ਸਵਾਤੀ ਮਾਲੀਵਾਲ ਮਾਮਲੇ ਦੀ ਉੱਚ ਪੱਧਰੀ ਜਾਂਚ ਹੋਵੇ: ਗਰੇਵਾਲ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 18 ਮਈ
ਸ਼੍ਰੋਮਣੀ ਅਕਾਲੀ ਦਲ ਨੇ ਮੰਗ ਕੀਤੀ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਦੀ ਕੁੱਟਮਾਰ ਅਤੇ ਕਥਿਤ ਤੌਰ ’ਤੇ ਲਗਾਏ ਛੇੜਛਾੜ ਦੇ ਦੋਸ਼ਾਂ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਮੁੱਖ ਮੰਤਰੀ ਦੇ ਸਹਿਯੋਗੀ ਵਿਭਵ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ। ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਦੇ ਪੀਏ ਵੱਲੋਂ ਇਹ ਬਹੁਤ ਹੀ ਘਿਣਾਉਣਾ ਕਾਰਾ ਹੈ, ਜਿਸਦਾ ਲੋਕ ਜਵਾਬ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਸਾਰੀ ਸਚਾਈ ਜਾਨਣਾ ਚਾਹੁੰਦੇ ਹਨ ਅਤੇ ਇਸਦੀ ਉੱਚ ਪੱਧਰੀ ਜਾਂਚ ਹੀ ਲੋਕਾਂ ਨੂੰ ਸੰਤੁਸ਼ਟ ਕਰ ਸਕਦੀ ਹੈ। ਸ੍ਰੀ ਗਰੇਵਾਲ ਨੇ ਭਾਜਪਾ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਵੱਲੋਂ ਜਾਰੀ ਕੀਤੇ ਚੋਣ ਮਨੋਰਥ ਪੱਤਰ ਨੂੰ ਹਾਸੋਹੀਣਾ ਦੱਸਦਿਆਂ ਕਿਹਾ ਹੈ ਕਿ ਦੋਹਾਂ ਉਮੀਦਵਾਰਾਂ ਨੇ ਆਪੋ ਆਪਣੇ ਮਨੋਰਥ ਪੱਤਰਾਂ ਵਿੱਚ ਪੰਜਾਬ ਦੇ ਚਿਰਾਂ ਤੋਂ ਲਟਕਦੇ ਮਸਲਿਆਂ ਬਾਰੇ ਕੋਈ ਗੱਲ ਨਹੀਂ ਕੀਤੀ, ਜਿਸ ਵਿੱਚ ਮਹਿੰਗਾਈ, ਗਰੀਬੀ, ਬੇਰੁਜ਼ਗਾਰੀ ਤੋਂ ਇਲਾਵਾ ਪੰਜਾਬ ਦੇ ਪਾਣੀਆਂ, ਚੰਡੀਗੜ੍ਹ ਪੰਜਾਬ ਨੂੰ ਦੇਣ, ਬੰਦੀ ਸਿੰਘਾਂ ਦੀ ਰਿਹਾਈ ਅਤੇ ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਾਉਣਾ ਸ਼ਾਮਲ ਹੈ।