ਅਧਿਆਪਕਾਂ ਵੱਲੋਂ ਡੀਸੀ ਦਫ਼ਤਰ ਦਾ ਘਿਰਾਓ
ਸਤਵਿੰਦਰ ਬਸਰਾ
ਲੁਧਿਆਣਾ, 8 ਅਗਸਤ
ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਜ਼ਿਲ੍ਹਾ ਲੁਧਿਆਣਾ ਵੱਲੋਂ ਅੱਜ ਅਧਿਆਪਕਾਂ ਅਤੇ ਸਕੂਲਾਂ ਦੇ ਵਿੱਤੀ ਅਤੇ ਢਾਂਚਾਗਤ ਮਸਲਿਆਂ ਨਾਲ ਸਬੰਧਤ ਭਖਵੀਆਂ ਮੰਗਾਂ ਨੂੰ ਲੈ ਕੇ ਡੀਸੀ ਦਫ਼ਤਰ ਲੁਧਿਆਣਾ ਦੇ ਅੱਗੇ ਧਰਨਾ ਲਾਇਆ ਗਿਆ ਅਤੇ ਇਸ ਉਪਰੰਤ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ। ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਸਮਰਾਲਾ ਅਤੇ ਜਨਰਲ ਸਕੱਤਰ ਹਰਜੀਤ ਸਿੰਘ ਸੁਧਾਰ ਨੇ ਦੱਸਿਆ ਕਿ ਲਏ ਗਏ ਫ਼ੈਸਲੇ ਅਨੁਸਾਰ ਅੱਜ ਰੋਸ ਧਰਨਾ ਅਤੇ ਮੰਗ ਪੱਤਰ ਦਿੱਤਾ ਗਿਆ। ਇਸ ਮੰਗ ਪੱਤਰ ਰਾਹੀਂ ਪੰਜਾਬ ਸਰਕਾਰ ਤੋਂ ਪੇਂਡੂ ਭੱਤੇ, ਬਾਰਡਰ ਭੱਤੇ, ਸਾਇੰਸ ਪ੍ਰੈਕਟੀਕਲ ਭੱਤੇ ਸਮੇਤ ਬੰਦ ਕੀਤੇ ਭੱਤੇ ਬਹਾਲ ਕਰਨ, ਏ.ਸੀ.ਪੀ. ਸਕੀਮ ਲਾਗੂ ਕਰਨ, ਸਾਰੇ ਅਧਿਆਪਕਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਅਧੀਨ ਲਿਆਉਣ, ਨਵ-ਨਿਯੁਕਤ ਅਧਿਆਪਕਾਂ ’ਤੇ ਕੇਂਦਰੀ ਤਨਖਾਹ ਸਕੇਲ ਲਾਗੂ ਕਰਨ ਦਾ ਫੈਸਲਾ ਵਾਪਸ ਲੈਣ, ਕੱਚੇ ਅਧਿਆਪਕ ਪੱਕੇ ਕਰਨ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕਰਨ ਆਦਿ ਦੀ ਮੰਗ ਕੀਤੀ ਗਈ ਹੈ। ਧਰਨੇ ਵਿੱਚ ਜ਼ਿਲ੍ਹੇ ਭਰ ਵਿੱਚੋਂ ਵੱਡੀ ਗਿਣਤੀ ਵਿੱਚ ਅਧਿਆਪਕ ਸ਼ਾਮਲ ਹੋਏ। ਧਰਨੇ ਨੂੰ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਸਮਰਾਲਾ ਤੋਂ ਇਲਾਵਾ ਹਰਜੀਤ ਸਿੰਘ ਸੁਧਾਰ, ਹਰਪਿੰਦਰ ਸਿੰਘ ਸ਼ਾਹੀ, ਸੁਖਜਿੰਦਰ ਸਿੰਘ, ਅਰਵਿੰਦਰ ਸਿੰਘ ਭੰਗੂ, ਸੁਖਦੇਵ ਸਿੰਘ ਹਠੂਰ, ਗੁਰਪ੍ਰੀਤ ਸਿੰਘ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਸੂਬੇ ਦੀ ਮੌਜੂਦਾ ਸਰਕਾਰ ਵੀ ਪਿਛਲੀਆਂ ਸਰਕਾਰਾਂ ਦੇ ਰਾਹ ਪੈ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਦਾ ਜ਼ੋਰ-ਸ਼ੋਰ ਨਾਲ ਪ੍ਰਚਾਰ ਕੀਤਾ ਹੈ, ਜਦੋਂਕਿ ਇਨ੍ਹਾਂ ਮੁਲਾਜ਼ਮਾਂ ਦੀ ਸਿਰਫ ਤਨਖਾਹ ਵਿੱਚ ਕੁਝ ਵਾਧਾ ਹੀ ਕੀਤਾ ਗਿਆ ਹੈ। ਜਥੇਬੰਦੀ ਵੱਲੋਂ ਜ਼ਿਲ੍ਹੇ ਦੇ ਅਧਿਆਪਕਾਂ ਦੀਆਂ ਬੀਐੱਲਓ ਡਿਊਟੀਆਂ ਅਤੇ ਅਧਿਆਪਕਾਂ ਨੂੰ ਵਿਕਟਿਮਾਈਜ਼ ਕਰਨ ਵਾਲੀਆਂ ਨਾਕਾਰਾਤਮਕ ਸੁਰ ਵਾਲੀਆਂ ਬੇਨਿਯਮੀਆਂ ਸ਼ਿਕਾਇਤ ਪੜਤਾਲਾਂ ਸਬੰਧੀ ਇਕ ਵੱਖਰਾ ਮੰਗ ਪੱਤਰ ਵੀ ਸੌਂਪਿਆ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਭਵਿੱਖ ਵਿੱਚ ਸਰਕਾਰ ਨੂੰ ਸੰਘਰਸ਼ ਦੇ ਤਿੱਖੇ ਰੂਪਾਂ ਦਾ ਸਾਹਮਣਾ ਕਰਨਾ ਪਵੇਗਾ।