ਅਧਿਆਪਕਾਂ ਨੇ ਸਿੱਖਿਆ ਅਫ਼ਸਰ ਦੇ ਦਫ਼ਤਰ ਅੱਗੇ ਮੰਗ ਪੱਤਰ ਚਿਪਕਾਇਆ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 5 ਸਤੰਬਰ
ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਜ਼ਿਲ੍ਹਾ ਸੰਗਰੂਰ ਵੱਲੋਂ ਅੱਜ ਅਧਿਆਪਕ ਦਿਵਸ ਮੌਕੇ ਅਧਿਆਪਕਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਮੰਨਵਾਉਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੇ ਦਫ਼ਤਰ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਧਰਨਾ ਦਿੱਤਾ ਗਿਆ। ਇਸ ਤੋਂ ਬਾਅਦ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਦੇ ਦਫ਼ਤਰ ਤੱਕ ਰੋਸ ਮਾਰਚ ਕੀਤਾ ਅਤੇ ਦਫ਼ਤਰ ਅੱਗੇ ਮੰਗਾਂ ਸਬੰਧੀ ਨੋਟਿਸ ਚਿਪਕਾਇਆ। ਧਰਨੇ ਨੂੰ ਸੰਬੋਧਨ ਕਰਦਿਆਂ ਡੀਟੀਐੱਫ਼ ਦੇ ਜ਼ਿਲ੍ਹਾ ਪ੍ਰਧਾਨ ਦਾਤਾ ਸਿੰਘ ਨਮੋਲ ਨੇ ਕਿਹਾ ਕਿ ਅਧਿਆਪਕਾਂ ਦੀਆਂ ਮੰਗਾਂ ਲੰਮੇ ਸਮੇਂ ਤੋਂ ਲਟਕ ਰਹੀਆਂ ਹਨ ਜਿਨ੍ਹਾਂ ਵਿਚ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਅਧਿਆਪਕਾਂ ਦੇ ਸਾਰੇ ਕਾਡਰਾਂ ਦੀਆਂ ਤਰੱਕੀਆਂ, ਕੰਪਿਊਟਰ, ਐਸੋਸੀਏਟ ਅਤੇ ਐੱਨਐੱਸਕਿਉਐੱਫ਼ ਅਧਿਆਪਕਾਂ ਨੂੰ ਪੂਰੇ ਲਾਭਾਂ ਸਮੇਤ ਵਿਭਾਗ ਵਿੱਚ ਰੈਗੂਲਰ ਕਰਨ, ਪੇਂਡੂ ਭੱਤੇ ਸਮੇਤ 37 ਤਰ੍ਹਾਂ ਦੇ ਬੰਦ ਕੀਤੇ ਭੱਤੇ ਬਹਾਲ ਕਰਨ, ਏਸੀਪੀ ਸਕੀਮ ਬਹਾਲ ਕਰਨ, ਪਾਰਦਰਸ਼ੀ ਤਰੀਕੇ ਨਾਲ ਸਾਰੇ ਕਾਡਰਾਂ ਦੇ ਅਧਿਆਪਕਾਂ ਨੂੰ ਬਦਲੀ ਕਰਾਉਣ ਆਦਿ ਸ਼ਾਮਲ ਹਨ। ਉਨ੍ਹਾਂ ਦੋਸ਼ ਲਾਇਆ ਕਿ ਡੀਈਓ ਐਲੀਮੈਂਟਰੀ ਵਲੋਂ ਜਥੇਬੰਦੀ ਦੀ ਸੁਣਵਾਈ ਨਾ ਕਰਨ, ਮੀਟਿੰਗ ਦਾ ਸਮਾਂ ਦੇ ਕੇ ਨਾ ਮਿਲਣ ਅਤੇ ਹਰੇਕ ਮਸਲੇ ਨੂੰ ਲਟਕਾਉਣ ਅਤੇ ਹੱਲ ਨਾ ਕਰਨ ਵਿਰੁੱਧ ਅਧਿਆਪਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਅਧਿਆਪਕ ਦਿਵਸ ਮੌਕੇ ਅਧਿਆਪਕਾਂ ਵਲੋਂ ਜਿਥੇ ਡੀਈਓ ਐਲੀਮੈਂਟਰੀ ਦਫ਼ਤਰ ਅੱਗੇ ਰੋਸ ਧਰਨਾ ਦੇ ਕੇ ਸਰਕਾਰ ਅਤੇ ਅਧਿਕਾਰੀ ਪ੍ਰਤੀ ਰੋਸ ਜਤਾਇਆ ਗਿਆ ਹੈ ਉਥੇ ਡੀਈਓ ਸੈਕੰਡਰੀ ਦਫ਼ਤਰ ਤੱਕ ਰੋਸ ਮਾਰਚ ਕੀਤਾ ਗਿਆ। ਡੀਈਓ ਸੈਕੰਡਰੀ ਨਾ ਮਿਲਣ ਕਾਰਨ ਮੰਗ ਪੱਤਰ ਦਫ਼ਤਰ ਦੇ ਨੋਟਿਸ ਬੋਰਡ ’ਤੇ ਚਿਪਕਾ ਦਿੱਤਾ ਗਿਆ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ।