ਤਿਵਾੜੀ ਨੂੰ ਟਿਕਟ ਦਿੱਤੇ ਜਾਣ ਮਗਰੋਂ ਚੰਡੀਗੜ੍ਹ ਕਾਂਗਰਸ ’ਚ ਪਈ ਫੁੱਟ
ਆਤਿਸ਼ ਗੁਪਤਾ
ਚੰਡੀਗੜ੍ਹ, 15 ਅਪਰੈਲ
ਕਾਂਗਰਸ ਵੱਲੋਂ ਚੰਡੀਗੜ੍ਹ ਤੋਂ ਮਨੀਸ਼ ਤਿਵਾੜੀ ਨੂੰ ਟਿਕਟ ਦਿੱਤੇ ਜਾਣ ਮਗਰੋਂ ਪਾਰਟੀ ਦੀ ਸਥਾਨਕ ਇਕਾਈ ਵਿੱਚ ਫੁੱਟ ਪੈ ਗਈ ਹੈ। ਤਿਵਾੜੀ ਨੂੰ ਚੋਣ ਮੈਦਾਨ ਵਿੱਚ ਉਤਾਰੇ ਜਾਣ ’ਤੇ ਚਾਰ ਵਾਰ ਸੰਸਦ ਮੈਂਬਰ ਤੇ ਦੋ ਵਾਰ ਕੇਂਦਰੀ ਮੰਤਰੀ ਰਹੇ ਪਵਨ ਕੁਮਾਰ ਬਾਂਸਲ ਵੀ ਨਾਰਾਜ਼ ਦਿਖਾਈ ਦੇ ਰਹੇ ਹਨ। ਇਸੇ ਦੇ ਚਲਦਿਆਂ ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ ਦੀਪਾ ਦੂਬੇ ਅਤੇ ਹਾਫਿਜ਼ ਅਨਵਰ ਉਲ ਹੱਕ ਸਣੇ ਤਿੰਨ ਦਰਜਨ ਦੇ ਕਰੀਬ ਕਾਂਗਰਸੀ ਵਰਕਰਾਂ ਨੇ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਚੰਡੀਗੜ੍ਹ ਤੋਂ ਉਮੀਦਵਾਰ ਐਲਾਨੇ ਜਾਣ ਮਗਰੋਂ ਮਨੀਸ਼ ਤਿਵਾੜੀ ਅੱਜ ਪਹਿਲੀ ਵਾਰ ਚੰਡੀਗੜ੍ਹ ਦੇ ਸੈਕਟਰ-35 ਸਥਿਤ ਕਾਂਗਰਸ ਦਫ਼ਤਰ ਪਹੁੰਚੇ। ਇੱਥੇ ਰੱਖੇ ਗਏ ਸਮਾਗਮ ਵਿੱਚ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ, ਸਾਬਕਾ ਪ੍ਰਧਾਨ ਸੁਭਾਸ਼ ਚਾਵਲਾ ਅਤੇ ਰਾਜਿੰਦਰ ਸਿੰਘ ਬਡਹੇੜੀ ਸਣੇ ਵੱਡੀ ਗਿਣਤੀ ਆਗੂਆਂ ਨੇ ਸ਼ਮੂਲੀਅਤ ਕੀਤੀ ਪਰ ਪਵਨ ਕੁਮਾਰ ਬਾਂਸਲ ਗੈਰਹਾਜ਼ਰ ਰਹੇ। ਉਨ੍ਹਾਂ ਦੀ ਗੈਰਹਾਜ਼ਰੀ ’ਤੇ ਸਾਰਿਆਂ ਵੱਲੋਂ ਸਵਾਲ ਚੁੱਕੇ ਜਾ ਰਹੇ ਸਨ। ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ ਦੀਪਾ ਦੂਬੇ ਨੇ ਕਿਹਾ ਕਿ ਕਾਂਗਰਸ ਵੱਲੋਂ ਪਵਨ ਕੁਮਾਰ ਬਾਂਸਲ ਨੂੰ ਅਣਗੌਲਿਆਂ ਕਰਨਾ ਗਲਤ ਹੈ। ਇਸ ਮੌਕੇ ਕਾਂਗਰਸੀ ਵਰਕਰਾਂ ਨੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਲੱਕੀ ਵੱਲੋਂ ਵਰਕਰਾਂ ਨਾਲ ਪੱਖਪਾਤ ਕੀਤਾ ਜਾਂਦਾ ਹੈ। ਇਸ ਦੌਰਾਨ ਪਾਰਟੀ ਤੋਂ ਨਾਰਾਜ਼ ਕਾਂਗਰਸੀ ਵਰਕਰਾਂ ਨੇ ਲੱਕੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਚੰਡੀਗੜ੍ਹ ਕਾਂਗਰਸ ਦਾ ਪ੍ਰਧਾਨ ਬਦਲਣ ਦੀ ਮੰਗ ਕੀਤੀ।
ਪਾਰਟੀ ਤੋਂ ਨਾਰਾਜ਼ ਵਰਕਰਾਂ ਨੂੰ ਮਨਾ ਲਿਆ ਜਾਵੇਗਾ: ਮਨੀਸ਼ ਤਿਵਾੜੀ
ਚੰਡੀਗੜ੍ਹ ਤੋਂ ਕਾਂਗਰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਨੇ ਕਿਹਾ ਕਿ ਨਾਰਾਜ਼ ਵਰਕਰਾਂ ਨੂੰ ਜਲਦੀ ਹੀ ਮਨਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਭਾਜਪਾ ਵੱਲੋਂ ਲੋਕਤੰਤਰ ਦੀ ਹੱਤਿਆ ਕੀਤੀ ਜਾ ਰਹੀ ਹੈ। ‘ਇੰਡੀਆ’ ਗੱਠਜੋੜ ਦੇਸ਼ ਦਾ ਲੋਕਤੰਤਰ ਬਚਾਉਣ ਲਈ ਲੜ ਰਿਹਾ ਹੈ। ਉਨ੍ਹਾਂ ਚੰਡੀਗੜ੍ਹ ਦੇ ਲੋਕਾਂ ਨੂੰ ਲੋਕਤੰਤਰ ਵਿਰੁੱਧ ਇਸ ਲੜਾਈ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਮੇਅਰ ਦੀ ਚੋਣ ਵਿੱਚ ਭਾਜਪਾ ਨੇ ਧੱਕੇ ਨਾਲ ਆਪਣਾ ਮੇਅਰ ਬਣਾਉਣ ਦੀ ਕੋਸ਼ਿਸ਼ ਕੀਤੀ ਪਰ ਅਦਾਲਤ ਨੇ ਭਾਜਪਾ ਨੂੰ ਗਲਤ ਠਹਿਰਾਇਆ। ਇਸੇ ਕਰਕੇ ਚੰਡੀਗੜ੍ਹ ਵਿੱਚ ‘ਇੰਡੀਆ’ ਗੱਠਜੋੜ ਦਾ ਮੇਅਰ ਬਣਿਆ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਾਸੀ ਲੋਕ ਸਭਾ ਚੋਣਾਂ ’ਚ ਵੀ ਭਾਜਪਾ ਦਾ ਸਫਾਇਆ ਕਰਨਗੇ।
ਕਾਂਗਰਸ ਪਾਰਟੀ ਨਾਲ ਹਰ ਸਮੇਂ ਖੜ੍ਹਾ ਹਾਂ: ਪਵਨ ਕੁਮਾਰ ਬਾਂਸਲ
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੇ ਵਰਕਰ ਹਨ ਅਤੇ ਉਹ ਕਾਂਗਰਸ ਪਾਰਟੀ ਦੇ ਨਾਲ ਹਰ ਸਮੇਂ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਦਾ ਫੈਸਲਾ ਉਨ੍ਹਾਂ ਨੂੰ ਮਨਜ਼ੂਰ ਹੈ ਤੇ ਉਹ ਭਵਿੱਖ ਵਿੱਚ ਵੀ ਕਾਂਗਰਸ ਵਧ ਚੜ੍ਹ ਕੇ ਕੰਮ ਕਰਦੇ ਰਹਿਣਗੇ। ਸ੍ਰੀ ਬਾਂਸਲ ਨੇ ਕਿਹਾ ਕਿ ਕਿਸੇ ਦੇ ਅਸਤੀਫ਼ਾ ਦੇਣ ਬਾਰੇ ਕੋਈ ਜਾਣਕਾਰੀ ਨਹੀਂ ਹੈ, ਉਹ ਅਸਤੀਫ਼ਾ ਦੇਣ ਵਾਲੇ ਵਰਕਰਾਂ ਨਾਲ ਵੀ ਗੱਲਬਾਤ ਕਰਨਗੇ।