ਮਜ਼ਦੂਰਾਂ ਨੇ ਸੰਘਰਸ਼ ਦੀ ਰੂਪ-ਰੇਖਾ ਐਲਾਨੀ
ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 10 ਨਵੰਬਰ
ਪੇਂਡੂ ਤੇ ਖੇਤ ਮਜ਼ਦੂਰ ਸਾਂਝਾ ਮੋਰਚਾ ਵਿੱਚ ਸ਼ਾਮਿਲ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਵੱਲੋਂ ਅੱਜ ਇਥੇ ਟੀਚਰਜ਼ ਹੋਮ ਵਿੱਚ ਮੀਟਿੰਗ ਕਰਕੇ ਭਵਿੱਖੀ ਪ੍ਰੋਗਰਾਮਾਂ ਦੀ ਵਿਉਂਤਬੰਦੀ ਕੀਤੀ ਗਈ। ਮੀਟਿੰਗ ਦੇ ਫੈਸਲਿਆਂ ਬਾਰੇ ਦਿਹਾਤੀ ਮਜ਼ਦੂਰ ਸਭਾ ਪੰਜਾਬ ਦੇ ਸੂਬਾ ਵਿੱਤ ਸਕੱਤਰ ਸਾਥੀ ਮਹੀਪਾਲ ਨੇ ਦੱਸਿਆ ਕਿ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਪ੍ਰਤਿਪਾਲ ਸਿੰਘ ਰਾਮਪੁਰਾ, ਦਿਹਾਤੀ ਮਜ਼ਦੂਰ ਸਭਾ ਪੰਜਾਬ ਦੇ ਜ਼ਿਲ੍ਹਾ ਜਨਰਲ ਸਕੱਤਰ ਪ੍ਰਕਾਸ਼ ਸਿੰਘ ਨੰਦਗੜ੍ਹ, ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮੀਂ ਲਾਲ ਬਲਾਹੜ ਮਹਿਮਾ, ਪੰਜਾਬ ਖੇਤ ਮਜ਼ਦੂਰ ਸਭਾ ਦੇ ਜ਼ਿਲ੍ਹਾ ਸਕੱਤਰ ਸੁਰਜੀਤ ਸਿੰਘ ਸਰਦਾਰਗੜ੍ਹ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਮੰਗਾ ਸਿੰਘ ਆਜ਼ਾਦ ਅਤੇ ਸੱਤਾ ਸਿੰਘ ਰਾਮਪੁਰਾ ਸ਼ਾਮਿਲ ਹੋਏ। ਉਨ੍ਹਾਂ ਦੱਸਿਆ ਕਿ ਕਿਸੇ ਮਜ਼ਬੂਰੀ ਕਾਰਨ ਮੀਟਿੰਗ ਵਿੱਚ ਪੁੱਜਣੋਂ ਰਹਿ ਗਏ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਕੁਲਵੰਤ ਸਿੰਘ ਸੇਲਬਰਾਹ ਨੇ ਫ਼ੋਨ ਰਾਹੀਂ ਮੀਟਿੰਗ ਦੇ ਫੈਸਲਿਆਂ ਨਾਲ ਮੁਕੰਮਲ ਸਹਿਮਤੀ ਜਤਿਾਈ ਅਤੇ ਸਾਰੇ ਫੈਸਲੇ ਵੱਧ-ਚੜ੍ਹ ਕੇ ਲਾਗੂ ਕਰਨ ਦਾ ਭਰੋਸਾ ਦੁਆਇਆ। ਮੋਰਚੇ ਵੱਲੋਂ 20 ਨਵੰਬਰ ਨੂੰ ਟੀਚਰਜ਼ ਹੋਮ ਬਠਿੰਡਾ ਵਿੱਚ ਕਨਵੈਨਸ਼ਨ ਹੋਵੇਗੀ।