For the best experience, open
https://m.punjabitribuneonline.com
on your mobile browser.
Advertisement

ਸੰਯੁਕਤ ਕਿਸਾਨ ਮੋਰਚੇ ਨੇ ਫੂਕੇ ਕੇਂਦਰ ਸਰਕਾਰ ਦੇ ਪੁਤਲੇ

10:49 AM Apr 08, 2024 IST
ਸੰਯੁਕਤ ਕਿਸਾਨ ਮੋਰਚੇ ਨੇ ਫੂਕੇ ਕੇਂਦਰ ਸਰਕਾਰ ਦੇ ਪੁਤਲੇ
ਮਾਨਸਾ ਵਿੱਚ ਕਿਸਾਨ ਜਥੇਬੰਦੀਆਂ ਦੇ ਆਗੂ ਕੇਂਦਰ ਸਰਕਾਰ ਦਾ ਪੁਤਲਾ ਫੂਕਦੇ ਹੋਏ। -ਫੋਟੋ: ਸੁਰੇਸ਼
Advertisement

ਪੱਤਰ ਪ੍ਰੇਰਕ
ਮਾਨਸਾ, 7 ਅਪਰੈਲ
ਬੀਕੇਯੂ (ਏਕਤਾ ਸਿੱਧੂਪੁਰ) ਅਤੇ ਬੀਕੇਯੂ ਕ੍ਰਾਂਤੀਕਾਰੀ ਵੱਲੋਂ ਸੰਯੁਕਤ ਕਿਸਾਨ ਮੋਰਚਾ (ਗ਼ੈਰ-ਰਾਜਨੀਤਕ) ਤੇ ਕਿਸਾਨ-ਮਜ਼ਦੂਰ ਮੋਰਚਾ ਦੇ ਕਿਸਾਨਾਂ ਵੱਲੋਂ ਮਾਨਸਾ ਸ਼ਹਿਰ ਵਿੱਚ ਪ੍ਰਦਰਸ਼ਨ ਕਰਦੇ ਹੋਏ ਕੇਂਦਰ ਦੀ ਭਾਜਪਾ ਸਰਕਾਰ ਦਾ ਪੁਤਲਾ ਫੂਕਿਆ ਗਿਆ।
ਭਾਕੇਯੂ (ਏਕਤਾ ਸਿੱਧੂਪੁਰ) ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਭੈਣੀਬਾਘਾ ਤੇ ਭਾਕੇਯੂ (ਕ੍ਰਾਂਤੀਕਾਰੀ) ਦੇ ਗੁਰਚਰਨ ਸਿੰਘ ਤਾਮਕੋਟ ਨੇ ਕਿਹਾ ਕਿ ਕਿਸਾਨਾਂ ’ਤੇ ਪ੍ਰਧਾਨ ਮੰਤਰੀ ਦੀ ਸ਼ਹਿ ’ਤੇ ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਖਨੌਰੀ, ਸ਼ੰਭੂ ਬਾਰਡਰ ’ਤੇ ਕੀਤੇ ਅੱਤਿਆਚਾਰ ਦੇ ਵਿਰੋਧ ’ਚ ਪਿੰਡ ਅਤੇ ਸ਼ਹਿਰਾਂ ਦੇ ਵਿੱਚ ਭਾਜਪਾ ਦੇ ਉਮੀਦਵਾਰਾਂ ਤੇ ਦੇ ਆਗੂਆਂ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਹਾ ਵੋਟਾਂ ਮੰਗਣ ਆਉਣ ’ਤੇ ਭਾਜਪਾ ਨੇਤਾਵਾਂ ਸਮੇਤ ਸਾਰੇ ਸਿਆਸੀ ਲੀਡਰਾਂ ਤੋਂ ਸ਼ਾਂਤਮਈ ਤਰੀਕੇ ਨਾਲ ਸੁਵਾਲ ਪੁੱਛ ਜਾਣਗੇ ਤੇ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ ਜਾਵੇਗਾ।
ਬਠਿੰਡਾ (ਨਿੱਜੀ ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚਾ (ਗ਼ੈਰ-ਰਾਜਨੀਤਕ) ਦੇ ਸੱਦੇ ’ਤੇ ਚਿਲਡਰਨ ਪਾਰਕ ਵਿੱਚ ਇਕੱਠੇ ਹੋਏ ਕਿਸਾਨਾਂ ਨੇ ਫੌਜੀ ਚੌਕ ਤੱਕ ਮੁਜ਼ਾਹਰਾ ਕਰ ਕੇ ਕਰੀਬ ਅੱਧੇ ਘੰਟੇ ਲਈ ਚੌਕ ਦੀ ਆਵਾਜਾਈ ਠੱਪ ਕਰ ਕੇ ਸੂਬਾ ਅਤੇ ਕੇਂਦਰੀ ਹਕੂਮਤਾਂ ਦੇ ਪੁਤਲੇ ਸਾੜੇ। ਇੱਥੇ ਸੰਬੋਧਨ ਕਰਦਿਆਂ ਬੀਕੇਯੂ (ਸਿੱਧੂਪੁਰ) ਦੇ ਸੂਬਾਈ ਆਗੂਆਂ ਕਾਕਾ ਸਿੰਘ ਕੋਟੜਾ, ਰੇਸ਼ਮ ਸਿੰਘ ਯਾਤਰੀ, ਸੁਖਵਿੰਦਰ ਕੌਰ ਅਤੇ ਬੀਕੇਯੂ (ਕ੍ਰਾਂਤੀਕਾਰੀ) ਦੇ ਪਰਸ਼ੋਤਮ ਸਿੰਘ ਨੇ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਖ਼ਿਲਾਫ਼ਤ ਮਗਰੋਂ ਜੋ ਸਾਇਲੋਜ਼ ਬੰਦ ਕੀਤੇ ਗਏ ਹਨ, ਉਹ ਅੰਨਦਾਤੇ ਦੀ ਜਿੱਤ ਹੈ। ਬੁਲਾਰਿਆਂ ਨੇ ਚਿਤਾਵਨੀ ਦਿੱਤੀ ਕਿ ਬੰਦੀ ਬਣਾਏ ਸੰਘਰਸ਼ਕਾਰੀਆਂ ਨੂੰ ਜਲਦੀ ਰਿਹਾਅ ਨਾ ਕੀਤਾ ਗਿਆ ਤਾਂ 9 ਅਪਰੈਲ ਤੋਂ ਸ਼ੰਭੂ ਵਿੱਚ ਪੱਕੇ ਤੌਰ ’ਤੇ ਰੇਲਾਂ ਦਾ ਪਹੀਆ ਜਾਮ ਕੀਤਾ ਜਾਵੇਗਾ।
ਮੋਗਾ (ਨਿੱਜੀ ਪੱਤਰ ਪ੍ਰੇਰਕ): ਇੱਥੇ ਬੀਕੇਯੂ ਕ੍ਰਾਂਤੀਕਾਰੀ ਦੇ ਸੂਬਾ ਚੇਅਰਮੈਨ ਸੁਰਜੀਤ ਸਿੰਘ ਫੂਲ, ਬੀਕੇਯੂ ਖੋਸਾ ਸੂਬਾ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ, ਬੀਕੇਯੂ ਬਹਿਰਾਮਕੇ ਦੇ ਸੂਬਾ ਪ੍ਰਧਾਨ ਬਲਵੰਤ ਸਿੰਘ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਸ਼ਿੰਦਰ ਸਾਧੂਵਾਲਾ ਤੇ ਲੋਕ ਸੰਗਰਾਮ ਮੋਰਚਾ ਦੇ ਸੂਬਾ ਪ੍ਰਧਾਨ ਤਾਰਾ ਸਿੰਘ ਮੋਗਾ ਆਦਿ ਦੀ ਅਗਵਾਈ ਹੇਠ ਕਿਸਾਨਾਂ ਨੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ। ਇਸ ਮੌਕੇ ਸ਼ਹਿਰ ਵਿਚ ਰੋਸ ਮਾਰਚ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਭਾਜਪਾ ਨੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਿਆ ਹੈ, ਹੁਣ ਉਹ ਵੀ ਭਾਜਪਾ ਦਾ ਪਿੰਡਾਂ ਵਿੱਚ ਸਖ਼ਤ ਵਿਰੋਧ ਕਰਨਗੇ। ਕਿਸਾਨ ਜਥੇਬੰਦੀਆਂ ਵੱਲੋਂ ਨੌਂ ਅਪਰੈਲ ਨੂੰ ਸੰਭੂ ਵਿਖੇ ਰੇਲਾਂ ਰੋਕਣ ਦਾ ਵੀ ਐਲਾਨ ਕੀਤਾ ਗਿਆ ਹੈ।
ਸਿਰਸਾ (ਨਿੱਜੀ ਪੱਤਰ ਪ੍ਰੇਰਕ): ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦੇ ਸਿਰਸਾ ਦੌਰੇ ਤੋਂ ਪਹਿਲਾਂ ਭਾਰਤੀ ਕਿਸਾਨ ਏਕਤਾ (ਬੀਕੇਈ) ਨੇ ਸ਼ਹਿਰ ’ਚ ਰੋਸ ਪ੍ਰਦਰਸ਼ਨ ਕਰ ਕੇ ਸਰਕਾਰ ਦਾ ਪੁਤਲਾ ਫੂਕਿਆ।

Advertisement

ਭਾਜਪਾ ਆਗੂਆਂ ਦੇ ਪਿੰਡਾਂ ’ਚ ਦਾਖ਼ਲੇ ਦੇ ਵਿਰੋਧ ਦਾ ਐਲਾਨ

ਜ਼ੀਰਾ (ਪੱਤਰ ਪ੍ਰੇਰਕ): ਕਿਸਾਨ-ਮਜ਼ਦੂਰ ਯੂਨੀਅਨ ਵੱਲੋਂ ਮੁੱਖ ਚੌਕ ਜ਼ੀਰਾ ਵਿੱਚ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਗਏ। ਇਸ ਮੌਕੇ ਆਗੂਆਂ ਨੇ ਦੱਸਿਆ ਕਿ ਜੋ 13 ਫਰਵਰੀ ਤੋਂ ਹਰਿਆਣਾ ਦੇ ਬਾਰਡਰਾਂ ਤੇ ਸੰਘਰਸ਼ ਚੱਲ ਰਿਹਾ ਹੈ, ਉਸ ਨੂੰ ਹੋਰ ਤੇਜ਼ ਕਰਨ ਅਤੇ ਭਾਜਪਾ ਸਰਕਾਰ ਦਾ ਵਿਰੋਧ ਕਰਨ ਲਈ ਸਾਰੇ ਭਾਰਤ ਵਿੱਚ ਪੁਤਲੇ ਫੂਕੇ ਗਏ ਹਨ। ਬਲਾਕ ਜ਼ੀਰਾ ਵਿੱਚ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਕਿਸਾਨਾਂ ਵੱਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਪੁਤਲੇ ਫੂਕੇ ਗਏ। ਇਸ ਮੌਕੇ ਬੀਕੇਯੂ ਆਗੂਆਂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਭਾਜਪਾ ਦੇ ਕਿਸੇ ਵੀ ਉਮੀਦਵਾਰ ਨੂੰ ਪਿੰਡਾਂ ਵਿੱਚ ਨਹੀਂ ਵੜਨ ਦੇਣਗੀਆਂ।

Advertisement
Author Image

Advertisement
Advertisement
×