ਫ਼ਰੀਦਕੋਟ ਦੀ ਮਾਡਰਨ ਜੇਲ੍ਹ ’ਚੋਂ ਗੈਂਗਸਟਰਾਂ ਵੱਲੋਂ ਬਣਾਈ ਵੀਡੀਓ ਵਾਇਰਲ
ਭਾਰਤ ਭੂਸ਼ਨ ਆਜ਼ਾਦ
ਕੋਟਕਪੂਰਾ, 30 ਨਵੰਬਰ
ਫ਼ਰੀਦਕੋਟ ਦੀ ਮਾਡਰਨ ਜੇਲ੍ਹ ਵਿੱਚ ਬੰਦ ਗੈਂਗਸਟਰਾਂ ਵੱਲੋਂ ਮੋਬਾਈਲ ਫੋਨ ਦੀ ਵਰਤੋਂ ਅਤੇ ਸੋਸ਼ਲ ਮੀਡੀਆ ਪਲੈਟਫਾਰਮ ਇੰਸਟਾਗ੍ਰਾਮ ਦੇ ਆਪਣੇ ਅਕਾਊਂਟ ’ਤੇ ਜੇਲ੍ਹ ’ਚੋਂ ਕਥਿਤ ਤੌਰ ’ਤੇ ਵੀਡੀਓ ਬਣਾ ਕੇ ਅਪਲੋਡ ਕੀਤੇ ਜਾਣ ਨਾਲ ਪੰਜਾਬ ਸਰਕਾਰ ਵੱਲੋਂ ਜੇਲ੍ਹਾਂ ਵਿੱਚ ਪੁਖ਼ਤਾ ਪ੍ਰਬੰਧਾਂ ਦੇ ਕੀਤੇ ਜਾਂਦੇ ਦਾਅਵਿਆਂ ਦੀ ਫੂਕ ਨਿਕਲ ਗਈ ਹੈ। ਹਾਲਾਂਕਿ, ਵੀਡੀਓ ਬਾਰੇ ਜਾਣਕਾਰੀ ਮਿਲਣ ’ਤੇ ਫ਼ਰੀਦਕੋਟ ਪੁਲੀਸ ਨੇ ਇਸ ਸਬੰਧ ’ਚ ਕੇਸ ਦਰਜ ਕਰ ਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਅਨੁਸਾਰ ਫ਼ਰੀਦਕੋਟ ਦੇ ਨੌਜਵਾਨ ਕਾਂਗਰਸੀ ਆਗੂ ਗੁਰਲਾਲ ਪਹਿਲਵਾਨ ਕਤਲ ਦੇ ਮਾਮਲੇ ਵਿੱਚ ਮਾਡਰਨ ਜੇਲ੍ਹ ਫ਼ਰੀਦਕੋਟ ਵਿੱਚ ਬੰਦ ਆਕਾਸ਼ ਨਾਂ ਦੇ ਇਸ ਗੈਂਗਸਟਰ ਨੇ ਆਪਣੇ ਸਾਥੀ ਰਾਹੁਲ ਦਾਣਾ ਨਾਲ ਮਿਲ ਕੇ ਇੱਕ ਵੀਡੀਓ ਬਣਾਈ, ਜਿਸ ਵਿੱਚ ਸਰਕਾਰ ਪ੍ਰਤੀ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ ਕੀਤੀ ਅਤੇ ਮਗਰੋਂ ਇਹ ਵੀਡੀਓ ਆਪਣੇ ਇੰਸਟਾਗ੍ਰਾਮ ਦੇ ਅਕਾਊਂਟ ’ਤੇ ਪੋਸਟ ਕਰ ਦਿੱਤੀ। ਐੱਸਐੱਸਪੀ ਫਰੀਦਕੋਟ ਹਰਜੀਤ ਸਿੰਘ ਨੇ ਇਹ ਵੀਡੀਓ ਵਾਇਰਲ ਹੋਣ ਦੀ ਪੁਸ਼ਟੀ ਕਰਦਿਆਂ ਆਖਿਆ ਕਿ ਜੇਲ੍ਹ ਪ੍ਰਸ਼ਾਸਨ ਨੇ ਆਕਾਸ਼ ਤੇ ਉਸ ਦੇ ਸਾਥੀ ਰਾਹੁਲ ਦਾਣਾ ਵਾਸੀ ਸ੍ਰੀ ਅੰਮ੍ਰਿਤਸਰ ਸਾਹਿਬ ਕੋਲੋਂ ਮੋਬਾਈਲ ਫੋਨ ਬਰਾਮਦ ਕੀਤਾ ਸੀ। ਇਸ ਸਬੰਧ ਵਿੱਚ ਸਬੰਧਤ ਜ਼ਿਲ੍ਹਾ ਪੁਲੀਸ ਨੂੰ ਸੂਚਿਤ ਕਰ ਦਿੱਤਾ ਗਿਆ ਸੀ। ਪੁਲੀਸ ਮੁਤਾਬਕ ਇਨ੍ਹਾਂ ਗੈਂਗਸਟਰਾਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਪੁੱਛ-ਪੜਤਾਲ ਕੀਤੀ ਜਾਵੇਗੀ।