ਪੀੜਤ ਔਰਤਾਂ ਨੇ ਸਮਾਜਿਕ ਸੁਰੱਖਿਆ ਮੰਤਰੀ ਕੋਲ ਦੁੱਖੜੇ ਫਰੋਲੇ
ਪੱਤਰ ਪ੍ਰੇਰਕ
ਜਲੰਧਰ, 11 ਜੂਨ
ਪੰਜਾਬ ਸਰਕਾਰ ਵਲੋਂ ਵਿਦੇਸ਼ਾਂ ਵਿਚ ਬਿਹਤਰ ਜ਼ਿੰਦਗੀ ਦੀ ਦੌੜ ਵਿਚ ਸੂਬੇ ਦੀਆਂ ਔਰਤਾਂ ਦੇ ਸ਼ੋਸ਼ਣ ਨੂੰ ਰੋਕਣ ਸਬੰਧੀ ਨੀਤੀ ਲਈ ਅੱਜ ਇਥੇ ਪਹਿਲੀ ਵਿਚਾਰ ਚਰਚਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਹੋਈ। ਇਸ ਮੌਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਵੱਡੀ ਗਿਣਤੀ ਵਿੱਚ ਔਰਤਾਂ ਨੇ ਸ਼ਿਰਕਤ ਕਰਕੇ ਉਨ੍ਹਾਂ ਨਾਲ ਹੋਏ ਦੁਖਾਂਤ ਬਾਰੇ ਕੈਬਨਿਟ ਮੰਤਰੀ ਨੂੰ ਜਾਣੂੰ ਕਰਵਾਇਆ। ਕੈਬਨਿਟ ਮੰਤਰੀ ਨੇ ਉਨ੍ਹਾਂ ਦਾ ਦੁੱਖ ਵੰਡਾਇਆ ਤੇ ਯਕੀਨ ਦਿਵਾਇਆ ਕਿ ਭਵਿੱਖ ਵਿਚ ਅਜਿਹੀਆਂ ਧੋਖਾਧੜੀਆਂ ਨੂੰ ਰੋਕਣ ਲਈ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਯਤਨਸ਼ੀਲ ਹੈ। ਔਰਤਾਂ ਵਲੋਂ ਦੱਸਿਆ ਗਿਆ ਕਿ ਏਜੰਟਾਂ ਵੱਲੋਂ ਉਨ੍ਹਾਂ ਨੂੰ ਨੌਕਰੀ ਦਾ ਝਾਂਸਾ ਦੇ ਕੇ ਖੁਸ਼ਹਾਲ ਜ਼ਿੰਦਗੀ ਦੇ ਸੁਪਨਾ ਦਿਖਾਇਆ ਤੇ ਬਾਹਰਲੇ ਦੇਸ਼ ਵਿਚ ਭੇਜ ਦਿੱਤਾ ਗਿਆ ਜਿਥੇ ਉਨ੍ਹਾਂ ਨੂੰ ਕਈ ਤਰ੍ਹਾਂ ਦੇ ਸ਼ੋਸ਼ਣ ਦਾ ਸ਼ਿਕਾਰ ਹੋਣਾ ਪਿਆ। ਇਥੇ ਹਾਜ਼ਰ ਇਕ ਔਰਤ ਨੇ ਦੱਸਿਆ ਕਿ ਉਸ ਦੀ ਲੜਕੀ ਬੜੀ ਮੁਸ਼ਕਿਲ ਨਾਲ ਵਿਦੇਸ਼ ਤੋਂ ਵਾਪਸ ਆਈ ਹੈ ਤੇ ਉਸ ਨੇ ਦੱਸਿਆ ਕਿ ਏਜੰਟ ਨੇ ਕਿਹਾ ਸੀ ਕਿ ਉਥੇ ਕਿਸੇ ਬਜ਼ੁਰਗ ਵਿਅਕਤੀ ਦੀ ਦੇਖਭਾਲ ਕਰਨੀ ਹੈ ਪਰ ਉਸ ਨੂੰ ਦੱਸੇ ਅਨੁਸਾਰ ਕੰਮ ਨਾ ਦੇ ਕੇ ਸ਼ੋਸ਼ਣ ਕੀਤਾ ਗਿਆ।
ਵਰਕਿੰਗ ਵਿਮੈਨ ਹੋਸਟਲ ਦਾ ਨੀਂਹ ਪੱਥਰ
ਸਮਾਜਿਕ ਸੁਰੱਖਿਆਮੰਤਰੀ ਡਾ. ਬਲਜੀਤ ਕੌਰ ਵਲੋਂ ਕੰਮਕਾਜੀ ਔਰਤਾਂ ਨੂੰ ਸੁਰੱਖਿਅਤ ਅਤੇ ਸੁਵਿਧਾਜਨਕ ਰਿਹਾਇਸ਼ ਮੁਹੱਈਆ ਕਰਨ ਦੇ ਮਕਸਦ ਨਾਲ ਜਲੰਧਰ ਦੇ ਗਾਂਧੀ ਵਨੀਤਾ ਆਸ਼ਰਮ ਵਿਚ ਆਪਣੀ ਤਰ੍ਹਾਂ ਦੇ ਪਹਿਲੇ ਹੋਸਟਲ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਹੋਸਟਲ ਉੱਪਰ 2.17 ਕਰੋੜ ਰੁਪਏ ਦੀ ਰਾਸ਼ੀ ਖਰਚ ਹੋਵੇਗੀ ਜਿਸ ਵਿਚ 100 ਮਹਿਲਾਵਾਂ ਦੀ ਰਿਹਾਇਸ਼ ਦੀ ਸਹੂਲਤ ਦੇ ਨਾਲ-ਨਾਲ ਛੋਟੇ ਬੱਚਿਆਂ ਦੀ ਸਾਂਭ ਸੰਭਾਲ ਲਈ ਕਰੈਚ ਦਾ ਵੀ ਪ੍ਰਬੰਧ ਹੋਵੇਗਾ। ਇਸ ਯੋਜਨਾ ਤਹਿਤ ਪੰਜਾਬ ਸਰਕਾਰ ਵਲੋਂ ਵੱਖ-ਵੱਖ ਸ਼ਹਿਰਾਂ ਵਿਚ ਵਰਕਿੰਗ ਵਿਮੈਨ ਹੋਸਟਲ ਸਥਾਪਿਤ ਕਰਨ ਦੀ ਯੋਜਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਔਰਤਾਂ ਦੇ ਸ਼ਕਤੀਕਰਨ ਲਈ ਨਵੀਆਂ ਨੀਤੀਆਂ ਲਿਆਂਦੀਆਂ ਜਾ ਰਹੀਆਂ ਹਨ ਤੇ ਉਨ੍ਹਾਂ ਦੇ ਹਰ ਮਸਲੇ ਨੂੰ ਸਰਕਾਰ ਤਰਜੀਹ ਦੇ ਆਧਾਰ ‘ਤੇ ਹੱਲ ਕਰਵਾਏਗੀ।