ਮੀਂਹ ਪੈਣ ਨਾਲ ਮੌਸਮ ਖੁਸ਼ਗਵਾਰ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 4 ਸਤੰਬਰ
ਸਿਟੀ ਬਿਊਟੀਫੁਲ ਚੰਡੀਗੜ੍ਹ ਵਿੱਚ ਲੰਘੀ ਰਾਤ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਪੈਣ ਕਰ ਕੇ ਅੱਜ ਸਾਰਾ ਦਿਨ ਮੌਸਮ ਸੁਹਾਵਣਾ ਰਿਹਾ। ਸਾਰੀ ਰਾਤ ਰੁਕ-ਰੁਕ ਕੇ ਪੈਂਦੇ ਰਹੇ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿਵਾ ਦਿੱਤੀ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿੱਚ 24 ਘੰਟਿਆਂ ਦੌਰਾਨ 45 ਐੱਮਐੱਮ ਮੀਂਹ ਪਿਆ ਹੈ। ਅੱਜ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 32.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ ਜੋ ਆਮ ਨਾਲੋਂ 0.9 ਡਿਗਰੀ ਸੈਲਸੀਅਸ ਘੱਟ ਹੈ। ਇਸੇ ਤਰ੍ਹਾਂ ਘੱਟ ਤੋਂ ਘੱਟ ਤਾਪਮਾਨ 24.2 ਡਿਗਰੀ ਸੈਲਸੀਅਸ ਦਰਜ ਕੀਤਾ ਹੈ, ਜੋ ਆਮ ਨਾਲੋਂ 1.1 ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ ਹੈ। ਦੂਜੇ ਪਾਸੇ, ਮੌਸਮ ਵਿਗਿਆਨੀਆਂ ਨੇ 5, 6 ਅਤੇ 7 ਸਤੰਬਰ ਨੂੰ ਰੁਕ-ਰੁਕ ਕੇ ਮੀਂਹ ਪੈਣ ਅਤੇ 8 ਤੇ 9 ਸਤੰਬਰ ਨੂੰ ਬੱਦਲਵਾਈ ਰਹਿਣ ਦੀ ਪੇਸ਼ੀਨਗੋਈ ਕੀਤੀ ਹੈ।
ਜਾਣਕਾਰੀ ਅਨੁਸਾਰ ਲੰਘੀ ਰਾਤ ਇੱਕ ਵਜੇ ਦੇ ਕਰੀਬ ਕਿਣ-ਮਿਣ ਹੋਣੀ ਸ਼ੁਰੂ ਹੋ ਗਈ ਸੀ, ਜੋ ਦੁਪਹਿਰ 12 ਵਜੇ ਤੱਕ ਰੁਕ-ਰੁਕ ਕੇ ਹੁੰਦੀ ਰਹੀ। ਉਸ ਤੋਂ ਬਾਅਦ ਵੀ ਅਸਮਾਨ ਵਿੱਚ ਬੱਦਲ ਛਾਏ ਰਹੇ ਜਿਸ ਕਰ ਕੇ ਮੌਸਮ ਖ਼ੁਸ਼ਗਵਾਰ ਰਿਹਾ ਹੈ।