ਪੰਜਾਬ ਦੇ ਨੌਜਵਾਨ ਨੌਕਰੀਆਂ ਮੰਗਣ ਦੀ ਥਾਂ ਦੇਣ ਦੇ ਸਮਰੱਥ ਬਣਨਗੇ: ਹਰਜੋਤ ਬੈਂਸ
ਪੱਤਰ ਪ੍ਰੇਰਕ
ਬਨੂੜ, 18 ਨਵੰਬਰ
ਪੰਜਾਬ ਦੇ ਉਚੇਰੀ, ਸਕੂਲ ਤੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਅੰਦਰ ਨਵੀਨਤਾ ਤੇ ਸਟਾਰਟਅੱਪ ਨੂੰ ਵੱਡਾ ਹੁਲਾਰਾ ਦਿੱਤਾ ਹੈ। ਉਹ ਇੱਥੇ ਚਿਤਕਾਰਾ ਯੂਨੀਵਰਸਿਟੀ ਵਿੱਚ ਕ੍ਰੀਏਟਿਵੈਲੋ ਇੰਡੀਆ, 1ਜੈੱਨ, ਯੂਥ ਫ਼ਾਰ ਪਲੈਨੈਟ ਵੱਲੋਂ ਚਿਤਕਾਰਾ ਯੂਨੀਵਰਸਿਟੀ ਦੇ ਸਹਿਯੋਗ ਨਾਲ ਕਰਵਾਏ ਗਏ ਕ੍ਰੀਏਟਿਵੈਲੋ ਇੰਡੀਆ-2023 (ਪਾਇਲਟ) ਫੈਸਟੀਵਲ ਦੇ ਜੇਤੂਆਂ ਦਾ ਸਨਮਾਨ ਕਰਨ ਮੌਕੇ ਸੰਬੋਧਨ ਕਰ ਰਹੇ ਸਨ।
ਗਰੈਂਡ ਫਿਨਾਲੇ ਦੇ ਜੇਤੂ ਵਿਦਿਆਰਥੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰ ਕੇ ਆਪਣੀਆਂ ਸਨਅਤਾਂ ਲਾਉਣ ਲਈ ਪ੍ਰੇਰਿਤ ਕਰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬਾ ਸਰਕਾਰ ਦੀਆਂ ਨੀਤੀਆਂ ਸਦਕਾ ਸੂਬੇ ਦੇ ਨੌਜਵਾਨ ਨੌਕਰੀਆਂ ਮੰਗਣ ਦੀ ਥਾਂ ਹੋਰਨਾਂ ਨੂੰ ਰੁਜ਼ਗਾਰ ਦੇਣ ਦੇ ਸਮਰੱਥ ਬਣਨਗੇ। ਉਨ੍ਹਾਂ ਕਿਹਾ ਕਿ ਨਵੀਨਤਾ ਅਤੇ ਸਟਾਰਟਅੱਪ ਨੂੰ ਉਤਸ਼ਾਹਤ ਕਰਨਾ ਪੰਜਾਬ ਸਰਕਾਰ ਦੀ ਪਹਿਲਕਦਮੀ ਹੈ ਤਾਂ ਜੋ ਸੂਬੇ ਦੇ ਨੌਜਵਾਨ ਵਿਦੇਸ਼ਾਂ ਵਿੱਚ ਜਾਣ ਦੀ ਥਾਂ ਆਪਣੇ ਸੂਬੇ ਵਿੱਚ ਰਹਿ ਕੇ ਦੂਜਿਆਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਸਮਰੱਥ ਬਣ ਸਕਣ। ਉਨ੍ਹਾਂ ਕਿਹਾ ਕਿ ਸਕੂਲਾਂ ਤੇ ਕਾਲਜਾਂ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਦੀ ਨਵੀਂ ਪਹਿਲਕਦਮੀ ਕੀਤੀ ਗਈ ਹੈ। ਸਿੱਖਿਆ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਿਵੇਕਲੀ ਬਿਜ਼ਨਸ ਬਲਾਸਟਰ ਸਕੀਮ ਤਹਿਤ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਕਿੱਤਾਮੁਖੀ ਸਿਖਲਾਈ ਦਿੰਦਿਆਂ 2000 ਰੁਪਏ ਦੀ ਮਦਦ ਦੇ ਕੇ ਉਨ੍ਹਾਂ ਵੱਲੋਂ ਬਣਾਈਆਂ ਵਸਤਾਂ ਨੂੰ ਪ੍ਰਦਰਸ਼ਿਤ ਕਰਨ ਦਾ ਮੌਕਾ ਦਿੱਤਾ ਜਾਂਦਾ ਹੈ। ਇਸ ਮੌਕੇ ਕੁਇਸਟ, ਆਰਆਈਐੱਮਟੀ, ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ, ਸੀਟੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਆਪਣੀਆਂ ਖੋਜਾਂ ’ਤੇ ਆਧਾਰਿਤ ਵੱਖ-ਵੱਖ ਟਿਕਾਊ ਊਰਜਾ ਨਾਲ ਚੱਲਣ ਵਾਲੇ ਵਾਹਨ ਪ੍ਰਦਰਸ਼ਿਤ ਕੀਤੇ। ਯੂਨੀਵਰਸਿਟੀ ਦੇ ਪ੍ਰੋ ਚਾਂਸਲਰ ਮਧੂ ਚਿਤਕਾਰਾ ਨੇ ਕੈਬਨਿਟ ਮੰਤਰੀ ਦਾ ਸਵਾਗਤ ਕਰਦਿਆਂ ਉਨ੍ਹਾਂ ਦਾ ਸਨਮਾਨ ਕੀਤਾ। 1ਜੈੱਨ ਦੇ ਸੀਈਓ ਪੌਲ ਸਿੰਘ ਨੇ ਦੱਸਿਆ ਕਿ ਜੇਤੂ ਟੀਮਾਂ ਦੁਬਈ ਵਿੱਚ ਸੰਯੁਕਤ ਰਾਸ਼ਟਰ ਵੱਲੋਂ ਸਾਲ ਦੇ ਅਖ਼ੀਰ ਵਿੱਚ ਹੋਣ ਵਾਲੀ ਕਾਨਫਰੰਸ ਆਫ਼ ਪਾਰਟੀਜ਼ 28 ਵਿੱਚ ਹਿੱਸਾ ਲੈਣਗੀਆਂ।