For the best experience, open
https://m.punjabitribuneonline.com
on your mobile browser.
Advertisement

ਅਧਿਆਪਕਾਂ ਵੱਲੋਂ ਦਸਹਿਰੇ ਮੌਕੇ ਮਾਨ ਤੇ ਬੈਂਸ ਦਾ ਪੁਤਲਾ ਫੂਕਣ ਦਾ ਐਲਾਨ

07:54 AM Oct 07, 2024 IST
ਅਧਿਆਪਕਾਂ ਵੱਲੋਂ ਦਸਹਿਰੇ ਮੌਕੇ ਮਾਨ ਤੇ ਬੈਂਸ ਦਾ ਪੁਤਲਾ ਫੂਕਣ ਦਾ ਐਲਾਨ
Advertisement

ਕੁਲਦੀਪ ਸਿੰਘ
ਚੰਡੀਗੜ੍ਹ, 6 ਅਕਤੂਬਰ
ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀਟੀਐੱਫ) ਨੇ 12 ਅਕਤੂਬਰ ਨੂੰ ਦਸਹਿਰੇ ਵਾਲੇ ਦਿਨ ਸਿੱਖਿਆ ਮੰਤਰੀ ਦੇ ਪਿੰਡ ਵਿੱਚ ਮੁੱਖ ਮੰਤਰੀ ਪੰਜਾਬ, ਸਿੱਖਿਆ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਆਦਮ ਕੱਦ ਪੁਤਲਾ ਫੂਕਣ ਦਾ ਐਲਾਨ ਕੀਤਾ ਹੈ। ਇਹ ਫੈਸਲਾ ਫਰੰਟ ਦੇ ਅਹੁਦੇਦਾਰਾਂ ਦੀ ਮੀਟਿੰਗ ’ਚ ਲਿਆ ਗਿਆ।
ਫਰੰਟ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਦੱਸਿਆ ਕਿ ਸਿੱਖਿਆ ਵਿੱਚ ਕ੍ਰਾਂਤੀ ਲਿਆਉਣ ਦੇ ਦਾਅਵੇ ਕਰਨ ਵਾਲੀ ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੁਝ ਅਹਿਮ ਵਿਭਾਗੀ ਮਾਮਲੇ ਭਰੋਸੇ ਦੇਣ ਦੇ ਬਾਵਜੂਦ ਹੱਲ ਨਹੀਂ ਕੀਤੇ ਜਾ ਰਹੇ। ਇਨ੍ਹਾਂ ਮਸਲਿਆਂ ’ਚ 10-10 ਸਾਲਾਂ ਤੋਂ ਬੇਇਨਸਾਫੀ ਅਤੇ ਪੱਖਪਾਤ ਦਾ ਸ਼ਿਕਾਰ ਅਧਿਆਪਕ ਨਰਿੰਦਰ ਭੰਡਾਰੀ, ਡਾ. ਰਵਿੰਦਰ ਕੰਬੋਜ, ਓਡੀਐੱਲ ਮਾਮਲਿਆਂ ਨਾਲ ਸਬੰਧਤ ਅਧਿਆਪਕਾਂ ਅਤੇ 14 ਹਿੰਦੀ ਅਧਿਆਪਕਾਂ ਦੇ ਬਕਾਇਆ ਰੈਗੂਲਰ ਆਰਡਰ ਜਾਰੀ ਨਹੀਂ ਕੀਤੇ ਜਾ ਰਹੇ। ਲੈਕਚਰਾਰ ਮੁਖਤਿਆਰ ਸਿੰਘ ਜਲਾਲਾਬਾਦ ਨੂੰ ਸਿਆਸੀ ਦਖਲਅੰਦਾਜ਼ੀ ਤਹਿਤ ਸੈਂਕੜੇ ਕਿਲੋਮੀਟਰ ਦੂਰ ਬਦਲਣਾ ਵੀ ਇਨ੍ਹਾਂ ਮਸਲਿਆਂ ਵਿੱਚ ਸ਼ਾਮਲ ਹੈ।
ਡੀਟੀਐੱਫ ਆਗੂਆਂ ਨੇ ਕਿਹਾ ਕਿ ਇਨ੍ਹਾਂ ਮੁੱਦਿਆਂ ਨੂੰ ਲੈ ਕੇ ਸਿੱਖਿਆ ਮੰਤਰੀ ਨਾਲ ਕਈ ਵਾਰ ਮੀਟਿੰਗਾਂ ਕਰ ਕੇ ਅਧਿਆਪਕਾਂ ਨਾਲ ਇਨਸਾਫ ਕਰਨ ਦੀ ਮੰਗ ਕੀਤੀ ਗਈ ਪਰ ਅੱਜ ਤੱਕ ਕੋਈ ਵੀ ਠੋਸ ਕਦਮ ਨਹੀਂ ਚੁੱਕਿਆ ਗਿਆ। ਸਿੱਖਿਆ ਮੰਤਰੀ ਦੇ ਲਾਰਿਆਂ ਤੋਂ ਤੰਗ ਆ ਕੇ ਦਸਹਿਰੇ ਵਾਲੇ ਦਿਨ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿੱਚ ਬੱਝਵੇਂ ਰੂਪ ਵਿੱਚ ਇਕੱਠੇ ਹੋਏ ਅਧਿਆਪਕਾਂ ਨੂੰ ਇਨਸਾਫ ਦਿਵਾਉਣ ਲਈ ਸੰਘਰਸ਼ਾਂ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

Advertisement

Advertisement
Advertisement
Author Image

Advertisement