ਸਬਜ਼ੀ ਮੰਡੀ ਦੇ ਵਪਾਰੀਆਂ ਵੱਲੋਂ ਕਾਲੇ ਕਾਨੂੰਨਾਂ ਖ਼ਿਲਾਫ਼ ਅੰਦੋਲਨ ਦਾ ਐਲਾਨ
ਜਗਤਾਰ ਸਮਾਲਸਰ
ਏਲਨਾਬਾਦ, 13 ਦਸੰਬਰ
ਸਥਾਨਕ ਸਬਜ਼ੀ ਮੰਡੀ ਐਸੋਸੀਏਸ਼ਨ ਨੇ ਅੱਜ ਮੰਡੀਕਰਨ ਬੋਰਡ ਵੱਲੋਂ ਉਨ੍ਹਾਂ ’ਤੇ ਲਾਏ ਕਾਨੂੰਨ ਦੇ ਵਿਰੋਧ ਵਿੱਚ ਮੀਟਿੰਗ ਕੀਤੀ ਅਤੇ ਮਾਰਕੀਟ ਕਮੇਟੀ ਦੇ ਸਕੱਤਰ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ। ਸਬਜ਼ੀ ਮੰਡੀ ਐਸੋਸੀਏਸ਼ਨ ਦੇ ਪ੍ਰਧਾਨ ਪ੍ਰੇਮ ਅਨੇਜਾ ਨੇ ਦੱਸਿਆ ਕਿ ਸਬਜ਼ੀ ਮੰਡੀ ਦੀਆਂ ਸਾਰੀਆਂ ਫਰਮਾਂ ਹਰ ਹਫ਼ਤੇ ਦੇ ਅੰਤ ਵਿੱਚ ਐੱਚਆਰਡੀਏ ਅਤੇ ਮਾਰਕੀਟ ਫੀਸ ਦੇ ਰੂਪ ਵਿੱਚ ਸਰਕਾਰ ਨੂੰ ਫੀਸ ਅਦਾ ਕਰਦੀਆਂ ਹਨ ਪਰ ਹਰਿਆਣਾ ਰਾਜ ਖੇਤੀਬਾੜੀ ਮੰਡੀਕਰਨ ਬੋਰਡ ਪੰਚਕੂਲਾ ਵਲੋਂ ਹੁਣ ਸਾਰੀਆਂ ਫਾਰਮਾਂ ਨੂੰ ਇਹ ਸਲਾਨਾ ਮਾਰਕੀਟ ਫੀਸ ਇੱਕੋ ਕਿਸ਼ਤ ਵਿੱਚ ਐਡਵਾਂਸ ਜਮ੍ਹਾਂ ਕਰਵਾਉਣ ਦੇ ਹੁਕਮ ਦਿੱਤੇ ਗਏ ਹਨ ਜਿਸ ਤਹਿਤ ਸਾਰੇ ਦੁਕਾਨਦਾਰਾਂ ਨੂੰ ਹਰ ਸਾਲ ਡੇਢ ਲੱਖ ਰੁਪਏ ਦੀ ਇੱਕੋ ਕਿਸ਼ਤ ਮਾਰਕੀਟ ਫੀਸ ਅਦਾ ਕਰਨੀ ਪਵੇਗੀ। ਇਸ ਤੋਂ ਇਲਾਵਾ ਹਰ ਸਾਲ 10 ਫੀਸਦੀ ਦੀ ਦਰ ਨਾਲ ਮਾਰਕੀਟ ਫੀਸ ਵਧਾਉਣ ਦੇ ਹੁਕਮ ਵੀ ਦਿੱਤੇ ਗਏ ਹਨ। ਇਹ ਫਰਮਾਨ ਲਾਗੂ ਹੋਣ ਨਾਲ ਦੁਕਾਨਦਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਣਗੇ।। ਉਨ੍ਹਾਂ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਇਸ ਕਾਲੇ ਕਾਨੂੰਨ ਨੂੰ ਤੁਰੰਤ ਵਾਪਸ ਲਿਆ ਜਾਵੇ। ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਸਬਜ਼ੀ ਮੰਡੀ ਦੇ ਸਮੂਹ ਵਪਾਰੀ 15 ਦਸੰਬਰ ਤੋਂ ਇਸ ਕਾਲੇ ਕਾਨੂੰਨ ਖ਼ਿਲਾਫ਼ ਅੰਦੋਲਨ ਸ਼ੁਰੂ ਕਰਨਗੇ, ਜਿਸਦੀ ਸਾਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।