ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਤਾਲਾ ਠੀਕ ਕਰਨ ਬਹਾਨੇ ਚੋਰ 40 ਤੋਲੇ ਸੋਨੇ ਦੇ ਗਹਿਣੇ ਲੈ ਕੇ ਫਰਾਰ

07:55 AM Jun 11, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 10 ਜੂਨ
ਫਰੈਂਡਸ ਕਲੋਨੀ ਇਲਾਕੇ ’ਚ ਘਰ ਦੇ ਮੁੱਖ ਗੇਟ ਦਾ ਤਾਲਾ ਠੀਕ ਕਰਨ ਤੇ ਅਗਲੇ ਦਿਨ ਫਿਰ ਤੋਂ ਅੰਦਰ ਕਮਰੇ ਦਾ ਦਰਵਾਜ਼ਾ ਠੀਕ ਕਰਨ ਦੇ ਬਹਾਨੇ ਘਰ ’ਚ ਦਾਖਲ ਹੋਏ ਚੋਰਾਂ ਨੇ 2 ਲੱਖ ਕੈਸ਼ ਤੇ 40 ਤੋਲੇ ਸੋਨੇ ਦੇ ਗਹਿਣੇ ਚੋਰੀ ਕਰ ਲਏ। ਹੈਰਾਨੀ ਦੀ ਗੱਲ ਇਹ ਹੈ ਕਿ ਮੁਲਜ਼ਮ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਫ਼ਰਾਰ ਹੋ ਗਏ, ਪਰ ਕਿਸੇ ਨੂੰ ਪਤਾ ਤੱਕ ਨਹੀਂ ਲੱਗਿਆ। ਜਦੋਂ ਮਾਲਕਣ ਰਜਨੀ ਨੂੰ ਪਤਾ ਲੱਗਿਆ ਤਾਂ ਉਸ ਨੇ ਤੁਰੰਤ ਇਸ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ।
ਸੂਚਨਾ ਮਿਲਣ ਤੋਂ ਬਾਅਦ ਥਾਣਾ ਡਵੀਜ਼ਨ ਨੰਬਰ 5 ਦੀ ਪੁਲੀਸ ਮੌਕੇ ’ਤੇ ਪੁੱਜ ਗਈ। ਪੁਲੀਸ ਨੇ ਇਸ ਮਾਮਲੇ ’ਚ ਰਜਨੀ ਦੀ ਸ਼ਿਕਾਇਤ ’ਤੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲੀਸ ਨੇ ਇਲਾਕੇ ’ਚ ਲੱਗੇ ਸੀਸੀਟੀਵੀ ਕੈਮਰੇ ਦੀ ਫੁਟੇਜ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲੀਸ ਦਾ ਦਾਅਵਾ ਹੈ ਕਿ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਰਜਨੀ ਵੱਲੋਂ ਪੁਲੀਸ ਕੋਲ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਉਸ ਦੇ ਘਰ ਦਾ ਮੁੱਖ ਦਰਵਾਜ਼ੇ ਦਾ ਤਾਲਾ ਖਰਾਬ ਸੀ। ਸਾਈਕਲ ਸਵਾਰ 2 ਵਿਅਕਤੀ ਗਲੀ ’ਚ ਤਾਲੇ ਠੀਕ ਕਰਨ ਦੀ ਆਵਾਜ਼ ਲਾ ਰਹੇ ਸਨ। ਉਸ ਨੇ ਦਰਵਾਜ਼ੇ ਦਾ ਤਾਲਾ ਠੀਕ ਕਰਵਾਉਣ ਲਈ ਉਨ੍ਹਾਂ ਨੂੰ ਬੁਲਾ ਲਿਆ।
ਉਨ੍ਹਾਂ ਨੇ 40 ਰੁਪਏ ਮੰਗੇ ਤਾਂ ਉਹ ਪੈਸੇ ਲੈਣ ਅੰਦਰ ਚਲੀ ਗਈ। ਫਿਰ ਉਸਨੂੰ ਯਾਦ ਆਇਆ ਕਿ ਅੰਦਰ ਵਾਲੇ ਦਰਵਾਜ਼ੇ ਦਾ ਤਾਲਾ ਵੀ ਖਰਾਬ ਹੈ ਤਾਂ ਉਸ ਨੇ ਮੁਲਜ਼ਮਾਂ ਨੂੰ ਉਹ ਤਾਲਾ ਠੀਕ ਕਰਨ ਵੀ ਆਖ ਦਿੱਤਾ। ਇਸ ਮਗਰੋਂ ਉਹ ਐਤਵਾਰ ਨੂੰ ਫਿਰ ਆਏ ਤੇ ਅੰਦਰ ਦੇ ਦਰਵਾਜ਼ੇ ਦਾ ਤਾਲਾ ਠੀਕ ਕਰਨ ਲੱਗੇ। ਇਸ ਦੌਰਾਨ ਮੁਲਜ਼ਮਾਂ ਨੇ ਮੌਕਾ ਦੇਖ ਕੇ 40 ਤੋਲੇ ਸੋਨੇ ਦੇ ਗਹਿਣੇ ਅਤੇ 2 ਲੱਖ ਦੀ ਨਗਦੀ ਚੋਰੀ ਕਰ ਲਈ, ਜਿਸ ਤੋਂ ਬਾਅਦ ਉਹ ਤੁਰੰਤ ਫ਼ਰਾਰ ਹੋ ਗਏ। ਮੁਲਜ਼ਮਾਂ ਦੇ ਜਾਣ ਤੋਂ ਬਾਅਦ ਜਦੋਂ ਰਜਨੀ ਅਲਮਾਰੀ ’ਚੋਂ ਸਾਮਾਨ ਕੱਢਣ ਲੱਗੀ ਤਾਂ ਅੰਦਰ ਸਾਮਾਨ ਖਿਲਰਿਆ ਪਿਆ ਸੀ।
ਇਸ ਮਗਰੋਂ ਉਸ ਨੇ ਇਸ ਬਾਰੇ ਪਰਿਵਾਰ ਨੂੰ ਸੂਚਨਾ ਦਿੱਤੀ ਅਤੇ ਪੁਲੀਸ ਨੂੰ ਸ਼ਿਕਾਇਤ ਕੀਤੀ।
ਥਾਣਾ ਡਵੀਜ਼ਨ ਨੰ. 5 ਦੇ ਐੱਸਐੱਚਓ ਇੰਸਪੈਕਟਰ ਜਗਜੀਤ ਸਿੰਘ ਨੇ ਦੱਸਿਆ ਕਿ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਸੀਸੀਟੀਵੀ ਕੈਮਰੇ ਦੀ ਫੁਟੇਜ ਚੈਕ ਕੀਤੀ ਜਾ ਰਹੀ ਹੈ ਤਾਂ ਕਿ ਮੁਲਜ਼ਮਾਂ ਦਾ ਪਤਾ ਲਾ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ।

Advertisement

Advertisement
Advertisement