱਕਾ ਪੈ ਰਿਹਾ ਹੈ। -ਪੀਟੀਆਈ