ਘੱਗਰ ਵਿੱਚ ਪਾਣੀ ਦਾ ਪੱਧਰ ਵਧਣ ਲੱਗਿਆ; ਲੋਕ ਸਹਿਮੇ
ਪੱਤਰ ਪ੍ਰੇਰਕ
ਮਾਨਸਾ, 16 ਅਗਸਤ
ਪਹਾੜੀ ਖੇਤਰਾਂ ਅਤੇ ਪੰਜਾਬ ਵਿੱਚ ਹੋ ਰਹੀ ਭਾਰੀ ਬਾਰਸ਼ ਦੇ ਚੱਲਦਿਆਂ ਜ਼ਿਲ੍ਹਾ ਮਾਨਸਾ ਵਿੱਚ ਘੱਗਰ ਦਰਿਆ ਸਣੇ ਸਾਰੀਆਂ ਡਰੇਨਾਂ ਤੇ ਬਰਸਾਤੀ ਨਾਲਿਆਂ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਪਿੰਡਾਂ ਦੇ ਲੋਕਾਂ ਵਿੱਚ ਘਬਰਾਹਟ ਪੈਦਾ ਹੋ ਗਈ ਹੈ। ਪ੍ਰਸ਼ਾਸਨ ਵੱਲੋਂ ਪਾਣੀ ਦੇ ਵਧਦੇ ਪੱਧਰ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਘੱਗਰ ਕਾਰਨ ਜ਼ਿਲ੍ਹਾ ਮਾਨਸਾ ਵਿੱਚ 39 ਪਿੰਡ ਹੜ੍ਹਾਂ ਦੀ ਮਾਰ ਹੇਠ ਆਉਂਦੇ ਹਨ।
ਅੱਜ ਮਾਨਸਾ ਦੇ ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ਤੋਂ ਬਾਅਦ ਉਪ ਮੰਡਲ ਮੈਜਿਸਟਰੇਟ ਬੁਢਲਾਡਾ ਗਗਨਦੀਪ ਸਿੰਘ ਨੇ ਚਾਂਦਪੁਰਾ ਬੰਨ੍ਹ ਅਤੇ ਸਰਦੂਲਗੜ੍ਹ ਦੇ ਐਸਡੀਐਮ ਨਿਤੇਸ਼ ਕੁਮਾਰ ਨੇ ਘੱਗਰ ਦਰਿਆ ਨੇੜਲੀਆਂ ਥਾਵਾਂ ਦਾ ਦੌਰਾ ਕਰ ਕੇ ਪਾਣੀ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ।
ਪ੍ਰਸ਼ਾਸਨਿਕ ਅਧਿਕਾਰੀਆਂ ਨੇ ਉੱਥੇ ਮੌਜੂਦ ਕੁੱਝ ਲੋਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਫ਼ਿਲਹਾਲ ਚਾਂਦਪੁਰਾ ਵਿੱਚ ਘੱਗਰ ਵਿੱਚ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਕਰੀਬ ਹੇਠਾਂ ਚੱਲ ਰਿਹਾ ਹੈ, ਪਰ ਫਿਰ ਵੀ ਜੇ ਆਉਣ ਵਾਲੇ ਦਿਨਾਂ ਵਿੱਚ ਜ਼ਿਆਦਾ ਬਰਸਾਤ ਪੈਂਦੀ ਹੈ ਤਾਂ ਵੀ ਜ਼ਿਲ੍ਹਾ ਪ੍ਰਸ਼ਾਸਨ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।
ਇਸੇ ਦੌਰਾਨ ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਸਰਦੂਲਗੜ੍ਹ ’ਚ ਲੰਘਦੇ ਘੱਗਰ ਵਿੱਚ ਪਾਣੀ ਦੀ ਸਥਿਤੀ ਦਾ ਜਾਇਜ਼ਾ ਲਿਆ, ਜਿਸ ਦੌਰਾਨ ਕੁੱਝ ਥਾਵਾਂ ’ਤੇ ਜਲਬੂਟੀ ਫਸੀ ਹੋਣ ਦਾ ਤੁਰੰਤ ਨੋਟਿਸ ਲੈਂਦਿਆਂ ਐਸਡੀਓ ਡਰੇਨੇਜ਼ ਨੂੰ ਤੁਰੰਤ ਢੁੱਕਵੀਂ ਕਾਰਵਾਈ ਕਰਦਿਆਂ ਜਲਬੂਟੀ ਨੂੰ ਬਾਹਰ ਕਢਵਾਇਆ ਗਿਆ। ਉਨ੍ਹਾਂ ਵੱਲੋਂ ਘੱਗਰ ਦਰਿਆ ਦੇ ਬੰਨ੍ਹ ਢੁੱਕਵੀਆਂ ਥਾਵਾਂ ’ਤੇ ਤੁਰੰਤ ਮਿੱਟੀ ਪਾਉਣ ਦੀ ਹਦਾਇਤ ਕੀਤੀ ਗਈ। ਉਨ੍ਹਾਂ ਸਬੰਧਤ ਐੱਸਐੱਚਓ ਨੂੰ ਹਦਾਇਤ ਕੀਤੀ ਕਿ ਘੱਗਰ ਦੇ ਨੇੜਲੇ ਪਿੰਡਾਂ ਵਿੱਚ ਗ੍ਰਾਮ ਪੰਚਾਇਤਾਂ, ਯੂਥ ਕਲੱਬਾਂ ਤੇ ਸਮਾਜ ਸੇਵੀ ਸੰਗਠਨਾਂ ਨਾਲ ਅਗੇਤਾ ਤਾਲਮੇਲ ਰੱਖਿਆ ਜਾਵੇ ਤਾਂ ਜੋ ਕਿਸੇ ਵੀ ਸੰਭਾਵੀ ਸਥਿਤੀ ਵਿੱਚ ਇੱਕ-ਦੂਜੇ ਦੀਆਂ ਸੇਵਾਵਾਂ ਲਈਆਂ ਜਾ ਸਕਣ।
ਉਨ੍ਹਾਂ ਵੱਲੋਂ ਪ੍ਰਾਇਮਰੀ ਹੈਲਥ ਸੈਂਟਰ ਕੁਲਰੀਆਂ ਦਾ ਵੀ ਦੌਰਾ ਕੀਤਾ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਲੋੜੀਂਦੀ ਮਾਤਰਾ ਵਿੱਚ ਦਵਾਈਆਂ ਦੀ ਉਪਲਬੱਧਤਾ ਨੂੰ ਯਕੀਨੀ ਬਣਾਉਣ ਲਈ ਕਿਹਾ।