For the best experience, open
https://m.punjabitribuneonline.com
on your mobile browser.
Advertisement

ਮਜ਼ਦੂਰਾਂ ਨੇ ਬਰਨਾਲਾ-ਲੁਧਿਆਣਾ ਮੁੱਖ ਮਾਰਗ ਕੀਤਾ ਜਾਮ

10:10 AM Aug 24, 2024 IST
ਮਜ਼ਦੂਰਾਂ ਨੇ ਬਰਨਾਲਾ ਲੁਧਿਆਣਾ ਮੁੱਖ ਮਾਰਗ ਕੀਤਾ ਜਾਮ
ਮਹਿਲ ਕਲਾਂ ਵਿੱਚ ਬਰਨਾਲਾ-ਲੁਧਿਆਣਾ ਮੁੱਖ ਮਾਰਗ ਉੱਪਰ ਧਰਨਾ ਦਿੰਦੇ ਹੋਏ ਮਜ਼ਦੂਰ।
Advertisement

ਨਵਕਿਰਨ ਸਿੰਘ
ਮਹਿਲ ਕਲਾਂ, 23 ਅਗਸਤ
ਮਹਿਲ ਕਲਾਂ ਵਿੱਚ ਮਜ਼ਦੂਰਾਂ ਵੱਲੋਂ ਅਹਿਮ ਮੰਗਾਂ ਦੀ ਪ੍ਰਾਪਤੀ ਲਈ ‘ਭਾਈ ਲਾਲੋ ਪੰਜਾਬੀ ਮੰਚ’ ਦੇ ਆਗੂ ਹਰਜੀਤ ਸਿੰਘ ਖਿਆਲੀ ਦੀ ਅਗਵਾਈ ਹੇਠ ਲੁਧਿਆਣਾ-ਬਰਨਾਲਾ ਮੁੱਖ ਮਾਰਗ ਉਪਰ ਕਰੀਬ ਪੰਜ ਘੰਟੇ ਤੱਕ ਚੱਕਾ ਜਾਮ ਕਰ ਕੇ ਧਰਨਾ ਦਿੱਤਾ ਗਿਆ। ਇਸ ਮੌਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮਜ਼ਦੂਰਾਂ ਨੇ ਕਿਹਾ ਕਿ ਮਹਿੰਗਾਈ ਦੇ ਦੌਰ ਵਿੱਚ ਮਜ਼ਦੂਰਾਂ ਅਤੇ ਛੋਟੇ ਕਿਸਾਨਾਂ ਨੂੰ ਗੁਜ਼ਾਰਾ ਕਰਨਾ ਮੁਸ਼ਕਿਲ ਹੋਇਆ ਪਿਆ ਹੈ ਪਰ ਸਰਕਾਰ ਮਜ਼ਦੂਰਾਂ ਵੱਲ ਧਿਆਨ ਨਹੀਂ ਦੇ ਰਹੀ ਹੈ। ਇਸ ਮੌਕੇ ਮਨਰੇਗਾ ਮਾਹਿਰ ਤਰਜਿੰਦਰ ਸਿੰਘ ਢਿੱਲੋਂ, ਹਰਜੀਤ ਸਿੰਘ ਖਿਆਲੀ, ਪਰਜਿੰਦਰ ਸਿੰਘ, ਪੂਰਨ ਸਿੰਘ ਗਹਿਲ, ਬਲਦੇਵ ਸਿੰਘ ਸਹਿਜੜਾ, ਅੰਮ੍ਰਿਤਪਾਲ ਸਿੰਘ ਮਹਿਲ ਖੁਰਦ ਆਦਿ ਨੇ ਕਿਹਾ ਕਿ ਮਨਰੇਗਾ ਮਜ਼ਦੂਰਾਂ ਨੂੰ 100 ਦਿਨ ਕੰਮ ਦੀ ਗਾਰੰਟੀ ਦਿੱਤੀ ਜਾਵੇ, ਮਨਰੇਗਾ ਦੇ ਚੱਲ ਰਹੇ ⁠ਕੰਮ ਦੀ ਅਸਲ ਜਗ੍ਹਾ ’ਤੇ ਹੀ ਹਾਜ਼ਰੀ ਯਕੀਨੀ ਬਣਾਈ ਜਾਵੇ।
ਉਨ੍ਹਾਂ ਮੰਗ ਕੀਤੀ ਕਿ ਮਜ਼ਦੂਰਾਂ ਤੇ ਛੋਟੇ ਕਿਸਾਨਾਂ ਨੂੰ ਘਰਾਂ ਵਿੱਚ ਪਸ਼ੂ ਪਾਲਣ ਦਾ ਕਿੱਤਾ ਸ਼ੁਰੂ ਕਰਨ ਲਈ ਸ਼ੈੱਡ ਦੀ ਸਹੂਲਤ ਦਿੱਤੀ ਜਾਵੇ, ਪੰਜ ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨ ਨੂੰ ਮਨਰੇਗਾ ਸਕੀਮ ਅਧੀਨ ਹਰ ਬਣਦੀ ਸਹੂਲਤ ਦਿੱਤੀ ਜਾਵੇ। ਉਨ੍ਹਾਂ ਮੰਗ ਕੀਤੀ ਕਿ ਪੰਚਾਇਤੀ ਜ਼ਮੀਨ ਦਾ ਤੀਜਾ ਹਿੱਸਾ ਮਜ਼ਦੂਰਾਂ ਨੂੰ ਦਿੱਤਾ ਜਾਵੇ ਤਾਂ ਜੋ ਉਹ ਆਪਣੇ ਪਸ਼ੂਆਂ ਲਈ ਹਰੇ-ਚਾਰੇ ਦਾ ਪ੍ਰਬੰਧ ਕਰ ਸਕਣ।
ਇਸ ਮੌਕੇ ਮੰਗ ਕੀਤੀ ਗਈ ਕਿ ਮਹਿਲ ਕਲਾਂ ਦੇ ਸਰਕਾਰੀ ਹਸਪਤਾਲ ਸਣੇ ਸਾਰੀਆਂ ਸੀਐੱਚਸੀ ਵਿੱਚ ਡਾਕਟਰਾਂ ਦੀ ਕਮੀ ਪੂਰੀ ਕੀਤੀ ਜਾਵੇ ਤੇ ਸਕੂਲਾਂ ’ਚ ਅਧਿਆਪਕਾਂ ਦੀ ਕਮੀ ਨੂੰ ਪੂਰਾ ਕੀਤਾ ਜਾਵੇ। ਇਸ ਮੌਕੇ ਮਜ਼ਦੂਰਾਂ ਵੱਲੋਂ ਅਗਲੇ ਸੰਘਰਸ਼ ਲਈ 31 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਤਰਫੋਂ ਜਗਤਾਰ ਸਿੰਘ ਵੱਲੋਂ ਧਰਨੇ ਵਿੱਚ ਪੁੱਜ ਕੇ ਮੰਗ ਪੱਤਰ ਹਾਸਲ ਕੀਤਾ ਗਿਆ।

Advertisement

Advertisement
Advertisement
Author Image

sukhwinder singh

View all posts

Advertisement