ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਨਹੀਂ ਆਵੇਗੀ ਕੋਈ ਕਮੀ: ਬਲਕਾਰ ਸਿੰਘ
ਗੁਰਨੇਕ ਸਿੰਘ ਵਿਰਦੀ
ਕਰਤਾਰਪੁਰ, 25 ਅਗਸਤ
ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਕਮੀ ਨਹੀਂ ਆਵੇਗੀ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪਿੰਡਾਂ ਦੇ ਵਿਕਾਸ ਲਈ ਲੋੜੀਂਦੀਆਂ ਗਰਾਂਟਾਂ ਜਾਰੀ ਕੀਤੀਆਂ ਜਾਣਗੀਆਂ। ਇਹ ਗੱਲ ਉਨ੍ਹਾਂ ਪਿੰਡ ਲਲੀਆਂ ਕਲਾਂ ਵਿੱਚ ਸਟੇਡੀਅਮ ਨੂੰ ਜਾਂਦੇ ਰਸਤੇ ਨੂੰ ਪੱਕਾ ਕਰਨ ਦੇ ਕੰਮ ਦੀ ਸ਼ੁਰੂਆਤ ਕਰਦਿਆਂ ਕਹੀ। ਮੰਤਰੀ ਨੇ ਕਿਹਾ ਕਿ ਪਿੰਡਾਂ ਵਿੱਚ ਕੰਕਰੀਟ ਦੀਆਂ ਗਲੀਆਂ, ਸੀਵਰੇਜ ਸਿਸਟਮ, ਕਮਿਊਨਿਟੀ ਹਾਲ ਦੀ ਉਸਾਰੀ, ਇੰਟਰਲੌਕਿੰਗ ਟਾਈਲਾਂ, ਰੇਨ ਵਾਟਰ ਹਾਰਵੈਸਟਿੰਗ ਸਿਸਟਮ ਅਤੇ ਛੱਪੜਾਂ ਦੇ ਨਵੀਨੀਕਰਨ ਦੇ ਕੰਮ ਕਰਵਾਏ ਜਾਣਗੇ। ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਸੂਬੇ ਦੇ ਪਿੰਡਾਂ ਨੂੰ ਸ਼ਹਿਰਾਂ ਦੀ ਤਰਜ਼ ’ਤੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਕਰੋੜਾਂ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਕੰਮਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਹਰ ਬੁਨਿਆਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ।