ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ ’ਤੇ ਦੇਸ਼ਧ੍ਰੋਹ ਦੀ ਧਾਰਾ ਲੱਗੇ: ਅਠਾਵਲੇ
* ਕੇਂਦਰੀ ਮੰਤਰੀ ਨੇ ਅੰਮ੍ਰਿਤਸਰ ਪਹੁੰਚ ਕੇ ਸੰਵਿਧਾਨ ਨਿਰਮਾਤਾ ਨੂੰ ਦਿੱਤੀ ਸ਼ਰਧਾਂਜਲੀ
* ਪੁਲੀਸ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਨੂੰ ਜਾਰੀ ਕੀਤੇ ਨਿਰਦੇਸ਼
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 29 ਜਨਵਰੀ
ਕੇਂਦਰੀ ਸਮਾਜਿਕ ਨਿਆਂ ਅਤੇ ਸ਼ਕਤੀਕਰਨ ਰਾਜ ਮੰਤਰੀ ਰਾਮਦਾਸ ਅਠਾਵਲੇ ਨੇ ਸੰਵਿਧਾਨ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਲਈ ਅੰਮ੍ਰਿਤਸਰ ਨਗਰ ਨਿਗਮ ਅਤੇ ਪੁਲੀਸ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਬੁੱਤ ਦੀ ਭੰਨ-ਤੋੜ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਵਿਅਕਤੀ ਖ਼ਿਲਾਫ਼ ਦੇਸ਼ਧ੍ਰੋਹ ਦੀ ਧਾਰਾ ਲਾਉਣ ਦੀ ਮੰਗ ਕੀਤੀ। ਕੇਂਦਰੀ ਮੰਤਰੀ ਨੇ ਭਗਵੰਤ ਮਾਨ ਸਰਕਾਰ ਨੂੰ ਲੰਮੇ ਹੱਥੀਂ ਲੈਂਦਿਆਂ ਕਿਹਾ ਕਿ ਉਹ ਸੂਬੇ ਵਿਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰਖਣ ਵਿਚ ਅਸਫ਼ਲ ਰਹੇ ਹਨ। ਇਥੇ ਹਾਲਾਤ ਦਾ ਜਾਇਜ਼ਾ ਲੈਣ ਲਈ ਪੁੱਜੇ ਰਾਮਦਾਸ ਅਠਾਵਲੇ ਨੇ ਅੱਜ ਹੈਰੀਟੇਜ ਸਟਰੀਟ ’ਚ ਡਾਕਟਰ ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਕਿਹਾ ਕਿ ਸੰਵਿਧਾਨ ਨਿਰਮਾਤਾ ਦੇ ਬੁੱਤ ਦੀ ਬੇਅਦਬੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮਗਰੋਂ ਕੇਂਦਰੀ ਮੰਤਰੀ ਨੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਸਮੇਤ ਜ਼ਿਲ੍ਹੇ ਦੇ ਹੋਰ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਮਾਮਲੇ ਵਿੱਚ ਸਖ਼ਤ ਕਾਰਵਾਈ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਮਿਲਿਆ ਹੈ ਕਿ ਭਵਿੱਖ ਵਿੱਚ ਅਜਿਹੀ ਘਟਨਾ ਨਾ ਵਾਪਰਨ ਦੇਣ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਮੀਡੀਆ ਨਾਲ ਗੱਲਬਾਤ ਕਰਦਿਆਂ ਰਾਮਦਾਸ ਅਠਾਵਲੇ ਨੇ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਦੇ ਵਿਚਾਰ ਇੰਨੇ ਮਜ਼ਬੂਤ ਹਨ ਕਿ ਉਨ੍ਹਾਂ ਨੂੰ ਕਦੇ ਵੀ ਨਹੀਂ ਮਿਟਾਇਆ ਜਾ ਸਕਦਾ ਹੈ। ਕੇਂਦਰੀ ਰਾਜ ਮੰਤਰੀ ਨੇ ਦੱਸਿਆ, ‘‘ਗ੍ਰਿਫ਼ਤਾਰ ਕੀਤਾ ਗਿਆ ਨੌਜਵਾਨ ਆਖ ਰਿਹਾ ਹੈ ਕਿ ਉਹ ਸੰਵਿਧਾਨ ਨੂੰ ਨਹੀਂ ਮੰਨਦਾ ਹੈ। ਜੇ ਕੋਈ ਦੇਸ਼ ਦੇ ਸੰਵਿਧਾਨ ਨੂੰ ਨਹੀਂ ਮੰਨਦਾ ਹੈ ਤਾਂ ਉਸ ਨੂੰ ਦੇਸ਼ ਵਿੱਚ ਰਹਿਣ ਦਾ ਕੋਈ ਹੱਕ ਨਹੀਂ ਹੈ।’’ ਉਨ੍ਹਾਂ ਕਿਹਾ ਕਿ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਨੌਜਵਾਨ ਖੁਦ ਦਲਿਤ ਹੈ ਅਤੇ ਉਸ ਨੇ ਦਲਿਤਾਂ ਦੇ ਮਸੀਹਾ ਡਾਕਟਰ ਅੰਬੇਡਕਰ ਦੇ ਬੁੱਤ ਨੂੰ ਤੋੜਨ ਦਾ ਯਤਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਇਸ ਮਾਮਲੇ ਵਿੱਚ ਇੱਕ ਹੋਰ ਵਿਅਕਤੀ ਕੋਲੋਂ ਵੀ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਕੇਂਦਰੀ ਰਾਜ ਮੰਤਰੀ ਨੇ ਆਖਿਆ ਕਿ ਡਾਕਟਰ ਅੰਬੇਡਕਰ ਦੇ ਬੁੱਤ ਕੋਲ ਨਗਰ ਨਿਗਮ ਵੱਲੋਂ 26 ਜਨਵਰੀ ਨੂੰ ਸਵੇਰ ਵੇਲੇ ਹੀ ਪੌੜੀ ਲਗਾ ਦਿੱਤੀ ਗਈ ਸੀ ਜਦਕਿ ਫੁੱਲਮਾਲਾ ਸ਼ਾਮ ਵੇਲੇ ਭੇਟ ਕੀਤੀ ਜਾਣੀ ਸੀ ਜੋ ਵੱਡੀ ਲਾਪਰਵਾਹੀ ਹੈ। ਉਨ੍ਹਾਂ ਕਿਹਾ ਕਿ ਇੱਥੇ ਪੁਲੀਸ ਤਾਇਨਾਤ ਹੋਣੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਨੂੰ ਅਜਿਹੀ ਗੰਭੀਰ ਘਟਨਾ ਵੱਲ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਭਵਿੱਖ ’ਚ ਇਹ ਦੁਬਾਰਾ ਨਾ ਵਾਪਰੇ। ਉਨ੍ਹਾਂ ਕਿਹਾ ਕਿ ਦੂਜੇ ਸੂਬਿਆਂ ਦੇ ਮੁਕਾਬਲੇ ਪੰਜਾਬ ਵਿੱਚ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਣ ਵਾਲੇ ਭਾਈਚਾਰੇ ਦੀ ਗਿਣਤੀ ਵੱਧ ਹੈ, ਇਸ ਲਈ ਸੂਬੇ ਵਿੱਚ ਅਜਿਹੀ ਘਟਨਾ ਦਾ ਵਾਪਰਨਾ ਕਾਫੀ ਦੁਖਦਾਈ ਹੈ।