ਬਿਜਲੀ ਮੰਤਰੀ ਵੱਲੋਂ ਮੀਟਿੰਗ ਨਾ ਕਰਨ ਤੋਂ ਕਾਮੇ ਔਖੇ
ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 30 ਜੂਨ
ਪਾਵਰਕੌਮ ਐਂਡ ਟ੍ਰਾਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਪਾਵਰਕੌਮ ਸੀਐੱਚਬੀ ਤੇ ਡਬਲਿਊ ਕਾਮਿਆਂ ਦੀ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਸਰਕਾਰ ਅਤੇ ਮੈਨੇਜਮੈਂਟ ਕਾਮਿਆਂ ਦੀਆਂ ਮੰਗਾਂ ਵੱਲ ਧਿਆਨ ਦੇਣ ਤੋਂ ਪਾਸਾ ਵੱਟਦੀ ਆ ਰਹੀ ਹੈ। ਸਰਕਲ ਪ੍ਰਧਾਨ ਰਾਕੇਸ਼ ਕੁਮਾਰ ਨੇ ਦੱਸਿਆ ਕਿ 20 ਜੂਨ ਵਾਲੀ ਮੀਟਿੰਗ ’ਚ ਬਿਜਲੀ ਮੰਤਰੀ ਗੈਰਹਾਜ਼ਰ ਰਹੇ। ਮੀਟਿੰਗ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਸੀਐੱਚਬੀ ਤੇ ਡਬਲਿਊ ਕਾਮਿਆਂ ਦੀਆਂ ਮੰਗਾਂ ਨੂੰ ਲੈ ਕੇ ਜਾਣੂ ਕਰਵਾਇਆ ਗਿਆ।
ਇਸ ਮੌਕੇ ਟੈਲੀਫੋਨ ਰਾਹੀਂ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨਾਲ 30 ਜੂਨ ਨੂੰ ਮੀਟਿੰਗ ਦਾ ਸਮਾਂ ਜਥੇਬੰਦੀ ਨੂੰ ਤੈਅ ਕਰਵਾਇਆ। ਪਰ ਬਿਜਲੀ ਮੰਤਰੀ ਵੱਲੋਂ ਮੀਟਿੰਗ ਕਰਨ ਤੋਂ ਪਾਸਾ ਵੱਟਿਆ ਗਿਆ ਅਤੇ ਮੰਗਾਂ-ਮਸਲਿਆਂ ਦਾ ਨਿਪਟਾਰਾ ਕਰਨ ਤੋਂ ਨਾਂਹ ਕੀਤੀ ਗਈ ਜਿਸ ਦੇ ਰੋਸ ਵਜੋਂ ਪਾਵਰਕੌਮ ਠੇਕਾ ਕਾਮਿਆਂ ਵੱਲੋਂ 1 ਜੁਲਾਈ ਨੂੰ ਪਰਿਵਾਰਾਂ ਅਤੇ ਬੱਚਿਆਂ ਸਮੇਤ ਕੈਬਨਿਟ ਮੰਤਰੀਆਂ ਦੀਆਂ ਰਿਹਾਇਸ਼ਾਂ, ਦਫਤਰਾਂ ਅੱਗੇ ਲਗਾਤਾਰ ਧਰਨੇ ਦੇਣ ਦਾ ਫੈਸਲਾ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕਾਮਿਆਂ ਦੀਆਂ ਮੰਗਾਂ ਦਾ ਹੱਲ ਨਹੀਂ ਹੁੰਦਾ ਉਦੋਂ ਤੱਕ ਸੰਘਰਸ਼ ਜਾਰੀ ਰੱਖਣ ਦਾ ਫੈਸਲਾ ਕੀਤਾ ਤੇ ਸੰਘਰਸ਼ ਤਿੱਖਾ ਕੀਤਾ ਜਾਵੇਗਾ।