ਰੇਰਾ ਦੇ ਚੇਅਰਮੈਨ ਦੇ ਅਸਤੀਫ਼ੇ ਸਬੰਧੀ ਸੀਬੀਆਈ ਜਾਂਚ ਹੋਵੇ: ਮਜੀਠੀਆ
ਚੰਡੀਗੜ੍ਹ (ਟਨਸ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਪੰਜਾਬ ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀ (ਰੇਰਾ) ਦੇ ਚੇਅਰਮੈਨ ਸਤਿਆ ਗੋਪਾਲ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦੇ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਹਾਇਕ ਤੋਂ ਕੀਤੀ ਗਈ ਪੁੱਛ-ਪੜਤਾਲ ਮਗਰੋਂ ਉਸ ਨੂੰ ਅਸਤੀਫਾ ਦੇਣ ਲਈ ਮਜਬੂਰ ਕੀਤਾ ਗਿਆ ਹੈ। ਮਜੀਠੀਆ ਨੇ ਕਿਹਾ ਕਿ ਦਿੱਲੀ ਦਾ ਸਾਬਕਾ ਅਫਸਰਸ਼ਾਹ ਸਤਿਆ ਗੋਪਾਲ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਚਹੇਤਾ ਸੀ। ਉਨ੍ਹਾਂ ਸਤਿਆ ਗੋਪਾਲ ’ਤੇ ਕੇਜਰੀਵਾਲ ਲਈ ਮਨੀ ਕਲੈਕਸ਼ਨ ਏਜੰਟ ਵਜੋਂ ਕੰਮ ਕਰਨ ਦੇ ਦੋਸ਼ ਵੀ ਲਗਾਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕੋਲੋਨਾਈਨਜ਼ਰਾਂ ਅਤੇ ਬਿਲਡਰਾਂ ਨੇ ਇਸ ਦੀ ਸ਼ਿਕਾਇਤ ਵੀ ਕੀਤੀ ਹੈ। ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕੀਤਾ ਕਿ ਉਹ ਦੱਸਣ ਕਿ ਸਤਿਆ ਗੋਪਾਲ ਦੀ ਯੋਗਤਾ ਕੀ ਹੈ, ਜੋ ਉਸ ਨੂੰ ਪੰਜਾਬ ਦੇ ਕਿਸੇ ਵੀ ਹੋਰ ਯੋਗ ਉਮੀਦਵਾਰਾਂ ਦੇ ਮੁਕਾਬਲੇ ਰੇਰਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ।