For the best experience, open
https://m.punjabitribuneonline.com
on your mobile browser.
Advertisement

ਸੰਯੁਕਤ ਕਿਸਾਨ ਮੋਰਚੇ ਨੇ ਸੰਘਰਸ਼ ਦੀ ਅਗਲੀ ਰੂਪ-ਰੇਖਾ ਐਲਾਨੀ

08:50 AM Mar 20, 2024 IST
ਸੰਯੁਕਤ ਕਿਸਾਨ ਮੋਰਚੇ ਨੇ ਸੰਘਰਸ਼ ਦੀ ਅਗਲੀ ਰੂਪ ਰੇਖਾ ਐਲਾਨੀ
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਸਾਨ ਆਗੂ। -ਫੋਟੋ: ਇੰਦਰਜੀਤ ਵਰਮਾ
Advertisement

ਗੁਰਿੰਦਰ ਸਿੰਘ
ਲੁਧਿਆਣਾ, 19 ਮਾਰਚ
ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਪੰਜਾਬ ਦੀਆਂ ਵੱਖ-ਵੱਖ ਜਥੇਬੰਦੀਆਂ ਦੀ ਮੀਟਿੰਗ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਦਫ਼ਤਰ ਵਿੱਚ ਹੋਈ, ਜਿਸਦੀ ਪ੍ਰਧਾਨਗੀ ਪ੍ਰੇਮ ਸਿੰਘ ਭੰਗੂ, ਸਤਨਾਮ ਸਿੰਘ ਅਜਨਾਲਾ ਅਤੇ ਬੋਘ ਸਿੰਘ ਮਾਨਸਾ ਨੇ ਕੀਤੀ।
ਕਿਸਾਨ ਆਗੂਆਂ ਹਰਿੰਦਰ ਸਿੰਘ ਲੱਖੋਵਾਲ ਅਤੇ ਪ੍ਰਧਾਨਗੀ ਮੰਡਲ ਨੇ ਮੀਟਿੰਗ ਦੌਰਾਨ ਕੀਤੇ ਫ਼ੈਸਲਿਆਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਬਸੰਮਤੀ ਨਾਲ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ 23 ਮਾਰਚ ਨੂੰ ਸਾਰੇ ਪੰਜਾਬ ਵਿੱਚ ਲੋਕਤੰਤਰ ਬਚਾਓ ਦਿਵਸ ਵਜੋਂ ਪੂਰੇ ਜੋਸ਼ ਖਰੋਸ਼ ਨਾਲ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਵੱਲੋਂ ਲਗਾਇਆ ‘ਇਨਕਲਾਬ- ਜ਼ਿੰਦਾਬਾਦ’ ਅਤੇ ‘ਸਾਮਰਾਜਵਾਦ- ਮੁਰਦਾਬਾਦ’ ਦਾ ਨਾਅਰਾ ਅੱਜ ਵੀ ਉਸ ਸਮੇਂ ਜਿੰਨੀ ਹੀ ਮਹੱਤਤਾ ਰੱਖਦਾ ਹੈ। ਅੱਜ ਹੁਕਮਰਾਨਾਂ ਵੱਲੋਂ ਸੰਸਾਰ ਵਪਾਰ ਸੰਸਥਾ ਅਤੇ ਹੋਰ ਸਾਮਰਾਜੀ ਸੰਸਥਾਵਾਂ ਰਾਹੀਂ ਭਾਰਤ ਦੇ ਖੇਤੀ ਖੇਤਰ ਨੂੰ ਕਾਰਪੋਰੇਟ ਦੇ ਹਵਾਲੇ ਕਰਨਾ ਚਾਹੁੰਦੀਆਂ ਹਨ। ਇਸ ਲਈ ਕਿਸਾਨਾਂ, ਮਜ਼ਦੂਰਾਂ ਅਤੇ ਹੋਰ ਕਿਰਤੀ ਲੋਕਾਂ ਨੂੰ ਆਪਣੇ ਘੋਲ ਸਾਮਰਾਜੀ ਸੰਸਥਾਵਾਂ ਖ਼ਿਲਾਫ਼ ਸੇਧਤ ਕਰਨ ਦੀ ਲੋੜ ਹੈ। ਮੀਟਿੰਗ ਦੌਰਾਨ ਇੱਕ ਹੋਰ ਅਹਿਮ ਫ਼ੈਸਲਾ ਕਰਦਿਆਂ ਮੋਦੀ ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਨਾ ਕਰਨ, ਕਿਸਾਨਾਂ ਤੇ ਜ਼ਬਰ ਕਰਨ ਅਤੇ ਭਾਜਪਾ ਵੱਲੋਂ ਕਿਸਾਨਾਂ ਦੇ ਕਤਲ ਦੇ ਮੁੱਖ ਸਾਜ਼ਿਸ਼ਘਾੜੇ ਅਜੈ ਮਿਸ਼ਰਾ ਟੈਨੀ ਨੂੰ ਟਿਕਟ ਦੇਣ ਲਈ ਭਾਜਪਾ ਦਾ ਜ਼ੋਰਦਾਰ ਵਿਰੋਧ ਕਰਦਿਆਂ ਸਜ਼ਾਵਾਂ ਦੇਣ ਦਾ ਐਲਾਨ ਕਰਦੇ ਹੋਏ ਭਾਜਪਾ ਵਿਰੋਧੀ ਮੁਹਿੰਮ ਜਥੇਬੰਦ ਕਰਨ ਦਾ ਐਲਾਨ ਕੀਤਾ। ਮੀਟਿੰਗ ਦੌਰਾਨ ਭਾਜਪਾ ਵੱਲੋਂ ਕੀਤੇ ਸਭ ਤੋਂ ਵੱਡੇ ਭ੍ਰਿਸ਼ਟਾਚਾਰ, ਚੋਣ ਬਾਂਡ ਘੁਟਾਲੇ ਲਈ ਭਾਜਪਾ ਨੂੰ ਕਟਹਿਰੇ ਵਿੱਚ ਖੜਾ ਕੀਤਾ ਗਿਆ ਹੈ। ਸ੍ਰੀ ਲੱਖੋਵਾਲ ਨੇ ਦੱਸਿਆ ਕਿ ਇੱਕ ਹੋਰ ਮਤੇ ਰਾਹੀਂ ਆਰਐੱਸਐੱਸ ਵੱਲੋਂ ਕਿਸਾਨੀ ਸੰਘਰਸ਼ ਨੂੰ ਦੇਸ਼ ਵਿਰੋਧੀ ਅਤੇ ਵੱਖਵਾਦੀ ਤਾਕਤਾਂ ਦਾ ਸੰਘਰਸ਼ ਕਹਿਣ ਦੀ ਕੀਤੀ ਬਿਆਨਬਾਜ਼ੀ ਦਾ ਸਖ਼ਤ ਨੋਟਿਸ ਲੈਂਦਿਆਂ ਆਰਐੱਸਐੱਸ ਨੂੰ ਅਜਿਹੀਆਂ ਕਿਸਾਨ ਵਿਰੋਧੀ ਨੀਤੀਆਂ ’ਤੇ ਬਾਜ਼ ਆਉਣ ਦੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਹੋਈ ਕਿਸਾਨ-ਮਜ਼ਦੂਰ ਮਹਾ ਪੰਚਾਇਤ ਸਮੇਂ ਦਿੱਲੀ ਪੁਲੀਸ ਵੱਲੋਂ ਮਹਾ ਪੰਚਾਇਤ ਵਿੱਚ ਵਿਘਨ ਪਾਉਣ ਲਈ ਕਿਸਾਨਾਂ ਅਤੇ ਬੀਬੀਆਂ ਨੂੰ ਜਾਣਬੁੱਝ ਕੇ ਤੰਗ ਪਰੇਸ਼ਾਨ ਕਰਨ, ਨਵੀਂ ਦਿੱਲੀ ਵਿੱਚ ਧਾਰਾ 144 ਲਾ ਕੇ ਗੁਰਦੁਆਰਾ ਬੰਗਲਾ ਵਿਖੇ ਜਾਣ ਤੋਂ ਰੋਕਣ ਅਤੇ ਰਾਮਲੀਲਾ ਮੈਦਾਨ ਵਿੱਚ ਪਾਣੀ ਭਰਨ ਖ਼ਿਲਾਫ਼ ਸਖ਼ਤ ਗੁੱਸੇ ਅਤੇ ਰੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੁਲੀਸ ਦੀਆਂ ਅਜਿਹੀਆਂ ਚਾਲਾਂ ਦੇ ਬਾਵਜ਼ੂਦ ਕਿਸਾਨਾਂ ਨੇ ਆਪਣੇ ਪ੍ਰੋਗਰਾਮ ਵਿੱਚ ਵਿਘਨ ਨਹੀਂ ਪੈਣ ਦਿੱਤਾ।

Advertisement

Advertisement
Advertisement
Author Image

Advertisement