ਗਣਤੰਤਰ ਦਿਵਸ ਮੌਕੇ ਅਮਨ ਅਰੋੜਾ ਦੇ ਕੌਮੀ ਝੰਡਾ ਲਹਿਰਾਉਣ ’ਤੇ ਲੱਗ ਸਕਦੀ ਹੈ ਰੋਕ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 15 ਜਨਵਰੀ
ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਮਾਮਲੇ ’ਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਹਾਈ ਕੋਰਟ ਦੇ ਕਾਰਜਕਾਰੀ ਚੀਫ ਜਸਟਿਸ ਨੇ ਜਨਤਕ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਇਹ ਨੋਟਿਸ ਜਾਰੀ ਕੀਤਾ ਅਤੇ ਮਾਮਲੇ ਦੀ ਅਗਲੀ ਸੁਣਵਾਈ 22 ਜਨਵਰੀ ਨੂੰ ਤੈਅ ਕੀਤੀ। ਅਦਾਲਤ ਨੇ ਕਿਹਾ ਕਿ ਜੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਉਪਰਲੀ ਅਦਾਲਤ ’ਚ ਸਜ਼ਾ ਬਰਕਰਾਰ ਰਹਿੰਦੀ ਹੈ ਤਾਂ ਉਹ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾ ਨਹੀਂ ਸਕਣਗੇ।
ਹਾਈ ਕੋਰਟ ’ਚ ਪਟੀਸ਼ਨ ਦਾਇਰ ਹੋਈ ਸੀ ਕਿ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸੁਨਾਮ ਦੀ ਅਦਾਲਤ ਵੱਲੋਂ ਇੱਕ ਪਰਿਵਾਰਕ ਮਾਮਲੇ ਵਿਚ ਦੋ ਸਾਲ ਦੀ ਸਜ਼ਾ ਸੁਣਾਈ ਗਈ ਹੈ ਜਿਸ ਕਰ ਕੇ ਅਮਨ ਅਰੋੜਾ ਦੀ ਮੈਂਬਰਸ਼ਿਪ ਰੱਦ ਕੀਤੀ ਜਾਵੇ ਅਤੇ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਇਜਾਜ਼ਤ ਨਾ ਦਿੱਤੀ ਜਾਵੇ। ਇਸੇ ਦੌਰਾਨ ਪੰਜਾਬ ਸਰਕਾਰ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਅੰਮ੍ਰਿਤਸਰ ਵਿੱਚ ਕੌਮੀ ਝੰਡਾ ਲਹਿਰਾਏ ਜਾਣ ਬਾਰੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ।
ਸਜ਼ਾ ਮਾਮਲੇ ’ਤੇ ਸੁਣਵਾਈ 19 ਤੱਕ ਮੁਲਤਵੀ
ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਦੀ ਇੱਕ ਅਦਾਲਤ ਦੇ ਫ਼ੈਸਲੇ ਨੂੰ ਚੁਣੌਤੀ ਦਿੰਦਿਆਂ ਦਾਇਰ ਕੀਤੀ ਗਈ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਜ਼ਿਲ੍ਹਾ ਤੇ ਸੈਸ਼ਨ ਜੱਜ ਆਰ.ਐੱਸ.ਰਾਏ ਦੀ ਅਦਾਲਤ ਨੇ ਕੇਸ ਦੀ ਸੁਣਵਾਈ 19 ਜਨਵਰੀ ’ਤੇ ਪਾ ਦਿੱਤੀ ਹੈ। ਅੱਜ ਸੁਣਵਾਈ ਦੌਰਾਨ ਅਮਨ ਅਰੋੜਾ ਵੱਲੋਂ ਐਡਵੋਕੇਟ ਯੋਗੇਸ਼ ਗੁਪਤਾ ਅਤੇ ਵਿਰੋਧੀ ਧਿਰ ਵੱਲੋਂ ਐਡਵੋਕੇਟ ਗਗਨਦੀਪ ਸਿੰਘ ਸਬਿੀਆ ਪੇਸ਼ ਹੋਏੇ।