For the best experience, open
https://m.punjabitribuneonline.com
on your mobile browser.
Advertisement

ਮਜ਼ਦੂਰਾਂ ਨੇ ਮਨਰੇਗਾ ਦਿਹਾੜੀ ’ਚ ਕੀਤਾ ਵਾਧਾ ਰੱਦ ਨਕਾਰਿਆ

11:15 AM Apr 07, 2024 IST
ਮਜ਼ਦੂਰਾਂ ਨੇ ਮਨਰੇਗਾ ਦਿਹਾੜੀ ’ਚ ਕੀਤਾ ਵਾਧਾ ਰੱਦ ਨਕਾਰਿਆ
ਬੀਡੀਪੀਓ ਦਫ਼ਤਰ ਮਹਿਲ ਕਲਾਂ ਅੱਗੇ ਨਾਅਰੇਬਾਜ਼ੀ ਕਰਦੇ ਹੋਏ ਮਨਰੇਗਾ ਮਜ਼ਦੂਰ।
Advertisement

ਨਵਕਿਰਨ ਸਿੰਘ
ਮਹਿਲ ਕਲਾਂ, 6 ਅਪਰੈਲ
ਕੇਂਦਰ ਸਰਕਾਰ ਵੱਲੋਂ ਪਿਛਲੇ ਦਿਨੀਂ ਮਨਰੇਗਾ ਮਜ਼ਦੂਰਾਂ ਦੀ ਦਿਹਾੜੀ ਵਿੱਚ ਕੀਤੇ ਨਿਗੂਣੇ ਵਾਧੇ ਨੂੰ ਰੱਦ ਕਰਦਿਆਂ ਮਨਰੇਗਾ ਮਜ਼ਦੂਰਾਂ ਵੱਲੋਂ ਖੱਬੇ-ਪੱਖੀ ਜਥੇਬੰਦੀਆਂ ਦੀ ਅਗਵਾਈ ਹੇਠ ਰੋਸ ਮਾਰਚ ਕਰਨ ਉਪਰੰਤ ਬੀਡੀਪੀਓ ਦਫ਼ਤਰ ਮਹਿਲ ਕਲਾਂ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਇਕੱਤਰ ਹੋਏ ਮਜ਼ਦੂਰਾਂ ਨੇ ਕੇਂਦਰ ਤੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਮਨਰੇਗਾ ਤਹਿਤ ਦਿਹਾੜੀ 700 ਰੁਪਏ ਪ੍ਰਤੀ ਦਿਨ ਕੀਤੀ ਜਾਵੇ।
ਇਸ ਮੌਕੇ ਸੰਬੋਧਨ ਕਰਦਿਆਂ ਮਨਰੇਗਾ ਰੁਜ਼ਗਾਰ ਪ੍ਰਾਪਤ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਗਰਾਜ ਸਿੰਘ ਰਾਮਾ, ਜ਼ਿਲ੍ਹਾ ਸਕੱਤਰ ਖੁਸੀਆ ਸਿੰਘ ਬਰਨਾਲਾ, ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਪ੍ਰਕਾਸ਼ ਸਿੰਘ ਸੱਦੋਵਾਲ, ਜ਼ਿਲ੍ਹਾ ਸਕੱਤਰ ਭੋਲਾ ਸਿੰਘ ਕਲਾਲ ਮਾਜਰਾ, ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਸਿੰਘ ਕੁੱਕੂ ਅਤੇ ਲਾਲ ਝੰਡਾ ਵਰਕਰਜ਼ ਮਨਰੇਗਾ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਪਰਮਜੀਤ ਕੌਰ ਗੁੰਮਟੀ ਨੇ ਕਿਹਾ ਕਿ ਮਸ਼ੀਨੀਕਰਨ ਦੇ ਮੌਜੂਦਾ ਦੌਰ ਵਿੱਚ ਮਨਰੇਗਾ ਮਜ਼ਦੂਰਾਂ ਦੇ ਰੁਜ਼ਗਾਰ ਦਾ ਇਕਮਾਤਰ ਸਹਾਰਾ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਮਨਰੇਗਾ ਤਹਿਤ ਪੂਰਾ ਸਾਲ ਕੰਮ ਦੇਣਾ ਯਕੀਨੀ ਬਣਾਇਆ ਜਾਵੇ। ਪਰ ਕੇਂਦਰ ਸਰਕਾਰ ਨੇ ਆਪਣੇ 10 ਸਾਲ ਦੇ ਕਾਰਜਕਾਲ ਦੌਰਾਨ ਮਨਰੇਗਾ ਦੀ ਦਿਹਾੜੀ ਵਿੱਚ ਮਹਿੰਗਾਈ ਦੇ ਹਿਸਾਬ ਨਾਲ ਵਾਧਾ ਕਰਨ ਦੀ ਬਜਾਇ ਪੰਜਾਬ ਵਿੱਚ 19 ਰੁਪਏ ਦਾ ਨਿਗੂਣਾ ਵਾਧਾ ਕਰ ਕੇ ਮਜ਼ਦੂਰਾਂ ਨਾਲ ਮਜ਼ਾਕ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੀ ਮਜਦੂਰਾਂ ਨੂੰ ਰੁਜ਼ਗਾਰ ਦੇਣ ਤੋਂ ਟਾਲਾ ਵੱਟ ਰਹੀ ਹੈ।
ਇਸ ਮੌਕੇ ਮਜ਼ਦੂਰ ਆਗੂਆਂ ਵੱਲੋਂ ਪੰਚਾਇਤ ਅਫ਼ਸਰ ਗੁਰਮੇਲ ਸਿੰਘ ਅਤੇ ਜੇਈ ਇੰਦਰਜੀਤ ਸਿੰਘ ਰਾਹੀਂ ਸਰਕਾਰ ਨੂੰ ਮੰਗ ਪੱਤਰ ਭੇਜਿਆ ਗਿਆ।

Advertisement

Advertisement
Author Image

sukhwinder singh

View all posts

Advertisement
Advertisement
×