ਅਧਿਆਪਕਾਂ ਨੇ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ
ਪੱਤਰ ਪ੍ਰੇਰਕ
ਮਾਨਸਾ, 18 ਨਵੰਬਰ
ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਸੱਤਾ ’ਚ ਆਉਣ ਤੋਂ ਪਹਿਲਾਂ ਸੂਬੇ ਦੇ ਦੋ ਲੱਖ ਕਰਮਚਾਰੀਆਂ ਨਾਲ ਵਾਅਦਾ ਕੀਤਾ ਸੀ ਕਿ ਸੱਤਾ ਵਿੱਚ ਆਉਂਦਿਆਂ ਹੀ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ, ਪਰ ਅੱਜ ਤੋਂ 2 ਸਾਲ ਪਹਿਲਾਂ ਜਾਰੀ ਕੀਤਾ ਗਿਆ 18 ਨਵੰਬਰ 2022 ਦਾ ਨੋਟੀਫਿਕੇਸ਼ਨ ਪੰਜਾਬ ਸਰਕਾਰ ਲਾਗੂ ਕਰਨਾ ਭੁੱਲ ਗਈ ਹੈ, ਜਿਸ ਦੇ ਰੋਸ ਵਜੋਂ ਡੈਮੋਕਰੇਟਿਕ ਟੀਚਰਜ਼ ਫਰੰਟ ਮਾਨਸਾ (ਡੀਟੀਐੱਫ) ਵੱਲੋਂ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕੀਆਂ ਗਈਆਂ।
ਡੀਟੀਐੱਫ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਤਾਮਕੋਟ ਨੇ ਦੱਸਿਆ ਕਿ ਅੱਜ ਨੋਟੀਫਿਕੇਸ਼ਨ ਦੀ ਦੂਜੇ ਵਰ੍ਹੇਗੰਢ ਦੇ ਮੌਕੇ ’ਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸੱਦੇ ਉੱਤੇ ਮਾਨਸਾ ਜ਼ਿਲ੍ਹੇ ਦੇ ਸਕੂਲਾਂ ਰਾਏਪੁਰ, ਕੋਟਲੀ ਕਲਾਂ, ਕੋਟਲੀ ਖੁਰਦ, ਦਾਤੇਵਾਸ, ਖੀਵਾ ਖੁਰਦ, ਤਾਮਕੋਟ, ਰੱਲਾ, ਅਲੀਸ਼ੇਰ ਖੁਰਦ, ਮੰਢਾਲੀ, ਕੋਰਵਾਲਾ, ਫਰੀਦਕੇ, ਗੰਢੂ ਕਲਾਂ, ਧਿੰਗੜ ਤੇ ਭੰਮੇ ਖੁਰਦ ਸਕੂਲਾਂ ਵਿੱਚ ਕਾਲੇ ਬਿੱਲੇ ਲਗਾ ਅਤੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਕਾਲਾ ਦਿਵਸ ਮਨਾਇਆ ਗਿਆ। ਉਨ੍ਹਾਂ ਕਿਹਾ ਕਿ ਜੇਕਰ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਸਬੰਧੀ ਨੋਟੀਫਿਕੇਸ਼ਨ ਨੂੰ ਲਾਗੂ ਨਾ ਕੀਤਾ ਗਿਆ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।
ਇਸ ਮੌਕੇ ਗੁਰਤੇਜ ਉੱਭਾ, ਰਾਜਵਿੰਦਰ ਸਿੰਘ ਬਹਿਣੀਵਾਲ, ਗੁਰਬਚਨ ਹੀਰੇਵਾਲਾ, ਗੁਰਪ੍ਰੀਤ ਭੀਖੀ, ਨਵਜੋਸ਼ ਸਪੋਲੀਆ, ਗੁਰਦੀਪ ਬਰਨਾਲਾ, ਚਰਨਪਾਲ ਸਿੰਘ, ਜਸਵਿੰਦਰ ਹਾਕਮਵਾਲਾ, ਬਲਕਾਰ ਸਿੰਘ, ਗੁਰਦੀਪ ਝੰਡੂਕੇ, ਸੁਖਚੈਨ ਸਿੰਘ ਸੇਖੋਂ, ਜਗਦੇਵ ਸਿੰਘ, ਮੱਘਰ ਸਿੰਘ, ਜਗਪਾਲ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਵੀ ਮੌਜੂਦ ਸਨ।