ਮਜ਼ਦੂਰਾਂ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
ਪੱਤਰ ਪ੍ਰੇਰਕ
ਮਹਿਲ ਕਲਾਂ, 12 ਮਾਰਚ
ਮਜ਼ਦੂਰਾਂ ਨੂੰ ਮਗਨਰੇਗਾ ਤਹਿਤ ਕੀਤੇ ਕੰਮ ਦਾ ਸਮੇਂ ਸਿਰ ਮਿਹਨਤਾਨਾ ਨਾ ਮਿਲਣ ਦੇ ਰੋਸ ਵਜੋਂ ਪਿੰਡ ਚੁਹਾਣਕੇ ਖੁਰਦ ਵਿੱਚ ਮਜ਼ਦੂਰਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਹੈ। ਇਸ ਮੌਕੇ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਸਾਧੂ ਸਿੰਘ ਛੀਨੀਵਾਲ, ਜ਼ਿਲ੍ਹਾ ਜਨਰਲ ਸਕੱਤਰ ਭੋਲਾ ਸਿੰਘ ਕਲਾਲ ਮਾਜਰਾ ਨੇ ਕਿਹਾ ਕਿ ਮਸ਼ੀਨੀਕਰਨ ਦੇ ਮੌਜੂਦਾ ਦੌਰ ਵਿੱਚ ਮਜ਼ਦੂਰਾਂ ਕੋਲ ਮਨਰੇਗਾ ਹੀ ਰੁਜ਼ਗਾਰ ਦਾ ਇਕਮਾਤਰ ਸਹਾਰਾ ਹੈ ਪਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਮਜ਼ਦੂਰਾਂ ਨੂੰ ਨਾ ਹੀ ਮਨਰੇਗਾ ਤਹਿਤ 100 ਦਿਨ ਕੰਮ ਮਿਲ ਰਿਹਾ ਹੈ ਅਤੇ ਨਾ ਹੀ ਕੀਤੇ ਕੰਮ ਦਾ ਸਮੇਂ ਸਿਰ ਮਿਹਨਤਾਨਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਰਤ ਕਾਨੂੰਨਾਂ ਨੂੰ ਤੋੜ ਕੇ ਮਜ਼ਦੂਰਾਂ ਨੂੰ ਮਿਲੇ ਅਧਿਕਾਰ ਖੋਹੇ ਜਾ ਰਹੇ ਹਨ ਅਤੇ ਮਜ਼ਦੂਰਾਂ ਦੇ ਰੁਜ਼ਗਾਰ ਖਤਮ ਕੀਤੇ ਜਾ ਰਹੇ ਹਨ।
ਇਸ ਮੌਕੇ ਮਜ਼ਦੂਰ ਆਗੂ ਲਾਭ ਸਿੰਘ, ਪੂਰਨ ਚੰਦ, ਅਨੈਤ ਖਾਂ, ਸਤਨਾਮ ਸਿੰਘ, ਕਰਮਜੀਤ ਕੌਰ, ਅਮਨਦੀਪ ਕੌਰ ਆਦਿ ਨੇ ਕਿਹਾ ਕਿ ਮਨਰੇਗਾ ਮਜ਼ਦੂਰਾਂ ਵੱਲੋਂ ਕੀਤੇ ਕੰਮ ਦੇ ਪੈਸੇ ਖਾਤਿਆਂ ਵਿੱਚ ਨਾ ਭੇਜੇ ਜਾਣ ਕਾਰਨ ਮਜ਼ਦੂਰਾਂ ਨੂੰ ਭੁੱਖਮਰੀ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ।