ਚੰਨੀ ਖ਼ਿਲਾਫ਼ ਡੀਜੀਪੀ ਨੂੰ ਪੱਤਰ ਭੇਜੇਗਾ ਮਹਿਲਾ ਕਮਿਸ਼ਨ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਨਵੰਬਰ
ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਔਰਤਾਂ ਪ੍ਰਤੀ ਦਿੱਤੇ ਬਿਆਨ ਸਬੰਧੀ ਜਾਰੀ ਕੀਤੇ ਨੋਟਿਸ ’ਤੇ ਪੇਸ਼ ਨਾ ਹੋਣ ’ਤੇ ਲੋਕ ਸਭਾ ਮੈਂਬਰ ਖ਼ਿਲਾਫ਼ ਅਗਲੀ ਕਾਰਵਾਈ ਕਰਨ ਦੀ ਤਿਆਰੀ ਖਿੱਚ ਲਈ ਹੈ। ਇਸ ਲਈ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਡੀਜੀਪੀ ਨੂੰ ਚੰਨੀ ਖ਼ਿਲਾਫ਼ ਲੋੜੀਂਦੀ ਕਾਰਵਾਈ ਲਈ ਪੱਤਰ ਲਿਖਿਆ ਜਾਵੇਗਾ। ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਚੰਨੀ ਨੂੰ ਉਨ੍ਹਾਂ ਦੀ ਅਧਿਕਾਰਤ ਈਮੇਲ ਆਈਡੀ ’ਤੇ ਦੋ ਵਾਰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ ਪਰ ਉਹ ਹਾਲੇ ਤੱਕ ਕਮਿਸ਼ਨ ਅੱਗੇ ਪੇਸ਼ ਨਹੀਂ ਹੋਏ। ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਹਾਲੇ ਵੀ ਕੁਝ ਸਮਾਂ ਇੰਤਜ਼ਾਰ ਕੀਤਾ ਜਾਵੇਗਾ, ਜਿਸ ਤੋਂ ਬਾਅਦ ਡੀਜੀਪੀ ਨੂੰ ਪੱਤਰ ਲਿਖ ਕੇ ਬਣਦੀ ਕਾਰਵਾਈ ਦੀ ਮੰਗ ਕੀਤੀ ਜਾਵੇਗੀ। ਹਾਲਾਂਕਿ ਚੰਨੀ ਨੇ ਇਸ ਮਾਮਲੇ ਸਬੰਧੀ ਮੁਆਫ਼ੀ ਮੰਗ ਲਈ ਹੈ। ਜ਼ਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸੋਸ਼ਲ ਮੀਡੀਆ ’ਤੇ ਵਿਧਾਨ ਸਭਾ ਹਲਕਾ ਗਿੱਦੜਬਾਹਾ ਵਿੱਚ ਚੋਣ ਪ੍ਰਚਾਰ ਕਰਦਿਆਂ ਦੀ ਵੀਡੀਓ ਵਾਇਰਲ ਹੋਈ ਸੀ। ਇਸ ਵਿੱਚ ਉਹ ਔਰਤਾਂ ਸਬੰਧੀ ਬਿਆਨ ਦੇ ਰਹੇ ਸਨ। ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸੋਮਵਾਰ ਨੂੰ ਵੀਡੀਓ ’ਤੇ ਖੁਦ ਨੋਟਿਸ ਲੈਂਦਿਆਂ ਚੰਨੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ।