ਮਜ਼ਦੂਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
ਜੋਗਿੰਦਰ ਸਿੰਘ ਓਬਰਾਏ
ਖੰਨਾ, 30 ਜੁਲਾਈ
ਫੂਡ ਗ੍ਰੇਨ ਐਂਡ ਅਲਾਈਂਡ ਵਰਕਰ ਯੂਨੀਅਨ ਦੇ ਮੈਬਰਾਂ ਨੇ ਅਵਤਾਰ ਸਿੰਘ ਭੱਟੀਆਂ ਦੀ ਅਗਵਾਈ ਹੇਠ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਤੇ ਮਜ਼ਦੂਰ ਵਿਰੋਧੀ ਪਾਲਿਸੀ ਦੀਆਂ ਕਾਪੀਆਂ ਸਾੜੀਆਂ। ਉਨ੍ਹਾਂ ਰੋਸ ਪ੍ਰਗਟਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਪਹਿਲੀਆਂ ਸਰਕਾਰਾਂ ਦੀ ਤਰ੍ਹਾਂ ਮਜ਼ਦੂਰਾਂ ਦੀਆਂ ਮੰਗਾਂ ਲਾਗੂ ਕਰਨ ਲਈ ਟਾਮ ਮਟੋਲ ਦੀ ਨੀਤੀ ਅਪਣਾ ਰਹੀ ਹੈ ਅਤੇ ਕਾਰਪੋਰੇਟ ਅਦਾਰਿਆਂ ਦੇ ਹਿੱਤ ਵਿੱਚ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ 7 ਪੱਲੇਦਾਰ ਮਜ਼ਦੂਰ ਯੂਨੀਅਨਾਂ ਨਾਲ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੁਲਦੀਪ ਸਿੰਘ ਧਾਲੀਵਾਲ ਅਤੇ ਅਮਨ ਅਰੋੜਾ ਦੀ ਬਣਾਈ ਕਮੇਟੀ ਵੱਲੋਂ ਮਜ਼ਦੂਰਾਂ ਦੇ ਹੱਕ ਵਿੱਚ ਫ਼ੈਸਲਾ ਕੀਤਾ ਗਿਆ ਸੀ ਕਿ ਪੰਜਾਬ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਠੇਕੇਦਾਰੀ ਸਿਸਟਮ ਖਤਮ ਕਰਕੇ ਪੱਲੇਦਾਰ ਮਜ਼ਦੂਰਾਂ ਨੂੰ ਕੰਮ ਦਾ ਸਿੱਧਾ ਭੁਗਤਾਣ ਕੀਤਾ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੇ ਫੂਡ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਠੇਕੇਦਾਰਾਂ ਨਾਲ ਮਿਲੀਭੁਗਤ ਕਰ ਕੇ ਮਜ਼ਦੂਰ ਵਿਰੋਧੀ ਪਾਲਿਸੀਆਂ ਬਣਾ ਕੇ ਵੱਡਾ ਧੋਖਾ ਦਿੱਤਾ ਹੈ। ਇਸ ਮੌਕੇ ਇੰਦਰਜੀਤ ਸਿੰਘ ਨੇ ਕਿਹਾ ਕਿ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਜਲਦ ਸਮੂਹ ਜ਼ਿਲ੍ਹਿਆਂ ਦੇ ਡੀਸੀ ਦਫ਼ਤਰਾਂ ਅੱਗੇ ਧਰਨੇ ਦੇ ਕੇ ਮੰਗ ਪੱਤਰ ਸੌਂਪੇ ਜਾਣਗੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਮਜ਼ਦੂਰਾਂ ਦੇ ਹੱਕ ਵਿੱਚ ਫ਼ੈਸਲਾ ਨਹੀਂ ਹੁੰਦਾ, ਉਦੋਂ ਤੱਕ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਇਸ ਮੌਕੇ ਬੇਅੰਤ ਸਿੰਘ, ਗੁਰਪ੍ਰੀਤ ਸਿੰਘ, ਕੁਲਵੰਤ ਸਿੰਘ, ਖੁਸ਼ੀ ਰਾਮ, ਜਸਪਾਲ ਸਿੰਘ, ਨਛੱਤਰ ਸਿੰਘ, ਸੌਰਵ ਕੁਮਾਰ ਹਾਜ਼ਰ ਸਨ।