ਪਰਾਲੀ ਨਾ ਸਾੜਨ ਵਾਲਿਆਂ ਦਾ ‘ਵਾਤਾਵਰਨ ਦੇ ਰਾਖੇ’ ਖ਼ਿਤਾਬ ਨਾਲ ਸਨਮਾਨ
ਨਿੱਜੀ ਪੱਤਰ ਪ੍ਰੇਰਕ
ਰਾਏਕੋਟ, 5 ਅਕਤੂਬਰ
ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਪੁਲੀਸ ਦੇ ਮੁਖੀ ਨਵਨੀਤ ਸਿੰਘ ਬੈਂਸ ਨੇ ਪਿੰਡ ਜਲਾਲਦੀਵਾਲ ਵਿੱਚ ਇੱਕ ਸਮਾਗਮ ਦੌਰਾਨ ਲੋਹਟਬੱਦੀ, ਕਲਸੀਆਂ, ਜੌਹਲਾਂ, ਰਛੀਨ, ਜਲਾਲਦੀਵਾਲ, ਤਲਵੰਡੀ ਰਾਏ, ਧੂਰਕੋਟ, ਬੱਸੀਆਂ, ਝੋਰੜਾਂ ਸਮੇਤ ਹੋਰ ਪਿੰਡਾਂ ਦੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਲਈ ਪ੍ਰੇਰਿਆ ਅਤੇ ਦੱਸਿਆ ਕਿ ਝੋਨੇ ਦੀ ਪਰਾਲੀ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਲਈ ਲਾਹੇਵੰਦ ਹੈ।
ਸਮਾਗਮ ਦੌਰਾਨ ਜੋਰਵਾਲ ਅਤੇ ਬੈਂਸ ਨੇ ਪਿਛਲੇ ਸਾਲ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ‘ਵਾਤਾਵਰਨ ਦੇ ਰਾਖੇ’ ਖ਼ਿਤਾਬ ਨਾਲ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਬੇਲਰ, ਰੈਕ, ਸੁਪਰ ਸੀਡਰ, ਸਮਾਰਟ ਸੀਡਰ, ਜ਼ੀਰੋ ਡਰਿੱਲ ਅਤੇ ਟਰੈਕਟਰਾਂ ਦੀ ਵਰਤੋਂ ਕਰ ਕੇ ਪਰਾਲੀ ਨੂੰ ਖੇਤਾਂ ਵਿੱਚ ਰਲਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਖੇਤਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਉਪਰ ਨੇੜਿਓਂ ਨਜ਼ਰ ਰੱਖ ਰਿਹਾ ਹੈ ਅਤੇ ਲੋੜ ਪੈਣ ’ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।