ਘਰ ਵਿੱਚੋਂ ਸੋਨੇ ਦੇ ਗਹਿਣੇ ਚੋਰੀ; ਦੋ ਗ੍ਰਿਫਤਾਰ
ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 3 ਅਪਰੈਲ
ਥਾਣਾ ਡੀ ਡਿਵੀਜ਼ਨ ਦੀ ਪੁਲੀਸ ਨੇ ਇੱਕ ਘਰ ਵਿੱਚੋਂ ਸੋਨੇ ਦੇ ਗਹਿਣੇ ਚੋਰੀ ਕਰਨ ਦੇ ਦੋਸ਼ ਹੇਠ ਪਠਾਨਕੋਟ ਵਾਸੀ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਵਿੱਚ ਇੱਕ ਔਰਤ ਵੀ ਸ਼ਾਮਿਲ ਹੈ। ਇਸ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਸ਼ਨਾਖਤ ਅਨੂਪ ਕੁਮਾਰ ਅਤੇ ਚਾਹਤ ਪਤਨੀ ਸਾਹਿਲ ਦੋਵੇਂ ਵਾਸੀ ਪਠਾਨਕੋਟ ਵਜੋਂ ਹੋਈ ਹੈ। ਇਨ੍ਹਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 454,380,34 ਅਤੇ 411 ਹੇਠ ਕੇਸ ਦਰਜ ਕੀਤਾ ਗਿਆ।
ਪੁਲੀਸ ਨੇ ਇਨ੍ਹਾਂ ਕੋਲੋਂ ਲਗਭਗ 256 ਗ੍ਰਾਮ ਸੋਨੇ ਦੇ ਗਹਿਣੇ ਬਰਾਮਦ ਕੀਤੇ ਹਨ ਜਿਨ੍ਹਾਂ ਵਿੱਚ ਸੋਨੇ ਦੀਆਂ ਮੁੰਦਰੀਆਂ , ਸੋਨੇ ਦੀਆਂ ਚੇਨਾਂ, ਮੰਗਲਸੂਤਰ ਅਤੇ ਹੋਰ ਸ਼ਾਮਿਲ ਹਨ। ਇਸ ਸਬੰਧੀ ਪੂਜਾ ਦੇਵੀ ਵਾਸੀ ਗਲੀ ਕੂਚਾ ਖਾਨ ਸਿੰਘ, ਸ਼ਕਤੀ ਨਗਰ ਅੰਮ੍ਰਿਤਸਰ ਵੱਲੋਂ ਪੁਲੀਸ ਕੋਲ ਸ਼ਿਕਾਇਤ ਦਰਜ ਕਰਾਈ ਗਈ ਸੀ ਜਿਸ ਵਿੱਚ ਉਸ ਨੇ ਦੋਸ਼ ਲਾਇਆ ਸੀ ਕਿ ਉਸ ਦੀ ਅਲਮਾਰੀ ਦੇ ਲਾਕਰ ਵਿੱਚੋਂ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ ਹੋ ਗਏ ਹਨ।
ਏਸੀਪੀ ਸੁਰਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਕੇਸ ਦਰਜ ਕਰਨ ਮਗਰੋਂ ਵੱਖ-ਵੱਖ ਦ੍ਰਿਸ਼ਟੀਕੋਣ ਤੋਂ ਜਾਂਚ ਸ਼ੁਰੂ ਕੀਤੀ ਸੀ। ਜਾਂਚ ਦੌਰਾਨ ਪੁਲੀਸ ਨੇ ਇਨ੍ਹਾਂ ਦੋਵਾਂ ਨੂੰ ਗ੍ਰਿਫਤਾਰ ਕੀਤਾ ਅਤੇ ਇਨ੍ਹਾਂ ਕੋਲੋਂ ਚੋਰੀ ਕੀਤੇ ਹੋਏ ਸੋਨੇ ਦੇ ਜੇਵਰਾਤ ਬਰਾਮਦ ਕੀਤੇ ਹਨ।
ਉਨ੍ਹਾਂ ਦੱਸਿਆ ਕਿ ਪੁਲੀਸ ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਪੁੱਛ-ਗਿੱਛ ਲਈ ਰਿਮਾਂਡ ਹਾਸਲ ਕਰੇਗੀ ਤਾਂ ਜੋ ਚੋਰੀ ਦੀ ਇਸ ਘਟਨਾ ਬਾਰੇ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ।