ਕਿਸਾਨਾਂ ਦੇ ਪੱਖ ’ਚ ਖੜ੍ਹਨ ਵਾਲੇ ਤਸ਼ੱਦਦ ਢਾਹੁਣ ਲੱਗੇ: ਕਾਲਾ ਢਿੱਲੋਂ
ਲਖਵੀਰ ਸਿੰਘ ਚੀਮਾ
ਮਹਿਲ ਕਲਾਂ, 20 ਮਾਰਚ
ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਕੱਲ੍ਹ ਕਿਸਾਨ ਆਗੂਆਂ ਨੂੰ ਧੋਖੇ ਨਾਲ ਗ੍ਰਿਫ਼ਤਾਰ ਕਰਨ ਅਤੇ ਸ਼ਾਂਤਮਈ ਕਿਸਾਨਾਂ ਦੇ ਮੋਰਚੇ ਚੁਕਵਾਉਣ ਦੀ ਕਾਰਵਾਈ ਨਿੰਦਣਯੋਗ ਹੈ ਅਤੇ ਕਿਸਾਨਾਂ ਨਾਲ ਕੀਤੀ ਗਈ ਧੱਕੇਸ਼ਾਹੀ ਦੇ ਮੁੱਦੇ ’ਤੇ ਸੂਬਾ ਸਰਕਾਰ ਨੂੰ ਵਿਧਾਨ ਸਭਾ ਵਿੱਚ ਘੇਰਿਆ ਜਾਵੇਗਾ। ਇਹ ਗੱਲਾਂ ਬਰਨਾਲਾ ਦੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਪਿੰਡ ਸਹਿਜੜਾ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਮਗਰੋਂ ਕਹੀਆਂ। ਉਨ੍ਹਾਂ ਕਿਹਾ ਕਿ ਆਪ ਸਰਕਾਰ ਕਿਸਾਨਾਂ ਦੇ ਹੱਕ ਵਿੱਚ ਖੜ੍ਹਨ ਦੀਆਂ ਗੱਲਾਂ ਕਰਦੀ ਸੀ ਪਰ ਕਿਸਾਨਾਂ ਉੱਪਰ ਸਿੱਧਾ ਹਮਲਾ ਕਰਨ ਨਾਲ ‘ਆਪ’ ਦਾ ਅਸਲੀ ਕਿਸਾਨ ਵਿਰੋਧੀ ਚਿਹਰਾ ਨੰਗਾ ਹੋਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਬੀਜੇਪੀ ਸਰਕਾਰ ਨਾਲ ਮਿਲ ਕੇ ਆਪ ਸਰਕਾਰ ਕਿਸਾਨਾਂ ਉਪਰ ਅੱਤਿਆਚਾਰ ਕਰ ਰਹੀ ਹੈ ਜਦਕਿ ਕਾਂਗਰਸ ਪਾਰਟੀ ਕਿਸਾਨਾਂ ਦੀ ਆਵਾਜ਼ ਵਿਧਾਨ ਸਭਾ ਅਤੇ ਪਾਰਲੀਮੈਂਟ ਵਿੱਚ ਉਠਾਏਗੀ। ਇਸ ਮੌਕੇ ਬਲਾਕ ਮਹਿਲ ਕਲਾਂ ਦੇ ਪ੍ਰਧਾਨ ਪਰਮਿੰਦਰ ਸਿੰਘ ਸੰਮੀ ਠੁੱਲ੍ਹੀਵਾਲ, ਪੀਪੀਸੀਸੀ ਮੈਂਬਰ ਐਡਵੋਕੇਟ ਬਲਦੇਵ ਸਿੰਘ ਪੇਧਨੀ, ਐਡਵੋਕੇਟ ਜਸਵੀਰ ਸਿੰਘ ਖੇੜੀ, ਅਮਰਜੀਤ ਸਿੰਘ ਮਹਿਲ ਕਲਾਂ ਤੋਂ ਇਲਾਵਾ ਹੋਰ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।