ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੁਨੀਆ ਦੇ ਸਰਬ-ਸਾਂਝੇ ਰਹਿਬਰ

07:54 AM Nov 15, 2024 IST
ਅੰਮ੍ਰਿਤਸਰ ਸਥਿਤ ਗੁਰਦੁਆਰਾ ਬਾਬਾ ਅਟਲ ਸਾਹਿਬ ਵਿਖੇ ਬਣਿਆ ਗੁਰੂ ਨਾਨਕ ਦੇਵ ਜੀ ਦਾ ਕੰਧ ਚਿੱਤਰ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸਮੁੱਚੇ ਸੰਸਾਰ ਦੇ ਸਰਬ-ਸਾਂਝੇ ਰਹਿਬਰ ਗੁਰੂ ਨਾਨਕ ਦੇਵ ਜੀ ਦਾ ਪਵਿੱਤਰ ਜੀਵਨ ਮਾਨਵਤਾ ਲਈ ਕਲਿਆਣਕਾਰੀ ਹੈ। ਉਹ ਦੱਬੀ ਕੁਚਲੀ, ਲਤਾੜੀ ਤੇ ਦਬਾਈ ਜਾ ਰਹੀ ਲੋਕਾਈ ਵਾਸਤੇ ਆਸ ਅਤੇ ਧਰਵਾਸ ਬਣੇ। ਗੁਰੂ ਸਾਹਿਬ ਦਾ ਪ੍ਰਕਾਸ਼ ਉਸ ਸਮੇਂ ਹੋਇਆ ਜਦੋਂ ਭਾਰਤ ਅੰਦਰ ਸਮਾਜਿਕ, ਸੱਭਿਆਚਾਰਕ, ਆਰਥਿਕ ਤੇ ਰਾਜਨੀਤਕ ਢਾਂਚੇ ਵਿਚ ਉਥਲ-ਪੁੱਥਲ ਮਚੀ ਹੋਈ ਸੀ। ਹਾਕਮ ਲੋਕਾਂ ’ਤੇ ਜ਼ੁਲਮ ਕਰ ਰਹੇ ਸਨ, ਧਾਰਮਿਕ ਰਸਮਾਂ ਵਿਚ ਕੁਰੀਤੀਆਂ ਭਾਰੂ ਸਨ ਅਤੇ ਧਰਮ ਦੇ ਨਾਂ ’ਤੇ ਮਾਨਵਤਾ ਨੂੰ ਵੰਡਣ ਦਾ ਬੋਲਬਾਲਾ ਸੀ। ਧਾਰਮਿਕ ਤੇ ਰਾਜਨੀਤਕ ਆਗੂਆਂ ਦੇ ਸਤਾਏ ਹੋਏ ਲੋਕ ਅਜਿਹੇ ਆਸਰੇ ਦੀ ਭਾਲ ਵਿਚ ਸਨ, ਜਿਥੋਂ ਉਨ੍ਹਾਂ ਨੂੰ ਜੀਵਨ ਦਾ ਸਹੀ ਮਾਰਗ ਪ੍ਰਾਪਤ ਹੋ ਸਕੇ।
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪਿਤਾ ਮਹਿਤਾ ਕਲਿਆਣ ਦਾਸ ਅਤੇ ਮਾਤਾ ਤ੍ਰਿਪਤਾ ਦੇ ਘਰ 1469 ਈਸਵੀ ਵਿਚ ਰਾਏ ਭੋਇ ਦੀ ਤਲਵੰਡੀ (ਪਾਕਿਸਤਾਨ) ਵਿੱਚ ਹੋਇਆ। ਗੁਰੂ ਨਾਨਕ ਦੇਵ ਜੀ ਦੇ ਆਗਮਨ ਨਾਲ ਇਸ ਨਗਰ ਨੂੰ ਨਨਕਾਣਾ ਸਾਹਿਬ ਹੋਣ ਦਾ ਸੁਭਾਗ ਪ੍ਰਾਪਤ ਹੋਇਆ। ਗੁਰੂ ਸਾਹਿਬ ਦੇ ਪ੍ਰਕਾਸ਼ ਨਾਲ ਮਾਨਵਤਾ ਨੂੰ ਅੰਮ੍ਰਿਤਮਈ ਅਗਵਾਈ ਮਿਲੀ, ਜਿਸ ਨਾਲ ਧਾਰਮਿਕ, ਸਮਾਜਿਕ, ਰਾਜਨੀਤਕ, ਆਰਥਿਕ ਅਤੇ ਵਿਗਿਆਨਕ ਆਦਿ ਖੇਤਰਾਂ ਅੰਦਰ ਇਕ ਕ੍ਰਾਂਤੀਕਾਰੀ ਲੋਅ ਚਮਕੀ। ਗੁਰੂ ਸਾਹਿਬ ਦੇ ਸੰਸਾਰ ’ਤੇ ਆਗਮਨ ਨਾਲ ਮਨੁੱਖਤਾ ਨੂੰ ਠੰਢਾ ਅਹਿਸਾਸ ਹੋਇਆ। ਸਮਾਜਿਕ ਅਧੋਗਤੀ ਦਾ ਵਰਣਨ ਕਰਦਿਆਂ ਗੁਰੂ ਸਾਹਿਬ ਨੇ ਪਾਵਨ ਗੁਰਬਾਣੀ ਵਿਚ ਫੁਰਮਾਇਆ ਹੈ:
ਕਲਿ ਕਾਤੀ ਰਾਜੇ ਕਾਸਾਈ ਧਰਮੁ ਪੰਖ ਕਰਿ ਉਡਰਿਆ॥
ਕੂੜੁ ਅਮਾਵਸ ਸਚੁ ਚੰਦ੍ਰਮਾ ਦੀਸੈ ਨਾਹੀ ਕਹ ਚੜਿਆ॥
ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਬਰਾਬਰਤਾ, ਸਾਂਝੀਵਾਲਤਾ ਅਤੇ ਸੁਤੰਤਰਤਾ ਵਾਲੀ ਕ੍ਰਾਂਤੀਕਾਰੀ ਵਿਚਾਰਧਾਰਾ ਦੇ ਕੇ ਸੰਸਾਰ ਦਾ ਮਾਰਗ-ਦਰਸ਼ਨ ਕੀਤਾ। ਉਨ੍ਹਾਂ ਦੀ ਵਿਚਾਰਧਾਰਾ ਨੇ ਮਨੁੱਖ ਨੂੰ ਧਾਰਮਿਕ ਪੱਖ ਤੋਂ ਸਚਿਆਰ, ਸਮਾਜਿਕ ਪੱਖ ਤੋਂ ਬਰਾਬਰ ਤੇ ਆਰਥਿਕ ਪੱਖ ਤੋਂ ਆਪਣੀ ਸੱਚੀ-ਸੁੱਚੀ ਕਿਰਤ ਰਾਹੀਂ ਸੰਤੁਸ਼ਟ ਰਹਿਣਾ ਸਿਖਾਇਆ।
ਗੁਰੂ ਸਾਹਿਬ ਦੇ ਪਾਵਨ ਉਪਦੇਸ਼ਾਂ ਅਤੇ ਸਿਧਾਤਾਂ ਨੇ ਹਿੰਦੁਸਤਾਨ ਦੇ ਇਤਿਹਾਸ ਨੂੰ ਬਦਲ ਕੇ ਰੱਖ ਦਿੱਤਾ ਅਤੇ ਇਕ ਨਵੇਂ ਯੁਗ ਦੀ ਸ਼ੁਰੂਆਤ ਹੋਈ। ਉਨ੍ਹਾਂ ਨੇ ਮਨੁੱਖ ਨੂੰ ਸਚਾਈ, ਨਿਮਰਤਾ, ਦਇਆ, ਸੇਵਾ, ਸਬਰ, ਸੰਤੋਖ, ਪਰਉਪਕਾਰ ਆਦਿ ਗੁਣਾਂ ਦੇ ਧਾਰਨੀ ਬਣਨ ਦੀ ਪ੍ਰੇਰਨਾ ਦਿੱਤੀ ਅਤੇ ਆਤਮ-ਨਿਰਭਰ ਤੇ ਸਵੈਮਾਣ ਵਾਲਾ ਜੀਵਨ ਜਿਊਣ ਦੇ ਯੋਗ ਬਣਾਇਆ। ਗੁਰੂ ਸਾਹਿਬ ਵੱਲੋਂ ਸੁਝਾਇਆ ਇਹ ਮਾਰਗ ‘ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ’ ਦੇ ਬੁਨਿਆਦੀ ਸਿਧਾਤਾਂ ’ਤੇ ਆਧਾਰਤ ਹੈ। ਉਨ੍ਹਾਂ ਲੰਗਰ ਦੀ ਪ੍ਰਥਾ ਕਾਇਮ ਕੀਤੀ ਅਤੇ ਸੰਗਤ-ਪੰਗਤ ਤੇ ਸੇਵਾ-ਸਿਮਰਨ ਆਦਿ ਦੇ ਅਜਿਹੇ ਅਦੁੱਤੀ ਸਿਧਾਂਤ ਮਨੁੱਖਤਾ ਸਾਹਮਣੇ ਰੱਖੇ, ਜੋ ਸਦੀਵੀ ਸੇਧ ਦੇਣ ਵਾਲੇ ਹਨ।
ਇਸ ਦੇ ਨਾਲ ਹੀ ਸਮਾਜ ਅੰਦਰ ਤ੍ਰਿਸਕਾਰੀ ਜਾ ਰਹੀ ਇਸਤਰੀ ਸ਼੍ਰੇਣੀ ਨੂੰ ਗੁਰੂ ਨਾਨਕ ਦੇਵ ਜੀ ਨੇ ਉੱਚਾ ਸਨਮਾਨ ਦਿੱਤਾ ਅਤੇ ਉਨ੍ਹਾਂ ਦੇ ਹੱਕਾਂ, ਹਿੱਤਾਂ ਲਈ ਆਵਾਜ਼ ਬੁਲੰਦ ਕੀਤੀ। ਅਸਲ ਵਿਚ ਉਸ ਸਮੇਂ ਹਿੰਦੁਸਤਾਨੀ ਸਮਾਜ ਵਿਚ ਇਸਤਰੀ ਦੀ ਦਸ਼ਾ ਬੜੀ ਮਾੜੀ ਸੀ। ਉਨ੍ਹਾਂ ਨੇ ਇਸਤਰੀ ਦੇ ਸਨਮਾਨ ਨੂੰ ਹਕੀਕੀ ਤੌਰ ’ਤੇ ਬਹਾਲ ਕਰਦਿਆਂ ਆਪਣੇ ਪੰਥ ਵਿਚ ਮਰਦ ਦੇ ਬਰਾਬਰ ਖੜ੍ਹਾ ਕੀਤਾ। ਇਸ ਸਬੰਧੀ ਗੁਰੂ ਸਾਹਿਬ ਨੇ ਆਪਣੀ ਬਾਣੀ ਵਿਚ ਇਸ ਤਰ੍ਹਾਂ ਫੁਰਮਾਇਆ:
ਭੰਡਿ ਜੰਮੀਐ ਭੰਡਿ ਨਿੰਮੀਐ ਭੰਡਿ ਮੰਗਣੁ ਵੀਆਹੁ॥
ਭੰਡਹੁ ਹੋਵੈ ਦੋਸਤੀ ਭੰਡਹੁ ਚਲੈ ਰਾਹੁ॥
ਭੰਡੁ ਮੁਆ ਭੰਡੁ ਭਾਲੀਐ ਭੰਡਿ ਹੋਵੈ ਬੰਧਾਨੁ॥
ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ॥
ਬਹੁਪੱਖੀ ਸ਼ਖ਼ਸੀਅਤ ਅਤੇ ਵਿਸ਼ਾਲ ਪ੍ਰਤਿਭਾ ਦੇ ਮਾਲਕ ਹੋਣ ਕਰਕੇ ਉਹ ਧਰਮ, ਦਰਸ਼ਨ ਸ਼ਾਸਤਰ ਦੇ ਖੇਤਰ ਵਿਚ ਵੀ ਇਕ ਵਿਲੱਖਣ ਤੇ ਮਹਾਨ ਕ੍ਰਾਂਤੀ ਦੇ ਜਨਮਦਾਤਾ ਹਨ। ਗੁਰੂ ਸਾਹਿਬ ਦੀ ਵਿਚਾਰਧਾਰਾ ਤੇ ਉਪਦੇਸ਼ਾਂ ਨੇ ਲੋਕਾਂ ਨੂੰ ਉਸਾਰੂ ਜੀਵਨ ਜਾਚ ਦੇ ਸਨਮੁੱਖ ਕੀਤਾ ਅਤੇ ਇਸੇ ਦਾ ਹੀ ਕਾਰਨ ਸੀ ਕਿ ਗੁਰੂ ਸਾਹਿਬ ਦੇ ਵਿਚਾਰਾਂ ਨੂੰ ਲੋਕਾਂ ਨੇ ਸਿਰ-ਮੱਥੇ ਪ੍ਰਵਾਨ ਕੀਤਾ। ਗੁਰੂ ਸਾਹਿਬ ਦੀ ਵਿਚਾਰਧਾਰਾ ਸਦਾ ਨਿਵੇਕਲੀ ਹੈ, ਜਿਸ ਨੂੰ ਅੱਜ ਵੀ ਸਿੱਖਾਂ ਤੋਂ ਇਲਾਵਾ ਦੁਨੀਆ ਭਰ ਦੇ ਹਰ ਧਰਮ, ਵਰਗ, ਫਿਰਕੇ ਨਾਲ ਸਬੰਧਤ ਲੋਕ ਸਤਿਕਾਰਦੇ ਹਨ ਅਤੇ ਅੱਗੇ ਵੀ ਸਤਿਕਾਰਦੇ ਰਹਿਣਗੇ।

Advertisement

 

ਗੁਰੂ ਨਾਨਕ ਦੇਵ ਜੀ ਨੇ ਧਰਮ ਨੂੰ ਕਰਮਕਾਂਡੀ ਤਰਜੀਹਾਂ ਤੋਂ ਵੱਖ ਕਰਕੇ ਸਮਾਜਿਕ ਖੇਤਰ ਵਿਚ ਧਰਮ ਦਾ ਸਹੀ ਸਥਾਨ ਨਿਸ਼ਚਿਤ ਕੀਤਾ ਅਤੇ ਧਰਮ ਤੇ ਸਮਾਜ ਦੀ ਨਿਰਭਰਤਾ ਨੂੰ ਸਪੱਸ਼ਟ ਕੀਤਾ। ਉਨ੍ਹਾਂ ਭਾਰਤੀ ਸਮਾਜ ਦੀਆਂ ਸਮੱਸਿਆਵਾਂ ਦਾ ਵਿਸ਼ਲੇਸ਼ਣ ਕਰਕੇ ਉਨ੍ਹਾਂ ਦੇ ਢੁਕਵੇਂ, ਸਾਵੇਂ ਤੇ ਸਪੱਸ਼ਟ ਹੱਲ ਦੱਸੇ। ਗੁਰੂ ਨਾਨਕ ਦੇਵ ਜੀ ਦੀ ਬਾਣੀ ਪੜ੍ਹਿਆਂ ਤੇ ਵਿਚਾਰਿਆਂ ਇਸ ਗੱਲ ਦਾ ਪਤਾ ਲੱਗਦਾ ਹੈ ਕਿ ਉਨ੍ਹਾਂ ਮਨੁੱਖੀ ਜੀਵਨ ਨੂੰ ਆਦਰਸ਼ਕ ਬਣਾਉਣ ਲਈ ਇਸ ਦੀ ਹਰ ਪੱਖ ਤੋਂ ਅਗਵਾਈ ਕੀਤੀ। ਉਨ੍ਹਾਂ ਨੇ ਉਹ ਵਿਚਾਰਧਾਰਾ ਦਿੱਤੀ, ਜੋ ਸੰਸਾਰਕ ਜੀਵਨ ਦੇ ਨਾਲੋ-ਨਾਲ ਹੋ ਕੇ ਚੱਲਦੀ ਹੈ।

Advertisement

Advertisement